ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 16 ਦਸੰਬਰ
ਸੇਵਾਵਾਂ ਰੈਗੂਲਰ ਕਰਾਉਣ ਦੀ ਮੰਗ ਸਬੰਧੀ ਇੱਕ ਮਹੀਨੇ ਤੋਂ ਸਿਹਤ ਸੇਵਾਵਾਂ ਠੱਪ ਕਰ ਕੇ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਚੱਲ ਰਹੇ ਐਨਐਚਐਮ ਮੁਲਾਜ਼ਮਾਂ ਵਲੋਂ ਦਿੱਲੀ-ਲੁਧਿਆਣਾ ਹਾਈਵੇਅ ’ਤੇ ਸਥਿਤ ਮੁੱਖ ਚੌਕ ਵਿਚ ਪੰਜਾਬ ਸਰਕਾਰ ਦੇ ਲਾਰਿਆਂ ਖ਼ਿਲਾਫ਼ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ।
ਸਿਵਲ ਹਸਪਤਾਲ ਵਿਚ ਇਕੱਠੇ ਹੋਏ ਪ੍ਰਦਰਸ਼ਨਕਾਰੀ ਚੰਨੀ ਸਰਕਾਰ ਖ਼ਿਲਾਫ਼ ਰੋਸ ਮਾਰਚ ਕਰਦੇ ਹੋਏ ਹਾਈਵੇਅ ’ਤੇ ਸਥਿਤ ਚੌਕ ਵਿਚ ਪੁੱਜੇ ਜਿੱਥੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਬੋਲਦਿਆਂ ਮੁਲਾਜ਼ਮ ਆਗੂ ਕੀਰਤਨ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਚੰਨੀ ਵੱਲੋਂ ਵਿਧਾਨ ਸਭਾ ਵਿਚ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਵਾਲਾ ਐਕਟ ਪਾਸ ਕਰਦੇ ਹੋਏ 36,000 ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕੀਤਾ ਗਿਆ ਸੀ ਪਰ ਇੱਕ ਮਹੀਨੇ ਤੋਂ ਵੱਧ ਸਮਾਂ ਬੀਤਣ ’ਤੇ ਵੀ ਐਕਟ ਵਿਭਾਗਾਂ ਵਿਚ ਨਹੀਂ ਭੇਜਿਆ ਗਿਆ ਜਿਸ ਕਾਰਨ ਐਨਐਚਐਮ ਮੁਲਾਜ਼ਮਾਂ ਵਿਚ ਰੋਸ ਹੈ। ਐਨਐਚਐਮ ਮੁਲਾਜ਼ਮ ਯੂਨੀਅਨ ਦੇ ਆਗੂ ਡਾ. ਰਜ਼ਨੀਸ ਗਰਗ ਅਤੇ ਸੀਐਚਓ ਡਾ. ਵਰਿੰਦਰ ਸਿੰਘ ਨੇ ਕਿਹਾ ਕਿ ਐਨਐਚਐਮ ਦੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਕਾਂਗਰਸ ਪਾਰਟੀ ਵੱਲੋਂ 2017 ਚੋਣਾਂ ਦੌਰਾਨ ਵਾਅਦਾ ਕੀਤਾ ਸੀ ਪਰ ਸਾਢੇ ਚਾਰ ਸਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਗੱਲਾਂ ਵਿਚ ਹੀ ਟਪਾ ਦਿੱਤੇ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ’ਤੇ ਉਨ੍ਹਾਂ ਵੱਲੋਂ ਪਹਿਲੇ ਦਿਨ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਬਿਆਨ ਜਾਰੀ ਕੀਤਾ ਸੀ ਅਤੇ ਕਾਰਵਾਈਆਂ ਕਰਦੇ ਕਰਦੇ ਨੌਂ ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 36,000 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਐਲਾਨ ਕਰ ਕੇ ਵਿਧਾਨ ਸਭਾ ਵਿਚ ਬਿੱਲ ਪਾਸ ਕੀਤਾ ਪਰ ਬਿੱਲ ਪਾਸ ਹੋਣ ਦੇ ਮਹੀਨੇ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਵੀ ਐਕਟ ਨੋਟੀਫਾਈ ਕਰ ਕੇ ਵਿਭਾਗਾਂ ਨੂੰ ਨਹੀ ਭੇਜਿਆ ਗਿਆ। ਇਸ ਤੋਂ ਕਾਂਗਰਸ ਸਰਕਾਰ ਦੀ ਬਦਨੀਤੀ ਸਾਫ਼ ਨਜ਼ਰ ਆ ਰਹੀ ਹੈ।
ਮੁਲਾਜ਼ਮ ਆਗੂ ਕਰਨੈਲ ਸਿੰਘ, ਪ੍ਰਵੀਨ ਰਾਣੀ ਅਤੇ ਵਿਪਨਜੀਤ ਕੌਰ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਸੇਵਾਵਾਂ ਰੈਗੂਲਰ ਨਾ ਕੀਤੀਆਂ ਤਾਂ ਕਾਂਗਰਸ ਪਾਰਟੀ ਦੇ ਪ੍ਰ੍ਰੋਗਰਾਮਾਂ ਦਾ ਤਿੱਖਾ ਵਿਰੋਧ ਕੀਤਾ ਜਾਵੇਗਾ। ਇਸ ਦਾ ਖ਼ਮਿਆਜ਼ਾ ਕਾਂਗਰਸ ਪਾਰਟੀ ਨੂੰ ਅਸੈਂਬਲੀ ਚੋਣਾਂ ਵਿਚ ਭੁਗਤਣਾ ਪਵੇਗਾ। ਇੱਥੇ ਜ਼ਿਕਰਯੋਗ ਹੈ ਕਿ ਐਨਐਚਐਮ ਮੁਲਾਜ਼ਮ ਬੀਤੀ 16 ਨਵੰਬਰ ਤੋਂ ਸਿਹਤ ਸੇਵਾਵਾਂ ਠੱਪ ਕਰ ਕੇ ਬੇਮਿਆਦੀ ਹੜਤਾਲ ’ਤੇ ਹਨ।