ਲਾਠੀਚਾਰਜ ਖ਼ਿਲਾਫ਼ ਜਮਹੂਰੀ ਅਧਿਕਾਰ ਸਭਾ ਵੱਲੋਂ ਮਾਰਚ
ਸਫ਼ਾਈ ਸੇਵਕਾਂ ਤੇ ਵਿਦਿਆਰਥੀਆਂ ਖ਼ਿਲਾਫ਼ ਵਧੀਕੀ ਵਿਰੁੱਧ ਇਕਜੁੱਟ ਹੋਣ ਦਾ ਸੱਦਾ
ਜਮਹੂਰੀ ਅਧਿਕਾਰ ਸਭਾ ਨੇ ਪਿਛਲੇ ਦਿਨਾਂ ਦੌਰਾਨ ਵਾਪਰੀਆਂ ਲਾਠੀਚਾਰਜ ਦੀਆਂ ਘਟਨਾਵਾਂ ਦਾ ਗੰਭੀਰ ਨੋਟਿਸ ਲੈਂਦਿਆਂ ਅੱਜ ਪਟਿਆਲਾ ਵਿੱਚ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਸ਼ਹਿਰ ਵਿੱਚ ਰੋਸ ਮਾਰਚ ਕੀਤਾ। ਇਸ ਤੋਂ ਪਹਿਲਾਂ ਨਹਿਰੂ ਪਾਰਕ ਵਿੱਚ ਹੋਈ ਇਕੱਤਰਤਾ ਦੌਰਾਨ ਬੁਲਾਰਿਆਂ ਨੇ ਦੋਵਾਂ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ। ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਆਗੂ ਮਾਸਟਰ ਬਲਰਾਜ ਜੋਸ਼ੀ ਨੇ ਦੱਸਿਆ ਕਿ ਸਭਾ ਦੇ ਜ਼ਿਲ੍ਹਾ ਪ੍ਰਧਾਨ ਡਾ. ਬਰਜਿੰਦਰ ਸਿੰਘ ਸੋਹਲ ਦੀ ਅਗਵਾਈ ਹੇਠ ਹੋਏ ਇਸ ਪ੍ਰੋਗਰਾਮ ਵਿੱਚ ਡਾ. ਸੁੱਚਾ ਸਿੰਘ ਗਿੱਲ, ਪ੍ਰੋ. ਰਣਜੀਤ ਸਿੰਘ ਘੁੰਮਣ, ਪ੍ਰੋ. ਬਾਵਾ ਸਿੰਘ, ਡਾ. ਕੁਲਦੀਪ ਸਿੰਘ, ਰਮਿੰਦਰ ਪਟਿਆਲਾ, ਗੁਰਮੀਤ ਦਿੱਤੂਪੁਰ, ਰਣਜੀਤ ਸਵਾਜਪੁਰ, ਅਮਨ ਦਿਓਲ, ਅਮਨਦੀਪ ਸਿੰਘ, ਹਰਪ੍ਰੀਤ ਲਲਕਾਰ ਅਤੇ ਦਰਸ਼ਨ ਬੇਲੂਮਾਜਰਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਮਗਨਰੇਗਾ ਦੇ ਨਿਯਮਾਂ ਵਿੱਚ ਬਦਲਾਅ ਕੀਤਾ ਅਤੇ ਖੰਨਾ ਪੁਲੀਸ ਨੇ ਹੱਕਾਂ ਲਈ ਆਵਾਜ਼ ਚੁੱਕਣ ਵਾਲਿਆਂ ’ਤੇ ਲਾਠੀਚਾਰਜ ਕੀਤਾ। ਇਸੇ ਤਰ੍ਹਾਂ ਬਰਨਾਲਾ ਵਿੱਚ ਹੜਤਾਲੀ ਸਫ਼ਾਈ ਸੇਵਕਾਂ ਅਤੇ ਦਿੱਲੀ ਵਿੱਚ ਨੀਟ ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਵੀ ਤਸ਼ੱਦਦ ਢਾਹਿਆ ਗਿਆ। ਆਗੂਆਂ ਨੇ ਕਿਹਾ ਕਿ ਭਾਵੇਂ ਲੋਕ ਰੋਹ ਅੱਗੇ ਝੁਕਦਿਆਂ ਕੇਂਦਰੀ ਸਿੱਖਿਆ ਮੰਤਰੀ ਨੇ ਅਸਤੀਫ਼ਾ ਦੇ ਦਿੱਤਾ ਹੈ, ਪਰ ਅਜੇ ਵੀ ਕੇਂਦਰ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਨੱਥ ਪਾਉਣ ਲਈ ਦੇਸ਼ ਭਰ ਦੇ ਇਨਸਾਫ਼ ਪਸੰਦ ਲੋਕਾਂ ਨੂੰ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ।
ਲਾਠੀਚਾਰਜ ਲਈ ਭਗਵੰਤ ਮਾਨ ਜ਼ਿੰਮੇਵਾਰ: ਬਾਜਵਾ
ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਪੰਜਾਬ ਵਿੱਚ ਵਿਰੋਧੀ ਧਿਰ ਦੇ ਪ੍ਰਤਾਪ ਸਿੰਘ ਬਾਜਵਾ ਨੇ ਬਰਨਾਲਾ ਵਿੱਚ ਨਗਰ ਕੌਂਸਲ ਦੇ ਕਾਮਿਆਂ ਉੱਤੇ ਪੁਲੀਸ ਲਾਠੀਚਾਰਜ ਦੀ ਨਿਖੇਧੀ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਲਾਠੀਚਾਰਜ ਕਰਨ ਵਾਲੇ ਡੀ ਐੱਸ ਪੀ ਤੋਂ ਪਹਿਲਾਂ ਲਾਠੀਚਾਰਜ ਕਰਵਾਉਣ ਦੇ ਅਸਲ ਜ਼ਿੰਮੇਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਹਟਾਇਆ ਜਾਣਾ ਚਾਹੀਦਾ ਹੈ। ਸ੍ਰੀ ਬਾਜਵਾ ਨੇ ਅੱਜ ਇੱਥੇ ਕਾਂਗਰਸੀ ਵਰਕਰਾਂ ਨਾਲ ਮਿਲਣੀ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦਾ ਗ੍ਰਹਿ ਵਿਭਾਗ ਮੁੱਖ ਮੰਤਰੀ ਕੋਲ ਹੈ, ਇਸ ਕਾਰਨ ਇਸ ਘਟਨਾ ਦੇ ਜ਼ਿੰਮੇਵਾਰ ਭਗਵੰਤ ਮਾਨ ਹਨ। ਪੰਜਾਬ ਵਿੱਚ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਉੱਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਜਬਰ ਕੀਤਾ ਜਾ ਰਿਹਾ ਹੈ। ਕਾਂਗਰਸ ਇਸ ਧੱਕੇਸ਼ਾਹੀ ਦਾ ਡਟਵਾਂ ਵਿਰੋਧ ਕਰੇਗੀ। ਉਨ੍ਹਾਂ ਪਾਰਟੀ ਵਿੱਚ ਖਿੱਚੋਤਾਣ ਸਬੰਧੀ ਕਿਹਾ ਕਿ ਪੰਜਾਬ ਕਾਂਗਰਸ ਇਕਜੁੱਟ ਹੈ। ਇਸ ਮੌਕੇ ਸਾਬਕਾ ਚੇਅਰਮੈਨ ਵਰਿੰਦਰ ਪੰਨਵਾਂ, ਮਹੇਸ਼ ਵਰਮਾ, ਅਮਰ ਸਿੰਘ ਫ਼ਤਿਹਗੜ੍ਹ ਭਾਦਸੋਂ ਸਮੇਤ ਪਾਰਟੀ ਵਰਕਰਾਂ ਨੇ ਪ੍ਰਤਾਪ ਸਿੰਘ ਬਾਜਵਾ ਦਾ ਸਨਮਾਨ ਕੀਤਾ।
