ਕਿਰਤੀ ਕਿਸਾਨ ਯੂਨੀਅਨ ਤੇ ਡੀ ਟੀ ਐੱਫ ਵੱਲੋਂ ਡੀ ਸੀ ਨੂੰ ਮੰਗ ਪੱਤਰ
ਕਿਰਤੀ ਕਿਸਾਨ ਯੂਨੀਅਨ ਦੇ ਆਗੂ ਮਾਸਟਰ ਨਿਰਭੈ ਸਿੰਘ ’ਤੇ ਡਿਊਟੀ ਜਾਣ ਸਮੇਂ ਸਕੂਲ ਦੇ ਨੇੜੇ ਲਹਿਰੇ ਇਲਾਕੇ ਵਿੱਚ ਹੋਏ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਪੰਜ ਮਹੀਨੇ ਬੀਤਣ ’ਤੇ ਵੀ ਇਨਸਾਫ਼ ਨਾ ਮਿਲਣ ਅਤੇ ਸੰਗਰੂਰ ਪੁਲੀਸ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ ਰੋਸ ਵਜੋਂ ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਵੱਲੋਂ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਗਿਰ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਭੇਜਿਆ ਗਿਆ। ਇਸ ਦੌਰਾਨ ਜ਼ਿਲ੍ਹਾ ਕਮੇਟੀ ਵੱਲੋਂ 25 ਸਤੰਬਰ ਨੂੰ ਕਿਰਤੀ ਕਿਸਾਨ ਯੂਨੀਅਨ ਅਤੇ ਡੀ.ਟੀ.ਐੱਫ. ਵੱਲੋਂ ਭਰਾਤਰੀ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਐੱਸ.ਐੱਸ.ਪੀ. ਦਫ਼ਤਰ ਸੰਗਰੂਰ ਵਿੱਚ ਸੂਬਾ ਪੱਧਰੀ ਧਰਨੇ ਵਿੱਚ ਜ਼ਿਲ੍ਹੇ ਤੋਂ ਭਰਵੀਂ ਸ਼ਮੂਲੀਅਤ ਕਰਵਾਉਣ ਲਈ ਜ਼ਮੀਨੀ ਪੱਧਰ ’ਤੇ ਲਾਮਬੰਦੀ ਮੁਹਿੰਮ ਚਲਾਉਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ ਨੇ ਦੱਸਿਆ ਕਿ ਮਾ. ਨਿਰਭੈ ਸਿੰਘ ’ਤੇ ਹੋਏ ਜਾਨਲੇਵਾ ਹਮਲੇ ਦੌਰਾਨ ਉਨ੍ਹਾਂ ਦੀਆਂ ਦੋਨੋਂ ਲੱਤਾਂ ਤੇ ਖੱਬੀ ਬਾਂਹ ਕਈ ਥਾਵਾਂ ਤੋਂ ਬੁਰੀ ਤਰ੍ਹਾਂ ਤੋੜ ਦਿੱਤੀਆਂ ਗਈਆਂ ਸਨ। ਇਸ ਮੌਕੇ ਸੂਬਾ ਆਗੂ ਰਘਵੀਰ ਸਿੰਘ, ਮੇਘ ਰਾਜ ਤੇ ਦਲਜੀਤ ਸਫੀਪੁਰ ਆਦਿ ਹਾਜ਼ਰ ਸਨ।