ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 15 ਅਪਰੈਲ
ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਵੱਲੋਂ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਲੋੜਵੰਦ ਬੱਚਿਆਂ ਦੀ ਪੜ੍ਹਾਈ ਲਈ ਆਰਥਿਕ ਮੱਦਦ ਕਰਨ ਲਈ ਸ਼ੁਰੂ ਕੀਤੀ ਲੋਕ ਸੇਵਾ ਦੀ ਮੁਹਿੰਮ ਤੋਂ ਪ੍ਰਭਾਵਿਤ ਹੋ ਕੇ ਉਦਯੋਗਪਤੀ ਵੀ ਸਮਾਜ ਸੇਵਾ ਦੇ ਕਾਰਜ ਲਈ ਅੱਗੇ ਆਏ ਹਨ। ਇਥੇ ‘‘ਪੜ੍ਹਦਾ ਪੰਜਾਬ’’ ਮੁਹਿੰਮ ਦਾ ਆਗਾਜ਼ ਕਰਦਿਆਂ ਜ਼ਿਲ੍ਹਾ ਪੁਲੀਸ ਮੁਖੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਰਾਈਸੀਲਾ ਗਰੁੱਪ ਵੱਲੋਂ ਆਪਣੇ ਸੀਐੱਸਆਰ ਫੰਡ ਵਿਚੋਂ ਹਰ ਸਾਲ ਵਿਧਾਨ ਸਭਾ ਹਲਕਾ ਧੂਰੀ ਦੇ ਸਾਰੇ ਸਰਕਾਰੀ ਸਕੂਲਾਂ ’ਚ 9 ਤੋਂ 12ਵੀਂ ਜਮਾਤ ਤੱਕ ਪੜ੍ਹਦੇ ਵਿਦਿਆਰਥੀਆਂ ਦੀ ਫੀਸ ਭਰਨ ਦਾ ਐਲਾਨ ਕੀਤਾ ਹੈ ਜਦੋਂ ਕਿ 8ਵੀਂ ਜਮਾਤ ਤੱਕ ਬੱਚਿਆਂ ਦੀ ਪੜ੍ਹਾਈ ਪਹਿਲਾਂ ਹੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਹੈ। ਇਸ ਮੌਕੇ ਰਾਈਸੀਲਾ ਗਰੁੱਪ ਦੇ ਚੇਅਰਮੈਨ ਡਾ. ਏਆਰ ਸ਼ਰਮਾ ਨੇ ਕਿਹਾ ਕਿ ਹਲਕਾ ਧੂਰੀ ਅਧੀਨ ਆਉਂਦੇ ਸਾਰੇ ਸਰਕਾਰੀ ਸਕੂਲਾਂ ’ਚ ਕਰੀਬ 3 ਹਜ਼ਾਰ ਤੋਂ ਵੱਧ ਵਿਦਿਆਰਥੀ ਪੜ੍ਹਦੇ ਹਨ ਜਿਨ੍ਹਾਂ ਦੀ ਫੀਸ ਭਰਨ ਲਈ ਕਰੀਬ 25 ਲੱਖ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਦੱਸਿਆ ਕਿ ਭਲਕੇ 16 ਅਪਰੈਲ ਨੂੰ ਮੌਜੂਦਾ ਸਾਲ ਦੀ ਵਿਦਿਆਰਥੀਆਂ ਦੀ ਸਾਰੀ ਫੀਸ ਐਡਵਾਂਸ ਅਦਾ ਕਰ ਦਿੱਤੀ ਜਾਵੇਗੀ ਅਤੇ ਅਗਲੇ ਸਾਲਾਂ ਦੌਰਾਨ ਵੀ ਫੀਸ ਭਰੀ ਜਾਇਆ ਕਰੇਗੀ। ਇਸ ਮੌਕੇ ਸੰਗਰੂਰ ਜ਼ਿਲ੍ਹਾ ਇੰਡਸਟਰੀ ਚੈਂਬਰ ਦੇ ਸਾਬਕਾ ਪ੍ਰਧਾਨ ਘਣਸ਼ਿਆਮ ਕਾਂਸਲ ਵੀ ਮੌਜੂਦ ਸਨ।