ਡੀਸੀ ਵੱਲੋਂ ਮਾਲ ਵਿਭਾਗ ਦੇ ਕੰਮ ਦੀ ਸਮੀਖਿਆ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 10 ਜੁਲਾਈ
ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਦਿਆਂ ਕਿਹਾ ਕਿ ਨਾਗਰਿਕਾਂ ਨੂੰ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਸੇਵਾਵਾਂ ਪ੍ਰਦਾਨ ਕਰਨ ਵਿੱਚ ਤੇਜ਼ੀ ਲਿਆਂਦੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐੱਸਡੀਐੱਮ ਮਾਲੇਰਕੋਟਲਾ ਗੁਰਮੀਤ ਕੁਮਾਰ ਬਾਂਸਲ, ਜ਼ਿਲ੍ਹਾ ਮਾਲ ਅਫ਼ਸਰ ਮਨਦੀਪ ਕੌਰ, ਡੀਡੀਪੀਓ ਰਿੰਪੀ ਗਰਗ, ਤਹਿਸੀਲਦਾਰ ਰੀਤੂ ਗੁਪਤਾ, ਨਾਇਬ ਤਹਿਸੀਲਦਾਰ ਚਰਨਜੀਤ ਕੌਰ ਤੇ ਨਾਇਬ ਤਹਿਸੀਲਦਾਰ ਅਮਰਗੜ੍ਹ ਲਵਦੀਪ ਸਿੰਘ ਤੋਂ ਇਲਾਵਾ ਦਫ਼ਤਰ ਦੀਆਂ ਵੱਖ-ਵੱਖ ਸ਼ਾਖਾਵਾਂ ਦੇ ਕਰਮਚਾਰੀ ਹਾਜ਼ਰ ਸਨ। ਉਨ੍ਹਾਂ ਸਮੂਹ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਤਹਿਸੀਲਾਂ ਵਿਚ ਕੰਮ ਕਰਵਾਉਣ ਆਉਂਦੇ ਲੋਕਾਂ ਦੀ ਸਹੂਲਤ ਅਤੇ ਉਨ੍ਹਾਂ ਦੇ ਕੀਮਤੀ ਸਮੇਂ ਦੀ ਬੱਚਤ ਕਰਨ ਲਈ ਅਤੇ ਵਿਭਾਗਾਂ ਵਿਚ ਬੇਲੋੜੀ ਖੱਜਲ ਖ਼ੁਆਰੀ ਨੂੰ ਮੁਕੰਮਲ ਤੌਰ ’ਤੇ ਬੰਦ ਕਰਨ ਲਈ ਅਧਿਕਾਰੀਆਂ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਲੋਕਾਂ ਦੀ ਸਹੂਲਤ ਲਈ ਮਾਲ ਵਿਭਾਗ ਨਾਲ ਸਬੰਧਤ ਸਮੁੱਚੀਆਂ ਸਹੂਲਤਾਂ ਘੱਟੋ-ਘੱਟ ਸਮੇਂ ਵਿੱਚ ਮੁਹੱਈਆ ਕਰਵਾਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਡੀਸੀ ਨੇ ਮਾਲ ਰਿਕਾਰਡ ਦੀ ਅਪਡੇਸ਼ਨ, ਰੈਵੀਨਿਊ ਕੋਰਟ ਮੈਨੇਜਮੈਂਟ ਸਿਸਟਮ, ਜਮ੍ਹਾਂਬੰਦੀਆਂ, ਮੁਸਾਵੀਆਂ ਦੀ ਡਿਜੀਟਲਾਈਜ਼ੇਸ਼ਨ ਆਦਿ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਲ ਵਿਭਾਗ ਨਾਲ ਸਬੰਧਤ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।