ਪਵਨ ਕੁਮਾਰ ਵਰਮਾ
ਧੂਰੀ, 10 ਅਗਸਤ
ਸਫਾਈ ਸੇਵਕ ਯੂਨੀਅਨ ਧੂਰੀ ਵੱਲੋਂ ਅੱਜ ਨਗਰ ਕੌਂਸਲ ਦੇ ਦਫਤਰ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਧਾਨ ਮਨੋਜ ਰਾਣੀ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ। ਇਸ ਮੌਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਹਾਜ਼ਰ ਆਗੂਆਂ ਵਿੱਚ ਸ਼ਾਮਲ ਸੰਜੇ ਕੁਮਾਰ, ਧਰਮ ਪਾਲ ਅਤੇ ਸੁਮਿਤ ਕੁਮਾਰ ਆਦਿ ਨੇ ਕਿਹਾ ਕਿ ਨਗਰ ਕੌਂਸਲ ਦਫਤਰ ਵਿੱਚ ਠੇਕੇਦਾਰੀ ਸਿਸਟਮ ਅਧੀਨ ਕੰਮ ਕਰਦੇ ਆ ਰਹੇ ਸਫਾਈ ਸੇਵਕ ਲੰਮੇਂ ਸਮੇਂ ਤੋਂ ਸਰਕਾਰ ਦੀ ਵਾਅਦਾਖਿਲਾਫੀ ਦਾ ਸ਼ਿਕਾਰ ਹੁੰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕੱਚੇ ਸਫਾਈ ਸੇਵਕਾਂ ਨੂੰ ਪੱਕੇ ਕਰਨ ਦਾ ਭਰੋਸਾ ਦਿੱਤਾ ਸੀ ਅਤੇ ਹੁਣ ਭਗਵੰਤ ਮਾਨ ਦੀ ਸਰਕਾਰ ਵੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਬਜਾਏ ਡੰਗ ਟਪਾਊ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਦੇ ਮੁੱਖ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕੱਚੇ ਸਫਾਈ ਸੇਵਕਾਂ ਦੀਆਂ ਮੁਸ਼ਕਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੂੰ ਪੱਕੇ ਕਰਨ। ਉਨ੍ਹਾਂ ਕਿਹਾ ਕਿ ਸਫਾਈ ਕਾਮਿਆਂ ਨੇ ਕਰੋਨਾ ਮਹਾਂਮਾਰੀ ਦੌਰਾਨ ਆਪਣੀ ਜਾਨ ਖਤਰੇ ਵਿੱਚ ਪਾ ਕੇ ਲੰਮਾ ਸਮਾਂ ਸਰਕਾਰ ਦਾ ਸਾਥ ਦਿੱਤਾ ਸੀ ਅਤੇ ਸਰਕਾਰ ਵੱਲੋਂ ਵੀ ਸਫਾਈ ਸੇਵਕਾਂ ਨੂੰ ਕਰੋਨਾ ਯੋਧੇ ਐਲਾਨਿਆ ਗਿਆ ਸੀ। ਇਹ ਯੋਧੇ ਅੱਜ ਨਿਗੁਣੀਆਂ ਤਨਖਾਹਾਂ ’ਤੇ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।