ਡਾਕਟਰਾਂ ਦੀ ਪਰਚੀ ਬਗੈਰ ਦਵਾਈ ਦੇਣ ’ਤੇ ਰੋਕ ਲਾਉਣ ਦੀ ਮੰਗ
ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ, 23 ਅਗਸਤ
ਮੁਸਲਿਮ-ਸਿੱਖ ਫਰੰਟ ਆਫ ਪੰਜਾਬ ਦੇ ਇੱਕ ਵਫ਼ਦ ਨੇ ਡਿਪਟੀ ਕਮਿਸ਼ਨਰ ਮਾਲੇਰਕੋਟਲਾ ਡਾ. ਪੱਲਵੀ ਨੂੰ ਪੱਤਰ ਸੌਂਪ ਕੇ ਮੰਗ ਕੀਤੀ ਹੈ ਕਿ ਸਥਾਨਕ ਸਰਕਾਰੀ ਹਸਪਤਾਲ ਦੇ ਨਸ਼ਾ ਛਡਾਓ ਕੇਂਦਰ ’ਚ ਨਸ਼ੇ ਤੋਂ ਪੀੜਤ ਲੋਕਾਂ ਨੂੰ 24 ਘੰਟੇ ਡਾਕਟਰੀ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ, ਸ਼ਹਿਰ ’ਚੋਂ ਡਾਕਟਰ ਦੀ ਪਰਚੀ ਤੋਂ ਬਗੈਰ ਦਵਾਈਆਂ ਦੀਆਂ ਦੁਕਾਨਾਂ ਤੋਂ ਸਰਿੰਜਾਂ, ਸੂਈਆਂ ਦੀ ਵਿਕਰੀ ’ਤੇ ਰੋਕ ਲਾਈ ਜਾਵੇ ਅਤੇ ਸ਼ੱਕੀ ਮੈਡੀਕਲ ਸਟੋਰਾਂ ਸਮੇਂ ਸਮੇਂ ਸਿਰ ਚੈਕਿੰਗ ਕੀਤੀ ਜਾਵੇ। ਵਫ਼ਦ ਨੇ ਦੱਸਿਆ ਕਿ ਫਰੰਟ ਵੱਲੋਂ ਪੰਜਾਬ ਸਰਕਾਰ ਦੀ ਨਸ਼ਾ ਮੁਕਤ ਪੰਜਾਬ ਦੀ ਮੁਹਿੰਮ ਨੂੰ ਪੂਰਾ ਸਾਥ ਦਿੱਤਾ ਜਾ ਰਿਹਾ ਹੈ। ਸ਼ਹਿਰ ਅਤੇ ਨੇੜਲੇ ਪਿੰਡਾਂ ’ਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। ਵਫ਼ਦ ਨੇ ਮੰਗ ਕੀਤੀ ਕਿ ਹਸਪਤਾਲ ਦੇ ਨਸ਼ਾ ਛੁਡਾਊ ਕੇਂਦਰ ’ਚ ਨਸ਼ੇ ਤੋਂ ਪੀੜਤ ਲੋਕਾਂ ਨੂੰ ਦਾਖ਼ਲ ਕਰਨ ਦਾ ਪ੍ਰਬੰਧ ਕੀਤਾ ਜਾਵੇ, ਪੀੜਤ ਵਿਅਕਤੀਆਂ ਨੂੰ ਲੋੜੀਂਦਾ ਇਲਾਜ ਦੇਣ ਦੇ ਨਾਲ ਨਾਲ ਪੀੜਤਾਂ ਦੀ ਕੌਂਸਲਿੰਗ ਦਾ ਪ੍ਰਬੰਧ ਕੀਤਾ ਜਾਵੇ। ਵਫ਼ਦ ਵਿੱਚ ਵਸੀਮ ਸੇਖ਼, ਸ਼ਾਹਿਦ ਜ਼ੁਬੈਰੀ, ਅਸਲਮ ਬੱਗਾ ਆਦਿ ਸ਼ਾਮਲ ਸਨ।