ਨਿਜੀ ਪੱਤਰ ਪ੍ਰੇਰਕ
ਸੰਗਰੂਰ, 17 ਮਈ
ਅਧਿਆਪਕ ਦਲ ਪੰਜਾਬ ਨੇ ਅਤਿ ਦੀ ਗਰਮੀ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਸਰਕਾਰ ਤੋਂ ਗਰਮੀਆਂ ਦੀਆਂ ਛੁੱਟੀਆਂ 23 ਮਈ ਤੋਂ 30 ਜੂਨ ਤੱਕ ਕਰਨ ਦੀ ਮੰਗ ਕੀਤੀ ਹੈ। ਅਧਿਆਪਕ ਦਲ ਨੇ ਤਰਕ ਦਿੱਤਾ ਹੈ ਕਿ ਹਰ ਸਾਲ ਗਰਮੀਆਂ ਦੀਆਂ ਛੁੱਟੀਆਂ ਇਸ ਸਮੇਂ ਦੌਰਾਨ ਹੀ ਹੁੰਦੀਆਂ ਹਨ ਕਿਉਂਕਿ ਇਸ ਸਮੇਂ ਦੌਰਾਨ ਗਰਮੀ ਦਾ ਮੌਸਮ ਸਿਖ਼ਰ ’ਤੇ ਹੁੰਦਾ ਹੈ। ਅਧਿਆਪਕ ਦਲ ਪੰਜਾਬ ਦੇ ਸਰਪ੍ਰਸਤ ਤੇਜਿੰਦਰ ਸਿੰਘ ਸੰਘਰੇੜੀ ਅਤੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਨੇ ਕਿਹਾ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਐਲ.ਕੇ.ਜੀ. ਅਤੇ ਯੂ.ਕੇ.ਜੀ. ਕਲਾਸਾਂ ਵਿਚ ਛੋਟੇ ਬੱਚੇ ਪੜ੍ਹਦੇ ਹਨ। ਪੇਂਡੂ ਖੇਤਰ ਵਿਚ ਬਿਜਲੀ ਦੇ ਵੱਡੇ ਵੱਡੇ ਕੱਟ ਲੱਗ ਰਹੇ ਸਨ ਜਿਸ ਦੇ ਚਲਦਿਆਂ ਗਰਮੀ ਕਾਰਨ ਬੱਚੇ ਬਿਮਾਰ ਹੋ ਰਹੇ ਹਨ। ਉਨ੍ਹਾਂ ਸਰਕਾਰ ਤੋਂ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਸਕੂਲਾਂ ਦਾ ਸਮਾਂ ਤਬਦੀਲ ਕਰਨ ਦੀ ਵੀ ਮੰਗ ਕੀਤੀ ਹੈ। ਅਧਿਆਪਕ ਦਲ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ ਨੇ ਕਿਹਾ ਕਿ ਪ੍ਰਾਇਮਰੀ, ਮਿਡਲ, ਹਾਈ ਅਤੇ ਸੈਕੰਡਰੀ ਸਕੂਲਾਂ ਦਾ ਸਮਾਂ ਇੱਕ ਕਰਨਾ ਚਾਹੀਦਾ ਹੈ ਅਤੇ ਇਹ ਸਵੇਰੇ 7.30 ਵਜੇ ਤੋਂ 11.30 ਵਜੇ ਤੱਕ ਹੋਣਾ ਚਾਹੀਦਾ ਹੈ ਕਿਉਂਕਿ ਦੂਰ ਦਰਾਡੇ ਸਕੂਲਾਂ ਵਿਚ ਅਧਿਆਪਕਾਂ ਨੂੰ ਸਵੇਰੇ 7 ਵਜੇ ਸਕੂਲ ਪੁੱਜਣ ਵਿਚ ਮੁਸ਼ਕਲ ਦਾ ਸਾਹਮਣਾ ਕਰਨਾ ਪੈਂਦਾ ਹੈ।