ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਅਗਸਤ
ਪੰਜਾਬ ਸਰਕਾਰ ਵੱਲੋਂ ਮਸਤੂਆਣਾ ਸਾਹਿਬ ਵਿੱਚ ਸੰਤ ਅਤਰ ਸਿੰਘ ਦੇ ਨਾਮ ’ਤੇ ਬਣਨ ਵਾਲੇ ਮੈਡੀਕਲ ਕਾਲਜ ਦਾ ਨੀਂਹ ਪੱਥਰ 5 ਅਗਸਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੱਖਿਆ ਜਾਵੇਗਾ। ਇਸ ਤੋਂ ਪਹਿਲਾਂ ਮੈਡੀਕਲ ਕਾਲਜ ਬਣਾਓ ਸੰਘਰਸ਼ ਕਮੇਟੀ ਨੇ ਅੱਜ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਜ਼ਿਲ੍ਹਾ ਸੰਗਰੂਰ ਦੇ ਵਿਦਿਆਰਥੀਆਂ ਲਈ 20 ਫੀਸਦੀ ਸੀਟਾਂ ਰਾਖਵੀਆਂ ਰੱਖੀਆਂ ਜਾਣ ਅਤੇ ਇਸ ਕਾਲਜ ਵਿੱਚ ਇਲਾਕੇ ਦੇ ਲੋਕਾਂ ਨੂੰ ਪਹਿਲ ਦੇ ਆਧਾਰ ’ਤੇ ਰੁਜ਼ਗਾਰ ਦਿੱਤਾ ਜਾਵੇ। ਮੈਡੀਕਲ ਕਾਲਜ ਬਣਾਓ ਸੰਘਰਸ਼ ਕਮੇਟੀ ਦੇ ਕਨਵੀਨਰ ਜਸਦੀਪ ਸਿੰਘ ਬਹਾਦਰਪੁਰ ਅਤੇ ਮਨਦੀਪ ਸਿੰਘ ਲਿੱਦੜਾਂ ਨੇ ਕਿਹਾ ਕਿ ਇਲਾਕੇ ਦੇ ਪਿੰਡਾਂ ਵਿੱਚ ਮੰਗ ਉੱਠੀ ਹੈ ਕਿ ਇਸ ਮੈਡੀਕਲ ਕਾਲਜ ਵਿੱਚ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਲਾਜ਼ਮੀ ਹੀ ਪੜ੍ਹਾਈ ਦਾ ਮੌਕਾ ਮਿਲਣਾ ਚਾਹੀਦਾ ਹੈ। ਉਨ੍ਹਾਂ ਡੀਸੀ ਤੋਂ ਮੰਗ ਕੀਤੀ ਕਿ ਨੀਂਹ ਪੱਥਰ ਸਮਾਗਮ ਤੋਂ ਪਹਿਲਾਂ ਮੁੱਖ ਮੰਤਰੀ ਨਾਲ ਸੰਘਰਸ਼ ਕਮੇਟੀ ਦੀ ਮੀਟਿੰਗ ਕਰਵਾਈ ਜਾਵੇ।