ਪੰਜਾਬੀਆਂ ਲਈ ਸਰਕਾਰੀ ਨੌਕਰੀਆਂ ਵਿੱਚ ਰਾਖਵੇਂਕਰਨ ਦੀ ਮੰਗ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 12 ਜੂਨ
ਪੰਜਾਬ ਸਟੂਡੈਂਟਸ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਕਮਲਦੀਪ ਕੌਰ ਅਤੇ ਜ਼ਿਲ੍ਹਾ ਆਗੂ ਜਗਰਾਜ ਸਿੰਘ ਤੇ ਪਵਨਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਪਿੰਡਾਂ ਨੂੰ ਚਲੋ ਮੁਹਿੰਮ ਤਹਿਤ ਵਿਦਿਆਰਥੀ ਮੰਗਾਂ ਨੂੰ ਲੈ ਕੇ 16 ਤੋਂ 30 ਜੂਨ ਤੱਕ ਪੰਦਰਵਾੜਾ ਮਨਾਇਆ ਜਾਵੇਗਾ, ਜਿਸ ਵਿੱਚ ਇਲਾਕੇ ਦੇ ਪਿੰਡਾਂ ਵਿੱਚ ਵਿਦਿਆਰਥੀ ਮੰਗਾਂ ਦਾ ਪ੍ਰਚਾਰ ਕੀਤਾ ਜਾਵੇਗਾ ਅਤੇ ਵੱਡੀ ਪੱਧਰ ਤੇ ਪਿੰਡਾਂ ਦੇ ਵਿਦਿਆਰਥੀਆਂ ਨੂੰ ਪੰਜਾਬ ਸਟੂਡੈਂਟਸ ਯੂਨੀਅਨ ਦੇ ਝੰਡੇ ਹੇਠ ਲਾਮਬੰਦ ਕੀਤਾ ਜਾਵੇਗਾ ਤਾਂ ਜੋ ਇਹਨਾਂ ਮੰਗਾਂ ਨੂੰ ਲੈ ਕੇ ਇੱਕ ਵੱਡੀ ਮੁਹਿੰਮ ਆਰੰਭੀ ਜਾ ਸਕੇ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਨਵੀਂ ਸਿੱਖਿਆ ਨੀਤੀ ਦਾ ਪੂਰੇ ਦੇਸ਼ ਵਿੱਚ ਵੱਡੀ ਪੱਧਰ ’ਤੇ ਵਿਰੋਧ ਹੋ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਮੁਲਕ ਨੂੰ ਇੱਕ ਰੰਗ ਵਿੱਚ ਰੰਗਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਸਿੱਖਿਆ ਦਾ ਭਗਵਾਂਕਰਨ ਕੀਤਾ ਜਾ ਰਿਹਾ ਹੈ, ਪਾਠਕ੍ਰਮ ਨੂੰ ਬਦਲਿਆ ਜਾ ਰਿਹਾ ਹੈ, ਸਿੱਖਿਆ ਨੂੰ ਆਮ ਵਿਦਿਆਰਥੀਆਂ ਦੀ ਪਹੁੰਚ ਤੋਂ ਦੂਰ ਕਰਨ ਦੇ ਲਈ ਸਿੱਖਿਆ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ। ਇੱਕ ਵਿਗਿਆਨਕ ਅਤੇ ਜਮਹੂਰੀ ਸਿੱਖਿਆ ਪ੍ਰਬੰਧ ਉਸਾਰਨ ਦੀ ਬਜਾਏ ਸਕੂਲ ਆਫ਼ ਐਮੀਨੈਂਸ ਵਰਗੇ ਗ਼ੈਰ ਜਮਹੂਰੀ ਵਿਦਿਅਕ ਢਾਂਚੇ ਦਾ ਆਗਾਜ਼ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਾਰੇ ਵਿਦਿਆਰਥੀਆਂ ਨੂੰ ਬਰਾਬਰ ਦੀ ਸਿੱਖਿਆ ਦੇਣ ਦੀ ਬਜਾਏ ਇੱਕ ਵੱਡਾ ਪਾੜਾ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਿੱਖਿਆ ਪ੍ਰਾਪਤੀ ਤੋਂ ਬਾਅਦ ਪੰਜਾਬ ਵਾਸੀਆਂ ਲਈ ਰੁਜ਼ਗਾਰ ਦੀ ਕੋਈ ਗਾਰੰਟੀ ਨਹੀਂ ਹੈ ਕਿਸੇ ਵੀ ਦੂਜੇ ਸੂਬੇ ਦਾ ਵਿਅਕਤੀ ਆ ਕੇ ਪੰਜਾਬ ਵਿੱਚ ਨੌਕਰੀ ਲਈ ਅਰਜ਼ੀ ਦੇ ਸਕਦਾ ਹੈ। ਜਦਕਿ ਬਹੁਤ ਸਾਰੇ ਰਾਜਾਂ ਵਿੱਚ ਇਸ ਦੀ ਇੱਕ ਸੀਮਾ ਤੈਅ ਕੀਤੀ ਗਈ ਹੈ। ਪੰਜਾਬ ਸਟੂਡੈਂਟਸ ਯੂਨੀਅਨ ਦੀ ਮੰਗ ਹੈ ਕਿ ਪੰਜਾਬ ਦੀ ਸਿੱਖਿਆ ਨੀਤੀ ਪੰਜਾਬ ਦੇ ਹਾਲਾਤ ਅਨੁਸਾਰ ਪੰਜਾਬ ਤੈਅ ਕਰੇ ਅਤੇ ਪੰਜਾਬ ਦੀਆਂ ਸਰਕਾਰੀ ਨੌਕਰੀਆਂ ਵਿੱਚ ਪੰਜਾਬ ਵਾਸੀਆਂ ਲਈ 90 ਰਾਖ਼ਵਾਂਕਰਨ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਵਿੱਚ ਸਿਲੇਬਸ ਅਤੇ ਤਕਨੀਕ ਨੂੰ ਅਪਗ੍ਰੇਡ ਕੀਤਾ ਜਾਵੇ।