ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 22 ਜੁਲਾਈ
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਵਲੋਂ ਚੰਡੀਗੜ੍ਹ ਦਫ਼ਤਰ ਸੱਦੇ ਜ਼ਿਲ੍ਹਾ ਸੰਗਰੂਰ ਦੇ ਪਿੰਡ ਰੱਤਾਖੇੜਾ ਦੇ ਨੌਜਵਾਨ ਲਵਪ੍ਰੀਤ ਸਿੰਘ ਦੀ ਮੁਹਾਲੀ ਵਿਚ ਸ਼ੱਕੀ ਹਾਲਾਤ ’ਚ ਹੋਈ ਖ਼ੁਦਕੁਸ਼ੀ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਅੱਜ ਦਲ ਖ਼ਾਲਸਾ ਨੇ ਵੀ ਲਵਪ੍ਰੀਤ ਸਿੰਘ ਦੀ ਖ਼ੁਦਕੁਸ਼ੀ ਮਾਮਲੇ ਦੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਤੋਂ ਨਿਆਂਇਕ ਜਾਂਚ ਕਰਾਉਣ ਦੀ ਮੰਗ ਕੀਤੀ ਹੈ।
ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਸਿੱਖ ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਵਲੋਂ ਪਿੰਡ ਰੱਤਾਖੇੜਾ ਪੁੱਜ ਕੇ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ। ਸ੍ਰੀ ਚੀਮਾ ਨੇ ਕਿਹਾ ਕਿ ਐੱਨਆਈਏ ਵੱਲੋਂ ਲਵਪ੍ਰੀਤ ਦੇ ਦਿਮਾਗ ਅਤੇ ਮਨ ਉਪਰ ਅਜਿਹਾ ਦਬਾਅ ਪਾਇਆ ਗਿਆ ਜਾਂ ਉਸ ਨੂੰ ਡਰਾਇਆ ਗਿਆ ਕਿ ਨੌਜਵਾਨ ਨੂੰ ਖ਼ੁਦਕੁਸ਼ੀ ਵਰਗਾ ਕਠੋਰ ਕਦਮ ਚੁੱਕਣ ਲਈ ਮਜਬੂਰ ਹੋਣਾ ਪਿਆ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਰਿਫਰੈਂਡਮ-2020 ਦੀ ਓਟ ਹੇਠ ਗ਼ਰੀਬ ਪਰਿਵਾਰਾਂ ਦੇ ਨੌਜਵਾਨਾਂ ਨੂੰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲੀਸ ਦੇ ਅਧਿਕਾਰੀ ਕਦੇ ਵੀ ਐਨਆਈਏ ਅਧਿਕਾਰੀਆਂ ਤੋਂ ਸਹੀ ਢੰਗ ਨਾਲ ਪੁੱਛਗਿੱਛ ਨਹੀਂ ਕਰ ਸਕਦੇ। ਸਿਰਫ਼ ਹਾਈ ਕੋਰਟ ਦੇ ਮੌਜੂਦਾ ਜੱਜ ਵਲੋਂ ਕਰਵਾਈ ਜਾਂਚ ਦੌਰਾਨ ਹੀ ਸੱਚਾਈ ਸਾਹਮਣੇ ਆ ਸਕਦੀ ਹੈ। ਉਨ੍ਹਾਂ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ਕਿ ਲਵਪ੍ਰੀਤ ਖ਼ੁਦਕੁਸ਼ੀ ਮਾਮਲੇ ਦੀ ਨਿਆਂਇਕ ਜਾਂਚ ਕਰਵਾਈ ਜਾਵੇ।
ਇਸ ਮੌਕੇ ਸਿੱਖ ਯੂਥ ਆਫ਼ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਦੋਸ਼ ਲਾਇਆ ਕਿ ਸਰਕਾਰ ਵੱਖਰੀ ਸੋਚ ਰੱਖਣ ਵਾਲੇ ਲੋਕਾਂ ਨੂੰ ਚੁੱਪ ਕਰਾਉਣ ਲਈ ਅਜਿਹੇ ਕਾਨੂੰਨਾਂ ਦੀ ਦੁਰਵਰਤੋਂ ਕਰ ਰਹੀ ਹੈ। ਮੁੱਖ ਮੰਤਰੀ ਸਮੇਤ ਸਿਆਸੀ ਲੀਡਰਸ਼ਿਪ ਇਹ ਸਭ ਕੁੱਝ ਨਜ਼ਰਅੰਦਾਜ ਕਰ ਰਹੀ ਹੈ।