ਗੁਰਦੀਪ ਲਾਲੀ
ਸੰਗਰੂਰ, 6 ਅਕਤੂਬਰ
ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਦੀ ਅਗਵਾਈ ਹੇਠ ਵੱਖ ਵੱਖ ਜਨਤਕ ਜਮਹੂਰੀ ਜੱਥੇਬੰਦੀਆਂ ਦੀ ਮੀਟਿੰਗ ਹੋਈ, ਜਿਸ ਵਿੱਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ’ਤੇ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਦੇਸ਼ ਭਰ ’ਚ ਆਰਐੱਸਐੱਸ ਖ਼ਿਲਾਫ਼ ਉਠ ਰਹੀ ਹਰ ਆਵਾਜ਼ ਨੂੰ ਸਖਤੀ ਨਾਲ ਦਬਾਇਆ ਜਾ ਰਿਹਾ ਹੈ ਜਿਸਦੀ ਤਾਜ਼ਾ ਉਦਾਹਰਨ ਬੀਤੇ ਕੱਲ੍ਹ ਇਥੇ ਆਰਐੱਸਐੱਸ ਦਫ਼ਤਰ ਅੱਗੇ ਪ੍ਰਦਰਸ਼ਨ ਕਰ ਰਹੇ ਨੌਜਵਾਨ ਭਾਰਤ ਸਭਾ ਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਕਾਰਕੁਨਾਂ ਖ਼ਿਲਾਫ਼ ਕੇਸ ਦਰਜ ਕਰਨ ਤੇ ਗ੍ਰਿਫ਼ਤਾਰ ਕਰਨ ਤੋਂ ਵੇਖੀ ਜਾ ਸਕਦੀ ਹੈ।
ਮੀਟਿੰਗ ਮਗਰੋਂ ਨੌਜਵਾਨ ਭਾਰਤ ਸਭਾ ਦੇ ਸੂਬਾ ਪ੍ਰਧਾਨ ਰੁਪਿੰਦਰ ਚੌਂਦਾ, ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਆਗੂ ਜਸਪ੍ਰੀਤ ਕੌਰ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹੱਥੋਆ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾਈ ਆਗੂ ਮੇਘ ਰਾਜ ਤੇ ਡੈਮੋਕਰੇਟਿਕ ਲਾਇਰਜ਼ ਐਸੋਸੀਏਸ਼ਨ ਦੇ ਆਗੂ ਐਡਵੋਕੇਟ ਜਸਬੀਰ ਸਿੰਘ ਭੂਮਸੀ ਆਦਿ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ 12 ਅਕਤੂਬਰ ਨੂੰ ਸੰਗਰੂਰ ’ਚ ਬਨਾਸਰ ਬਾਗ਼ ’ਚ ਰੋਸ ਰੈਲੀ ਕੀਤੀ ਜਾਵੇਗੀ ਤੇ ਮਗਰੋਂ ਡੀਸੀ ਦਫ਼ਤਰ ਤੱਕ ਰੋਸ ਮਾਰਚ ਕੀਤਾ ਜਾਵੇਗਾ।
ਉਨ੍ਹਾਂ ਐਲਾਨ ਕੀਤਾ ਕਿ ਨੌਜਵਾਨਾਂ ’ਤੇ ਕੇਸ ਦਰਜ ਕਰਨ ਖ਼ਿਲਾਫ਼ ਅਤੇ ਆਰਐੱਸਐੱਸ ਦਫ਼ਤਰ ਅੱਗੇ ਮੁਜ਼ਾਹਰੇ ਦੌਰਾਨ ਇੱਕ ਭਾਜਪਾ ਆਗੂ ਤੇ ਉਸਦੇ ਸਾਥੀਆਂ ਵੱਲੋਂ ਜਥੇਬੰਦੀ ਦੇ ਕਾਰਕੁਨਾਂ ’ਤੇ ਹਮਲਾ ਕਰਨ ਅਤੇ ਕਥਿਤ ਜਾਨੋ ਮਾਰਨ ਦੀਆਂ ਧਮਕੀਆਂ ਦੇਣ ਖ਼ਿਲਾਫ਼ ਸਖ਼ਤ ਕਾਰਵਾਈ ਲਈ ਪੂਰਾ ਹਫ਼ਤਾ ਰੈਲੀਆਂ ਕਰਨ ਮਗਰੋਂ ਪਿੰਡਾਂ ’ਚ ਆਰਐੱਸਐੱਸ ਦੀਆਂ ਅਰਥੀਆਂ ਫ਼ੂਕੀਆਂ ਜਾਣਗੀਆਂ।