ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 3 ਮਾਰਚ
ਡਿਪਟੀ ਕਮਿਸ਼ਨਰ ਮਾਧਵੀ ਕਟਾਰੀਆਂ ਵੱਲੋਂ ਜ਼ਿਲ੍ਹੇ ਨਾਲ ਸਬੰਧਤ ਯੂਕਰੇਨ ਵਿੱਚ ਫਸੇ ਵਿਦਿਆਰਥੀ ਅਤੇ ਨਾਗਰਿਕਾਂ ਨਾਲ ਅਤੇ ਉਨ੍ਹਾਂ ਦੇ ਪਰਿਵਾਰ ਮੈਂਬਰਾਂ ਨਾਲ ਦਿਲਾਸਾ ਦੇਣ ਲਈ ਗੂਗਲਮੀਟ ’ਤੇ ਵੀਡਿਓ ਕਾਨਫਰੰਸ ਰਾਹੀਂ ਗੱਲਬਾਤ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੱਜ ਤੱਕ ਯੂਕਰੇਨ ਵਿੱਚ ਫਸੇ ਹੋਏ ਲੋਕਾਂ ਦੀ ਸੂਚੀ ਗ੍ਰਹਿ ਮੰਤਰਾਲੇ ਨੂੰ ਭੇਜੀ ਹੋਈ ਹੈ ਅਤੇ ਗ੍ਰਹਿ ਮੰਤਰਾਲੇ ਵੱਲੋਂ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਨੂੰ ਜਲਦ ਤੋਂ ਜਲਦ ਵਾਪਸ ਲਿਆਂਦਾ ਜਾ ਸਕੇ। ਇਸ ਤੋਂ ਇਲਾਵਾ ਯੂਕਰੇਨ ਵਿੱਚ ਫਸੇ ਨਾਗਰਿਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਦਿਲਾਸਾ ਦਿੰਦਿਆ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ।
ਡਿਪਟੀ ਕਮਿਸ਼ਨਰ ਮਾਧਵੀ ਕਟਾਰੀਆ ਨੇ ਗੂਗਲਮੀਟ ’ਤੇ ਕਿਹਾ ਕਿ ਅੰਬੈਸੀ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ।
ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਭਾਰਤੀ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਸੁੱਖੀ ਸਾਂਦੀ ਦੇਸ਼ ਵਾਪਸ ਲਿਆਉਣ ਲਈ ਉਪਰਾਲੇ ਕੀਤੇ ਗਏ ਹਨ ਜਿਸ ਸਦਕਾ ਵਿਦਿਆਰਥੀ ਅਤੇ ਨਾਗਰਿਕ ਵਾਪਸ ਦੇਸ ਆਉਣ ਲੱਗ ਪਏ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਜ਼ਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹਨ, ਉਹ ਉਨ੍ਹਾਂ ਦੀ ਸੂਚਨਾ ਦਫ਼ਤਰ ਦੇ ਕੰਮਕਾਜ ਵਾਲੇ ਸਮੇਂ ਦੌਰਾਨ 01675-252000 ਜਾਂ ਸਹਾਇਕ ਕਮਿਸ਼ਨਰ ਗੁਰਮੀਤ ਕੁਮਾਰ ਦੇ ਮੋਬਾਈਲ ਨੰਬਰ 98726-23593 ਉੱਤੇ ਮੁਹੱਈਆ ਕਰਵਾ ਸਕਦੇ ਹਨ।