ਨਿਜੀ ਪੱਤਰ ਪ੍ਰੇਰਕ
ਸੰਗਰੂਰ, 23 ਸਤੰਬਰ
ਡੀ.ਸੀ. ਦਫ਼ਤਰ ਇੰਪਲਾਈਜ਼ ਯੂਨੀਅਨ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਵਲੋਂ ਤਿੰਨ ਘੰਟੇ ਦਫ਼ਤਰੀ ਕੰਮਕਾਜ ਮੁਕੰਮਲ ਤੌਰ ’ਤੇ ਠੱਪ ਕਰਕੇ ਰੋਸ ਧਰਨਾ ਦਿੱਤਾ ਗਿਆ ਅਤੇ ਪੰਜਾਬ ਸਰਕਾਰ ਦੇ ਮੰਗਾਂ ਪ੍ਰਤੀ ਨਾਂਹ-ਪੱਖੀ ਰਵੱਈਏ ਦੀ ਸਖਤ ਨਿਖੇਧੀ ਕਰਦਿਆਂ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਡੀ.ਸੀ. ਦਫ਼ਤਰ ਦੇ ਮੁਲਾਜ਼ਮਾਂ ਵਲੋਂ 31 ਅਕਤੁੂਬਰ ਤੱਕ ਹਰ ਸ਼ੁੱਕਰਵਾਰ ਨੂੰ ਸਵੇਰੇ 11 ਤੋਂ 2 ਵਜੇ ਤੱਕ ਜ਼ਿਲ੍ਹਾ ਪੱਧਰੀ ਰੋਸ ਧਰਨਿਆਂ ਦਾ ਪ੍ਰੋਗਰਾਮ ਉਲੀਕਿਆ ਹੋਇਆ ਹੈ ਜਿਸ ਤਹਿਤ ਅੱਜ ਦੂਜੇ ਸ਼ੁੱਕਰਵਾਰ ਰੋਸ ਧਰਨਾ ਸੀ। ਡੀ.ਸੀ. ਦਫ਼ਤਰ ਇੰਪਲਾਈਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜੋਗਿੰਦਰਪਾਲ ਸਿੰਘ ਨੇ ਦੋਸ਼ ਲਾਇਆ ਕਿ ਸਰਕਾਰ ਵਲੋਂ ਡੀ.ਸੀ. ਦਫ਼ਤਰ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਹੀਂ ਲਿਆ ਜਾ ਰਿਹਾ ਹੈ ਜਿਸ ਕਾਰਨ ਹੀ ਰੋਸ ਵਜੋਂ ਸੰਘਰਸ਼ ਦੇ ਰਾਹ ਪੈਣ ਲਈ ਮਜ਼ਬੂਰ ਹੋਣਾ ਪਿਆ ਹੈ। ਉਨ੍ਹਾਂ ਮੰਗ ਕੀਤੀ ਕਿ ਸੁਪਰਡੈਂਟਾਂ ਦੀਆਂ ਤਰੱਕੀਆਂ ਕੀਤੀਆਂ ਜਾਣ, ਸੀਨੀਅਰ ਸਹਾਇਕ ਤੋਂ ਨਾਇਬ ਤਹਿਸੀਲਦਾਰ ਦਾ ਕੋਟਾ ਵਧਾਇਆ ਜਾਵੇ, ਸਿੱਧੀ ਭਰਤੀ ਦੀਆਂ ਅਸਾਮੀਆਂ ’ਤੇ ਲਗਾਈ ਰੋਕ ਹਟਾ ਕੇ ਤਰੱਕੀਆਂ ਕੀਤੀਆਂ ਜਾਣ, ਡੀ.ਸੀ. ਦਫ਼ਤਰ ਮੁਲਾਜ਼ਮਾਂ ਨੂੰ 5 ਫੀਸਦੀ ਪ੍ਰਸ਼ਾਸਕੀ ਭੱਤਾ ਦਿੱਤਾ ਜਾਵੇ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕੀਤੀਆਂ ਜਾਣ।