ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 7 ਜੁਲਾਈ
ਰੋਡ ਸੰਘਰਸ਼ ਕਮੇਟੀ ਸੰਤੋਖਪੁਰਾ ਜਲਾਣ ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਭਵਾਨੀਗੜ੍ਹ ਵੱਲ਼ੋਂ ਪਿਛਲੇ ਇੱਕ ਸਾਲ ਤੋਂ ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਦੇ ਵਿਰੋਧ ਵਿੱਚ ਪਿੰਡ ਖੇੜੀ ਚੰਦਵਾ ਵਿੱਚ ਲਗਾਇਆ ਪੱਕਾ ਮੋਰਚਾ ਅੱਜ ਢੁਕਵਾਂ ਮੁਆਵਜ਼ਾ ਮਿਲਣ ਉਪਰੰਤ ਜੇਤੂ ਰੈਲੀ ਕਰ ਕੇ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ ਹੈ।
ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਅਗਵਾਈ ਹੇਠ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਜਨਕ ਸਿੰਘ ਭੁਟਾਲ, ਸੂਬਾ ਸਕੱਤਰ ਜਗਤਾਰ ਸਿੰਘ ਕਾਲਾਝਾੜ, ਜ਼ਿਲ੍ਹਾ ਸੰਗਰੂਰ ਦੇ ਸੀਨੀਅਰ ਮੀਤ ਪ੍ਰਧਾਨ ਬਹਾਲ ਸਿੰਘ ਢੀਂਡਸਾ, ਮਨਜੀਤ ਸਿੰਘ ਘਰਾਚੋਂ, ਹਰਮਨਪ੍ਰੀਤ ਸਿੰਘ ਦੁੱਲਟ, ਹਰਜਿੰਦਰ ਸਿੰਘ ਘਰਾਚੋਂ ਅਤੇ ਜਗਤਾਰ ਸਿੰਘ ਲੱਡੀ ਨੇ ਦੱਸਿਆ ਕਿ ਤਿੰਨ ਸਾਲ ਪਹਿਲਾਂ ਸੜਕ ਲਈ ਗ੍ਰਹਿਣ ਕਰਨ ਵਾਲੀ ਜ਼ਮੀਨ ਦਾ ਸਰਕਾਰ ਸਿਰਫ਼ ਪ੍ਰਤੀ ਏਕੜ 19 ਲੱਖ ਰੁਪਏ ਦਿੰਦੀ ਸੀ। ਇਸ ਕਾਰਨ ਪੀੜਤ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨਾਲ ਮਿਲ ਕੇ ਪੱਕਾ ਮੋਰਚਾ ਲਾਇਆ ਗਿਆ।
ਉਨ੍ਹਾਂ ਦੱਸਿਆ ਕਿ ਦ੍ਰਿੜ ਸੰਘਰਸ਼ ਸਦਕਾ ਅੱਜ ਸਰਕਾਰ ਨੂੰ ਉਸੇ ਜ਼ਮੀਨ ਦੇ ਪ੍ਰਤੀ ਏਕੜ 70 ਲੱਖ ਰੁਪਏ ਦੇਣ ਲਈ ਮਜਬੂਰ ਕਰ ਦਿੱਤਾ ਗਿਆ। ਉਨ੍ਹਾਂ ਸੰਘਰਸ਼ ਨੂੰ ਸਹਿਯੋਗ ਦੇਣ ਲਈ ਲੋਕਾਂ ਦਾ ਧੰਨਵਾਦ ਕੀਤਾ।