ਸਰਕਾਰ ਦੇ ਪੁਤਲੇ ਫੂਕੇ ਅਤੇ ਨਾਅਰੇਬਾਜ਼ੀ ਕੀਤੀ
ਸਨੌਰ/ਪਟਿਆਲਾ (ਖੇਤਰੀ ਪ੍ਰਤੀਨਿਧ): ਬਰਨਾਲਾ ਵਿੱਚ ਸਫਾਈ ਕਰਮਚਾਰੀਆਂ ’ਤੇ ਲਾਠੀਚਾਰਜ ਦੇ ਵਿਰੋਧ ਵਿੱਚ ਸਨੌਰ ਅਤੇ ਪਟਿਆਲਾ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਰੋਸ ਮਾਰਚ ਕੱਢਦਿਆਂ ਪੁਤਲੇ ਫੂਕੇ। ਸਨੌਰ ਵਿੱਚ ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਨੰਦ ਲਾਲ ਨਗਰ ਦੀ ਅਗਵਾਈ ਹੇਠ ਕਰਮਚਾਰੀਆਂ ਨੇ ਸਰਕਾਰ ਦਾ ਪੁਤਲਾ ਸਾੜਿਆ। ਉਨ੍ਹਾਂ ਮੰਗ ਕੀਤੀ ਕਿ ਠੇਕੇ ‘ਤੇ ਕੰਮ ਕਰਦੇ ਕਰਮਚਾਰੀਆਂ ਨੂੰ ਪੱਕਾ ਕੀਤਾ ਜਾਵੇ, ਉਜਰਤਾਂ ਵਧਾਈਆਂ ਜਾਣ ਅਤੇ ਸਫਾਈ ਸੇਵਾਵਾਂ ਦੇ ਕੰਮ ਨਿੱਜੀ ਕੰਪਨੀਆਂ ਨੂੰ ਸੌਂਪਣ ਵਾਲੇ ਟੈਂਡਰ ਤੁਰੰਤ ਰੱਦ ਕੀਤੇ ਜਾਣ। ਉਧਰ, ਪਟਿਆਲਾ ਦੇ ਲਾਹੌਰੀ ਗੇਟ ਵਿੱਚ ਭਗਵਾਨ ਵਾਲਮੀਕਿ ਸੇਵਾ ਮੰਚ ਦੇ ਪ੍ਰਧਾਨ ਰਾਜੇਸ਼ ਬੱਗਣ, ਨਰੇਸ਼ ਕੁਮਾਰ ਨਿੰਦੀ, ਅਰੁਣ ਧਾਲੀਵਾਲ, ਲਵਲੀ ਅਛੂਤ ਅਤੇ ਜਤਿੰਦਰ ਪ੍ਰਿੰਸ ਸਮੇਤ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਦੀ ਅਗਵਾਈ ਹੇਠ ਰੋਸ ਰੈਲੀ ਕੱਢੀ ਗਈ। ਆਗੂਆਂ ਨੇ ਦੋਸ਼ ਲਾਇਆ ਕਿ ਪੁਲਿਸ ਨੇ ਸਫਾਈ ਸੇਵਕਾਂ ਨਾਲ ਬੇਹੱਦ ਅਮਾਨਵੀ ਵਿਹਾਰ ਕੀਤਾ ਹੈ, ਜਿਸ ਦੇ ਰੋਸ ਵਜੋਂ ਮੁੱਖ ਮੰਤਰੀ ਅਤੇ ਸਬੰਧਤ ਪੁਲੀਸ ਅਧਿਕਾਰੀਆਂ ਦੇ ਪੁਤਲੇ ਫੂਕ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

