ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਜੁਲਾਈ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੀ ਸੂਬਾ ਕਮੇਟੀ ਨੇ ਪੰਜਾਬ ਸਰਕਾਰ ਦੀ ਮੁਲਾਜ਼ਮ ਮੰਗਾਂ ਪ੍ਰਤੀ ਬੇਰੁਖ਼ੀ ਖ਼ਿਲਾਫ਼ ਸੰਘਰਸ਼ ਨੂੰ ਹੋਰ ਤਿੱਖਾ ਕਰਦਿਆਂ ਕਲਮ ਛੋੜ ਹੜਤਾਲ ਭਲਕੇ 2 ਜੁਲਾਈ ਤੱਕ ਵਧਾ ਦਿੱਤੀ ਹੈ। ਅੱਜ ਕਲਮ ਛੋੜ ਹੜਤਾਲ ਦੇ 10ਵੇਂ ਦਿਨ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਖਜ਼ਾਨਾ ਦਫ਼ਤਰ ਅੱਗੇ ਸਰਕਾਰ ਖ਼ਿਲਾਫ਼ ਰੋਸ ਰੈਲੀ ਕੀਤੀ ਗਈ।
ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਜਨਰਲ ਸਕੱਤਰ ਰਾਜਵੀਰ ਬਡਰੁੱਖਾਂ, ਸਰਪ੍ਰਸਤ ਬਲਵਿੰਦਰ ਸੋਹੀ ਨੇ ਕਿਹਾ ਕਿ ਸੂਬੇ ