ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਅਗਸਤ
ਵੱਖ-ਵੱਖ ਜਨਤਕ ਜਮਹੂਰੀ ਜਥੇਬੰਦੀਆਂ ਨੇ ਪੁਲੀਸ ਥਾਣਾ ਛਾਜਲੀ ਅਧੀਨ ਪੈਂਦੇ ਇੱਕ ਪਿੰਡ ਵਿੱਚ ਦਲਿਤ ਪਰਿਵਾਰ ਦੀ ਨਾਬਾਲਗ ਲੜਕੀ ਨਾਲ ਹੋਏ ਸਮੂਹਿਕ ਜਬਰ ਜਨਾਹ ਦੇ ਮਾਮਲੇ ਵਿੱਚ ਨਾਮਜ਼ਦ ਵਿਅਕਤੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।
ਇਸ ਮੌਕੇ ਜਥੇਬੰਦੀਆਂ ਦੇ ਆਗੂਆਂ ਨੇ ਸਥਾਨਕ ਪੁਲੀਸ ਲਾਈਨ ਵਿੱਚ ਐੱਸਪੀ (ਡੀ) ਪਲਵਿੰਦਰ ਸਿੰਘ ਚੀਮਾ ਨੂੰ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਵੱਲੋਂ ਘਟਨਾ ਸਥਾਨ ’ਤੇ ਜਾ ਕੇ ਕੀਤੀ ਮੁੱਢਲੀ ਜਾਂਚ ਪੜਤਾਲ ਦੇ ਆਧਾਰ ’ਤੇ ਮੰਗ ਪੱਤਰ ਸੌਂਪਿਆ। ਇਸ ਮੌਕੇ ਹਾਜ਼ਰ ਆਗੂਆਂ ਨੇ ਦਰਜ ਕੇਸ ਵਿੱਚ ਐੱਸ.ਸੀ.ਐੱਸਟੀ. ਐਕਟ ਦੀਆਂ ਧਾਰਾਵਾਂ ਨੂੰ ਸ਼ਾਮਲ ਕਰ ਕੇ ਪੀੜਤ ਲੜਕੀ ਅਤੇ ਪਰਿਵਾਰ ਨੂੰ ਮੁਆਵਜ਼ਾ ਦੇਣ ਅਤੇ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਕੇ ਸਖ਼ਤ ਸਜ਼ਾਵਾਂ ਦਿਵਾਉਣ ਲਈ ਲੜਕੀ ਦੇ 164 ਅਧੀਨ ਬਿਆਨ ਦੁਬਾਰਾ ਕਰਵਾਉਣ ਲਈ ਯੋਗ ਮਾਹੌਲ ਅਤੇ ਉਪਰਾਲੇ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜਲਦੀ ਹੀ ਮੀਟਿੰਗ ਕਰਕੇ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।
ਇਸ ਮੌਕੇ ਵਫ਼ਦ ਵਿੱਚ ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਸੰਗਰੂਰ ਦੇ ਪ੍ਰਧਾਨ ਸਵਰਨਜੀਤ ਸਿੰਘ, ਸਕੱਤਰ ਕੁਲਦੀਪ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੀ ਆਗੂ ਬਿਮਲ ਕੌਰ, ਜਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਪਰਮਜੀਤ ਕੌਰ ਤੇ ਬਿਕਰਮ ਸਿੰਘ ਹਥੋਆ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਆਗੂ ਬਲਵੀਰ ਚੰਦ ਲੌਂਗੋਵਾਲ ਤੇ ਦਾਤਾ ਸਿੰਘ ਅਤੇ ਦੀਪ ਬਨਾਰਸੀ ਸ਼ਾਮਲ ਸਨ।