ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਮਾਰਚ
ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਦਾ ਇੱਕ ਵਫ਼ਦ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਪੈਨਸ਼ਨਰ ਵੈਲਫੇਅਰ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਮੱਘਰ ਸਿੰਘ ਸੋਹੀ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਮਿਲਿਆ। ਅਰੋੜਾ ਨੇ ਡਿਪਟੀ ਕਮਿਸ਼ਨਰ ਦੇ ਧਿਆਨ ਵਿੱਚ ਲਿਆਂਦਾ ਕਿ ਤਹਿਸੀਲ ਕੰਪਲੈਕਸ ਵਿੱਚ ਬਣੇ ਡਾਕਖਾਨਾ ਵਿੱਚ ਮੁਲਾਜ਼ਮਾਂ, ਪੈਨਸ਼ਨਰਾਂ, ਸੀਨੀਅਰ ਸਿਟੀਜ਼ਨ ਅਤੇ ਪਬਲਿਕ ਦੇ ਕੰਮ ਬੜੇ ਹੀ ਸੁਚੱਜੇ ਢੰਗ ਨਾਲ ਹੋ ਰਹੇ ਹਨ। ਉਨ੍ਹਾਂ ਕਿਹਾ ਹੈ ਕਿ ਐਸੋਸੀਏਸ਼ਨ ਨੂੰ ਪਤਾ ਲੱਗਾ ਹੈ ਕਿ ਇਸ ਡਾਕਖਾਨੇ ਨੂੰ ਤਹਿਸੀਲ ਕੰਪਲੈਕਸ ਵਿੱਚੋਂ ਤਬਦੀਲ ਕੀਤਾ ਜਾ ਰਿਹਾ ਹੈ, ਜਿਸ ਨਾਲ ਪਬਲਿਕ ਅਤੇ ਮੁਲਾਜ਼ਮਾਂ ਅਤੇ ਕੰਪਲੈਕਸ ਵਿੱਚ ਕੰਮ ਕਰਵਾਉਣ ਵਾਲੇ ਲੋਕਾਂ ਨੂੰ ਬਹੁਤ ਦਿੱਕਤ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਮੰਗ ਕੀਤੀ ਕਿ ਇਸ ਡਾਕਖਾਨੇ ਨੂੰ ਤਹਿਸੀਲ ਕੰਪਲੈਕਸ ਵਿੱਚ ਹੀ ਰਹਿਣ ਦਿੱਤਾ ਜਾਵੇ। ਡਿਪਟੀ ਕਮਿਸ਼ਨਰ ਨੂੰ ਇਸ ਸਬੰਧੀ ਮੰਗ ਪੱਤਰ ਵੀ ਦਿੱਤਾ ਗਿਆ। ਡਿਪਟੀ ਕਮਿਸ਼ਨਰ ਵੱਲੋਂ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਗਿਆ।