ਨਿਜੀ ਪੱਤਰ ਪ੍ਰੇਰਕ
ਸੰਗਰੂਰ, 30 ਮਾਰਚ
ਪੰਜਾਬ ਸਕੂਲ ਸਿੱਖਿਆ ਬੋਰਡ ਦਸਵੀਂ ਤੇ ਬਾਰ੍ਹਵੀਂ ਦੇ ਸਰਟੀਫਿਕੇਟ ਜਾਰੀ ਕਰਨ ਬਦਲੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਤੋਂ 800/-ਰੁਪਏ ਪ੍ਰਤੀ ਵਿਦਿਆਰਥੀ ਸਰਟੀਫਿਕੇਟ ਫੀਸ ਮੰਗ ਰਿਹਾ ਹੈ, ਜਿਸਨੂੰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਨੇ ਵਿਦਿਆਰਥੀਆਂ ਤੇ ਕਿਰਤੀ ਮਾਪਿਆਂ ਦੀ ਸਿੱਧੀ ਲੁੱਟ ਕਰਾਰ ਦਿੱਤਾ ਹੈ। ਡੀਟੀਐਫ਼ ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਵੱਲੋਂ ਜਾਰੀ ਪ੍ਰੈਸ ਬਿਆਨ ਵਿੱਚ ਫਰੰਟ ਦੇ ਸੂਬਾ ਪ੍ਰਧਾਨ ਦਿੱਗਵਿਜੇ ਪਾਲ ਸ਼ਰਮਾ, ਸਕੱਤਰ ਸਰਵਣ ਸਿੰਘ ਔਜਲਾ ਤੇ ਵਿੱਤ ਸਕੱਤਰ ਜਸਵਿੰਦਰ ਸਿੰਘ ਬਠਿੰਡਾ ਨੇ ਕਿਹਾ ਕਿ ਬੋਰਡ ਵੱਲੋਂ ਤੈਅ ਕੀਤੀਆਂ ਨਾਜਾਇਜ਼ ਸਰਟੀਫਿਕੇਟ ਫੀਸਾਂ ਨਾ ਭਰ ਸਕਣ ਵਾਲੇ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਦੇ ਸਰਟੀਫਿਕੇਟ ਹਾਸਲ ਕਰਨ ਤੋਂ ਵਾਂਝੇ ਰਹਿਣ ਲਈ ਮਜਬੂਰ ਹਨ।
ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੇ ਚਲਦਿਆਂ ਸਿੱਖਿਆ ਬੋਰਡ ਦੀਆਂ ਫ਼ੀਸਾਂ ਅਸਮਾਨੀਂ ਚੜ੍ਹ ਗਈਆਂ ਹਨ। ਬੋਰਡ ਵਿਦਿਆਰਥੀਆਂ ਨੂੰ ਸਹੂਲਤ ਦੇਣ ਦੀ ਥਾਂ ਪ੍ਰੀਖਿਆ, ਪ੍ਰੈਕਟੀਕਲ ਤੇ ਸਰਟੀਫਿਕੇਟ ਫ਼ੀਸਾਂ ਵਿੱਚ ਲਗਾਤਾਰ ਵਾਧਾ ਕਰ ਰਿਹਾ ਹੈ। ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਤੋਂ ਇਸ ਮਾਮਲੇ ਵਿੱਚ ਦਖ਼ਲ ਦੇਣ ਤੇ ਵਿਦਿਆਰਥੀਆਂ ਦੀ ਲੁੱਟ ਬੰਦ ਕਰਨ ਦੀ ਮੰਗ ਕੀਤੀ ਹੈ।