ਨਿਜੀ ਪੱਤਰ ਪ੍ਰੇਰਕ
ਸੰਗਰੂਰ, 8 ਜੁਲਾਈ
ਪੀ.ਡਬਲਿਯੂ.ਡੀ. ਫੀਲਡ ਤੇ ਵਰਕਸ਼ਾਪ ਵਰਕਰਜ਼ ਯੂਨੀਅਨ ਵੱਲੋਂ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਇਥੇ ਵਾਟਰ ਸਪਲਾਈ ਤੇ ਸੀਵਰੇਜ਼ ਬੋਰਡ ਦੇ ਮੰਡਲ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ ਜਿਸਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਮਾਲਵਿੰਦਰ ਸੰਧੂ, ਸੀਵਰੇਜ਼ ਬੋਰਡ ਦੇ ਸੂਬਾਈ ਆਗੂ ਚਮਕੌਰ ਮਹਿਲਾਂ, ਪਸਸਫ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਚੰਗਾਲੀਵਾਲਾ ਵੱਲੋਂ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਉਜਾਗਰ ਸਿੰਘ ਜੱਗਾ, ਸਵਰਨ ਸਿੰਘ ਅਕਬਰਪੁਰ, ਅਮਰੀਕ ਗੁਰਨੇ, ਰਜਿੰਦਰ ਅਕੋਈ ਅਤੇ ਬਲਦੇਵ ਬਡਰੁੱਖਾਂ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੂਰੀਆਂ ਤਨਖਾਹਾਂ ਤੇ ਬਿਨਾਂ ਸ਼ਰਤ ਤੋਂ ਰੈਗੂਲਰ ਕੀਤਾ ਜਾਵੇ, ਠੇਕੇਦਾਰੀ ਸਿਸਟਮ ਬੰਦ ਕਰਕੇ ਰੈਗੂਲਰ ਭਰਤੀ ਚਾਲੂ ਕੀਤੀ ਜਾਵੇ, 2004 ਤੋਂ ਬਾਅਦ ਭਰਤੀ ਹੋਏ ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਲਾਗੂ ਕੀਤੀ ਜਾਵੇ, ਸੀਵਰੇਜ਼ ਬੋਰਡ ਅੰਦਰ ਰੈਗੂਲਰ ਹੋਏ 104 ਕਰਮਚਾਰੀਆਂ ਨੂੰ ਬਿਨਾਂ ਸ਼ਰਤ ਤੋਂ ਪੂਰੀ ਤਨਖਾਹ ਭੱਤਿਆਂ ਸਮੇਤ ਦਿੱਤੀ ਜਾਵੇ, ਹਾਈ ਕੋਰਟ ਦੇ ਫੈਸਲਿਆਂ ਮੁਤਾਬਕ ਰੈਗੂਲਰ ਹੋਏ ਕਰਮਚਾਰੀਆਂ ਨੂੰ ਪੂਰੀਆਂ ਤਨਖਾਹਾਂ ਦਿੱਤੀਆਂ ਜਾਣ, ਪਸਸਫ਼ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਚਹਿਲ ਦੀ ਨਾਜਾਇਜ਼ ਚਾਰਜਸ਼ੀਟ ਰੱਦ ਕੀਤੀ ਜਾਵੇ, ਡੀਏ ਦੇ 43 ਮਹੀਨਿਆਂ ਦਾ ਬਕਾਇਆ ਤੇ ਕਿਸ਼ਤਾਂ ਤੁਰੰਤ ਦਿੱਤੀਆਂ ਜਾਣ, ਪੇ-ਕਮਿਸ਼ਨ ਦੀ ਰਿਪੋਰਟ ਲਾਗੂ ਕੀਤੀ ਜਾਵੇ।
ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ
ਸੰਗਰੂਰ (ਗੁਰਦੀਪ ਸਿੰਘ ਲਾਲੀ) ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਪੰਜਾਬ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਸੰਗਰੂਰ ਜ਼ਿਲ੍ਹਾ ਇਕਾਈ ਵੱਲੋਂ ਇਥੇ ਲਾਲ ਬੱਤੀ ਚੌਕ ’ਚ ਕੇਂਦਰ ਤੇ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫ਼ੂਕ ਮੁਜ਼ਾਹਰਾ ਕੀਤਾ ਗਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਫੈਡਰੇਸ਼ਨ ਦੇ ਸੂਬਾਈ ਆਗੂ ਸਵਰਨਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਟੈਕਨੀਕਲ ਸਰਵਿਸ ਯੂਨੀਅਨ ਹਰਜੀਤ ਸਿੰਘ ਵਾਲੀਆ ਨੇ ਦੱਸਿਆ ਕਿ ਕਰੋਨਾ ਸੰਕਟ ਦੀ ਆੜ ਹੇਠ ਕੇਂਦਰ ਦੀ ਮੋਦੀ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਜਨਤਕ ਅਦਾਰਿਆਂ ਨੂੰ ਸਰਮਾਏਦਾਰਾਂ ਕੋਲ ਕੌਡੀਆਂ ਦੇ ਭਾਅ ਵੇਚ ਕੇ ਨਿੱਜੀਕਰਨ ਲਾਗੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਸੂਬਾਈ ਮੁਲਾਜ਼ਮਾਂ ਦਾ ਤਨਖਾਹ ਕਮਿਸ਼ਨ 31 ਦਸੰਬਰ 2020 ਤੱਕ ਅੱਗੇ ਪਾ ਦਿੱਤਾ ਗਿਆ ਹੈ, ਜਨਵਰੀ 2018 ਤੋਂ ਡੀ.ਏ. ਜਾਮ ਹੈ ਤੇ 178 ਮਹੀਨਿਆਂ ਦਾ ਬਕਾਇਆ ਦੱਬਿਆ ਹੋਇਆ ਹੈ। ਮਿੱਡ-ਡੇਅ ਮੀਲ ਤੇ ਆਸ਼ਾ ਵਰਕਰਾਂ ਕੋਲੋਂ ਨਿਗੂਣੇ ਭੱਤਿਆਂ ’ਤੇ ਕੰਮ ਕਰਵਾਇਆ ਜਾ ਰਿਹਾ ਹੈ।