CPI(M) memorandum: ਕਿਰਤ ਕੋਡ ਤੇ ਮੁਕਤ ਵਪਾਰ ਸਮਝੌਤਾ ਰੱਦ ਕਰਨ ਦੀ ਮੰਗ
ਸੀ ਪੀ ਐੱਮ ਨੇ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਮੰਗ ਪੱਤਰ ਦਿੱਤਾ
ਸੀ ਪੀ ਆਈ (ਐੱਮ) ਵੱਲੋਂ ਮੁੱਖ ਮੰਤਰੀ ਦੇ ਨਾਂ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਮੰਗ ਪੱਤਰ ਦਿੱਤਾ ਗਿਆ। ਪਾਰਟੀ ਆਗੂਆਂ ਨੇ ਕਿਹਾ ਕਿ ਮਜ਼ਦੂਰਾਂ, ਕਿਸਾਨਾਂ ਅਤੇ ਆਮ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ।
ਸੀ ਪੀ ਆਈ (ਐੱਮ) ਦੇ ਸੂਬਾ ਸਕੱਤਰ ਸੁਖਵਿੰਦਰ ਸਿੰਘ ਸੇਖੋਂ, ਸੂਬਾ ਸਕੱਤਰੇਤ ਮੈਂਬਰ ਭੂਪ ਚੰਦ ਚੰਨੋ, ਮਾਲੇਰਕੋਟਲਾ ਦੇ ਜ਼ਿਲ੍ਹਾ ਸਕੱਤਰ ਅਬਦੁਲ ਸਤਾਰ, ਵਰਿੰਦਰ ਕੌਸ਼ਿਕ ਸੁਨਾਮ ਸਮੇਤ ਹੋਰਨਾ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਲਾਗੂ ਚਾਰ ਕਿਰਤ ਕੋਡ ਅਤੇ ਸਬੰਧਤ ਕਾਨੂੰਨਾਂ ਨੂੰ ਰੱਦ ਕਰਨ, ਮਗਨਰੇਗਾ ਤਹਿਤ ਸਾਲ ਵਿੱਚ ਦੋ ਸੌ ਦਿਨ ਦਾ ਰੁਜ਼ਗਾਰ ਯਕੀਨੀ ਬਣਾਉਣ ਅਤੇ ਮੁਕਤ ਵਪਾਰ ਸਮਝੌਤਿਆਂ ’ਤੇ ਦਸਤਖ਼ਤ ਨਾ ਕਰਨ ਦੀ ਮੰਗ ਕੀਤੀ। ਆਗੂਆਂ ਨੇ ਕਿਹਾ ਕਿ ਅਜਿਹੇ ਕਦਮ ਦੇਸ਼ ਦੀ ਖੇਤੀਬਾੜੀ, ਸਹਾਇਕ ਧੰਦਿਆਂ ਅਤੇ ਰੁਜ਼ਗਾਰ ’ਤੇ ਪੈਣ ਵਾਲੇ ਪ੍ਰਭਾਵ ਨੂੰ ਧਿਆਨ ਵਿੱਚ ਰੱਖ ਕੇ ਚੁੱਕੇ ਜਾਣੇ ਚਾਹੀਦੇ ਹਨ। ਇਸ ਤੋਂ ਇਲਾਵਾ ਫ਼ਸਲਾਂ ਦੀਆਂ ਕੀਮਤਾਂ ਡਾ. ਸਵਾਮੀਨਾਥਨ ਕਮਿਸ਼ਨ ਫਾਰਮੂਲੇ ਅਨੁਸਾਰ ਤੈਅ ਕਰਨ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਡੀਜ਼ਲ, ਪੈਟਰੋਲ, ਰਸੋਈ ਗੈਸ, ਖਾਦਾਂ ਤੇ ਕੀਟਨਾਸ਼ਕਾਂ ਦੀਆਂ ਕੀਮਤਾਂ ਵਿੱਚ ਕਟੌਤੀ ਕਰਨ, ਚੰਡੀਗੜ੍ਹ ਪੰਜਾਬ ਦੇਣ, ਦਰਿਆਈ ਪਾਣੀਆਂ ਦੀ ਨਿਆਂਇਕ ਵੰਡ ਕਰਨ ਅਤੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਹਿੱਸੇਦਾਰੀ ਬਹਾਲ ਕਰਨ ਦੀ ਮੰਗ ਵੀ ਕੀਤੀ ਗਈ। ਇਸ ਦੇ ਨਾਲ ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸੁਧਾਰਨ, ਨਸ਼ਿਆਂ ਦੇ ਕਾਰੋਬਾਰ ਨੂੰ ਨੱਥ ਪਾਉਣ ਅਤੇ ਰੇਤਾ-ਬਜਰੀ ਦੀ ਕਾਲਾਬਾਜ਼ਾਰੀ ਰੋਕਣ ’ਤੇ ਜ਼ੋਰ ਦਿੱਤਾ ਗਿਆ। ਬੁਢਾਪਾ, ਵਿਧਵਾ, ਅੰਗਹੀਣ, ਕਿਸਾਨਾਂ ਅਤੇ ਮਜ਼ਦੂਰਾਂ ਨੂੰ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਅਤੇ ਬੇਰੁਜ਼ਗਾਰਾਂ ਨੂੰ 10 ਹਜ਼ਾਰ ਰੁਪਏ ਮਹੀਨਾ ਬੇਰੁਜ਼ਗਾਰੀ ਭੱਤਾ ਦੇਣ ਦੀ ਵੀ ਮੰਗ ਕੀਤੀ ਗਈ।

