ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 23 ਫਰਵਰੀ
ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਚੰਡੀਗੜ੍ਹ ਵਿੱਚ ਬਿਜਲੀ ਕਾਮਿਆਂ ਦੀ ਹੜਤਾਲ ਨੂੰ ਕੁਚਲਣ ਲਈ ਐਸਮਾ ਲਗਾਉਣ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕਰਦਿਆਂ ਇਸਨੂੰ ਗੈਰਕਾਨੂੰਨੀਅਤੇ ਤਾਨਾਸ਼ਾਹੀ ਕਦਮ ਕਰਾਰ ਦਿੱਤਾ ਹੈ ਤੇ ਤੁਰੰਤ ਹੜਤਾਲੀ ਕਾਮਿਆਂ ਨਾਲ ਬਿਨਾਂ ਸ਼ਰਤ ਗੱਲਬਾਤ ਕਰਕੇ ਐਸਮਾ ਹਟਾਉਣ ਦੀ ਮੰਗ ਕੀਤੀ ਹੈ। ਜਮਹੂਰੀ ਅਧਿਕਾਰ ਸਭਾ ਦੇ ਜ਼ਿਲਾ ਪ੍ਰਧਾਨ ਸਵਰਨਜੀਤ ਸਿੰਘ, ਸਕੱਤਰ ਕੁਲਦੀਪ ਸਿੰਘ ਤੇ ਪ੍ਰੈੱਸ ਸਕੱਤਰ ਜੁਝਾਰ ਸਿੰਘ ਲੌਂਗੋਵਾਲ ਨੇ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਬਿਜਲੀ ਵਿਭਾਗ ਨੂੰ ਨਿੱਜੀ ਕੰਪਨੀ ਦੇ ਹਵਾਲੇ ਕਰਨ ਦੇ ਅਮਲ ਵਿਰੁੱਧ ਯੂਟੀ ਦੇ ਬਿਜਲੀ ਕਾਮੇ ਤਿੰਨ ਦਿਨ ਦੀ ਹੜਤਾਲ ’ਤੇ ਹਨ ਕਿਉਂਕਿ ਯੂਟੀ ਪ੍ਰਸ਼ਾਸਨ ਕੇਂਦਰ ਸਰਕਾਰ ਦੀਆਂ ਹਦਾਇਤਾਂ ’ਤੇ ਬਿਜਲੀ ਕਾਮਿਆਂ ਤੇ ਲੋਕ ਹਿਤਾਂ ਨੂੰ ਦਰਕਿਨਾਰ ਕਰਕੇ ਬਿਜਲੀ ਵਿਭਾਗ ਨੂੰ ਐਸੀ ਕੰਪਨੀ ਨੂੰ ਵੇਚਣ ਜਾ ਰਿਹਾ ਹੈ ਜੋ ਸਿਰਫ਼ ਦੋ ਸਾਲ ਪਹਿਲਾਂ ਹੋਂਦ ’ਚ ਆਈ ਹੈ। ਅੰਦਾਜ਼ਨ ਵੀਹ ਤੋਂ ਪੱਚੀ ਹਜ਼ਾਰ ਕਰੋੜ ਦੀ ਜਾਇਦਾਦ ਸਿਰਫ਼ 871 ਕਰੋੜ ਰੁਪਏ ’ਚ ਵੇਚੀ ਜਾ ਰਹੀ ਹੈ। ਮੁਨਾਫ਼ੇ ’ਚ ਚੱਲ ਰਹੇ ਬਿਜਲੀ ਵਿਭਾਗ ਦਾ ਨਿੱਜੀਕਰਨ ਨਾ ਸਿਰਫ਼ ਲੋਕ ਹਿਤਾਂ ਖ਼ਿਲਾਫ਼ ਹੈ, ਇਸ ਨਾਲ ਬਿਜਲੀ ਕਾਮਿਆਂ ਦੇ ਭਵਿੱਖ ਉੱਪਰ ਵੀ ਸਵਾਲੀਆ ਚਿੰਨ੍ਹ ਲੱਗ ਗਿਆ ਹੈ। ਇਸ ਤਰਕਹੀਣ ਫ਼ੈਸਲੇ ਨਾਲ ਪ੍ਰਭਾਵਿਤ ਹੋਣ ਵਾਲੇ ਮੁਲਾਜ਼ਮਾਂ ਦੇ ਵਿਰੋਧ ਦੇ ਮੱਦੇਨਜ਼ਰ ਆਪਣੀ ਤਜਵੀਜ਼ ਉੱਪਰ ਮੁੜ ਵਿਚਾਰ ਕਰਨ ਦੀ ਬਜਾਏ ਪ੍ਰਸ਼ਾਸਨ ਦਾ ਜ਼ਰੂਰੀ ਸੇਵਾਵਾਂ ਦੇ ਬਹਾਨੇ ਜ਼ਰੂਰੀ ਸੇਵਾਵਾਂ ਬਹਾਲੀ ਕਾਨੂੰਨ (ਐਸਮਾ) ਲਾ ਕੇ ਹੜਤਾਲ ਨੂੰ ਗ਼ੈਰਕਾਨੂੰਨੀ ਕਰਾਰ ਦੇਣਾ ਤਾਨਾਸ਼ਾਹ ਕਦਮ ਹੈ। ਇਹ ਬਿਜਲੀ ਕਾਮਿਆਂ ਦੀ ਨਿੱਜੀ ਲੜਾਈ ਨਹੀਂ ਹੈ, ਇਹ ਦਲਾਲ ਹੁਕਮਰਾਨਾਂ ਵੱਲੋਂ ਮੁਲਕ ਦੇ ਬੇਹੱਦ ਕੀਮਤੀ ਵਸੀਲੇ ਮੁਨਾਫ਼ੇ ਬਟੋਰਨ ਵਾਲੇ ਨਿੱਜੀ ਕਾਰਪੋਰੇਟ ਕਾਰੋਬਾਰੀਆਂ ਨੂੰ ਵੇਚਣ ਦੇ ਦੇਸ਼ਧ੍ਰੋਹੀ ਅਮਲ ਵਿਰੁੱਧ ਲੜਾਈ ਹੈ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ) ਪੀਐੱਸਈਬੀ ਐਂਪਪਲਾਈਜ਼ ਜੁਆਇੰਟ ਫੋਰਮ ਪੰਜਾਬ ਦੇ ਸੱਦੇ ’ਤੇ ਚੰਡੀਗੜ੍ਹ ਦੇ ਪਾਵਰ ਸੈਕਟਰ ਨੂੰ ਨਿੱਜੀ ਹੱਥਾਂ ’ਚ ਦੇਣ ਵਿਰੁੱਧ ਹੜਤਾਲ ’ਤੇ ਗਏ ਕਰਮਚਾਰੀਆਂ ਦੇ ਸਮਰਥਨ ’ਚ ਬਿਜਲੀ ਕਾਮਿਆਂ ਵੱਲੋਂ ਮੰਡਲ ਮਾਲੇਰਕੋਟਲਾ ਦੇ ਗੇਟ ’ਤੇ ਰੋਸ ਰੈਲੀ ਕੀਤੀ ਗਈ। ਇਸ ਮੌਕੇ ਕਰਮਚਾਰੀਆਂ ਵੱਲੋਂ ਕੇਂਦਰ ਸਰਕਾਰ ਤੇ ਚੰਡੀਗੜ੍ਹ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਐਂਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦੇ ਜਸਵੀਰ ਸਿੰਘ ਧਾਲੀਵਾਲ, ਜਸਵੀਰ ਸਿੰਘ ਮੰਡਲ ਪ੍ਰਧਾਨ, ਕੌਰ ਸਿੰਘ ਸੋਹੀ ਸੂਬਾ ਪ੍ਰਧਾਨ, ਪੀ.ਐਸ.ਈ.ਬੀ. ਇੰਪਲਾਈਜ਼ ਫੈਡਰੇਸ਼ਨ, ਅਮਰਦੀਪ ਸਿੰਘ ਆਦਿ ਨੇ ਕਿਹਾ ਕਿ ਕਰੋੜਾਂ ਰੁਪਏ ਦੇ ਮੁਨਾਫ਼ੇ ਵਿੱਚ ਹੋਣ ਦੇ ਬਾਵਜੂਦ ਇਸ ਨੂੰ ਨਿੱਜੀ ਹੱਥਾਂ ’ਚ ਦਿੱਤਾ ਜਾ ਰਿਹਾ ਹੈ।
ਅਮਰਗੜ੍ਹ (ਪੱਤਰ ਪ੍ਰੇਰਕ) ਜੁਆਇੰਟ ਫੋਰਮ ਦੇ ਸੱਦੇ ’ਤੇ ਸਬ-ਡਵੀਜਨ ਦਫਤਰ ਅੱਗੇ ਬਿਜਲੀ ਮੁਲਾਜ਼ਮਾਂ ਨੇ ਚੰਡੀਗੜ੍ਹ ਬਿਜਲੀ ਬੋਰਡ ਦੇ ਨਿੱਜੀਕਰਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਚੰਡੀਗੜ੍ਹ ਪ੍ਰਸ਼ਾਸ਼ਨ ਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੁਲਾਜ਼ਮਾਂ ਨੇ ਘਮਰੋਦਾ ਸਬ-ਡਵੀਜਨ ਦੇ ਦੋ ਮੁਲਾਜ਼ਮਾਂ ਨੂੰ ਸਸਪੈਂਡ ਕਰਨ ਦੀ ਵੀ ਨਿਖੇਧੀ ਕੀਤੀ। ਰੈਲੀ ਨੂੰ ਸੰਬੋਧਨ ਕਰਦੇ ਪ੍ਰਧਾਨ ਵਿਜੈ ਕੁਮਾਰ, ਭਜਨ ਲਾਲ, ਬਲਦੇਵ ਸਿੰਘ, ਦਰਸ਼ਨ ਸਿੰਘ ਆਦਿ ਨੇ ਕਿਹਾ ਕਿ ਚੰਡੀਗੜ੍ਹ ’ਚ ਬਿਜਲੀ ਵਿਭਾਗ ਮੁਨਾਫੇ ਵਿੱਚ ਹੈ।
ਪੰਜਾਬ ਦੇ ਬਿਜਲੀ ਮੁਲਾਜ਼ਮਾਂ ਨੇ ਵੀ ਕੀਤੀ ਹਮਾਇਤ
ਸੰਗਰੂਰ (ਨਿਜੀ ਪੱਤਰ ਪ੍ਰੇਰਕ) ਜੁਆਇੰਟ ਫੋਰਮ ਪਾਵਰਕੌਮ ਪੰਜਾਬ ਦੇ ਸੱਦੇ ’ਤੇ ਬਿਜਲੀ ਕਾਮਿਆਂ ਵੱਲੋਂ ਇਥੇ ਪਾਵਰਕੌਮ ਦੇ ਸਰਕਲ ਦਫ਼ਤਰ ਅੱਗੇ ਚੰਡੀਗੜ੍ਹ ਬਿਜਲੀ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਦੇ ਹੱਕ ’ਚ ਰੋਸ ਮੁਜ਼ਾਹਰਾ ਕੀਤਾ ਗਿਆ ਤੇ ਕੇਂਦਰ ਸਰਕਾਰ ਤੇ ਚੰਡੀਗੜ੍ਹ ਪਾਵਰਕੌਮ ਮੈਨੇਜਮੈਂਟ ਖ਼ਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਪਾਵਰਕੌਮ ਦੀ ਟੈਕਨੀਕਲ ਸਰਵਿਸ ਯੂਨੀਅਨ ਦੇ ਸਰਕਲ ਸਕੱਤਰ ਯਸ਼ਪਾਲ ਸ਼ਰਮਾ, ਡਵੀਜ਼ਨ ਪ੍ਰਧਾਨ ਪਰਮਿੰਦਰ ਸਿੰਘ ਤੇ ਸਕੱਤਰ ਜਗਦੇਵ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਾਰੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਅੰਬਾਨੀ, ਅਡਾਨੀ ਵਰਗੇ ਕਾਰਪੋਰੇਟ ਘਰਾਣਿਆਂ ਨੂੰ ਮੁਨਾਫ਼ੇ ’ਚ ਜਾ ਰਹੇ ਮਹਿਕਮਿਆਂ ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ ਜਿਸ ਕਾਰਨ ਸਮੁੱਚੇ ਦੇਸ਼ ਦੇ ਮੁਲਾਜ਼ਮਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਮੁਲਾਜ਼ਮ ਕੇਂਦਰ ਸਰਕਾਰ ਦੇ ਅਜਿਹੇ ਮਨਸੂਬਿਆਂ ਨੂੰ ਕਿਸੇ ਵੀ ਹਾਲਤ ਵਿਚ ਸਫ਼ਲ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿੱਚ ਬਿਜਲੀ ਕਾਮਿਆਂ ਦੀ ਹੜਤਾਲ ਬਿਲਕੁਲ ਜਾਇਜ਼ ਹੈ ਤੇ ਰੋਸ ਪ੍ਰਦਰਸ਼ਨ ਮੁਲਾਜ਼ਮਾਂ ਦਾ ਜਮਹੂਰੀ ਹੱਕ ਹੈ।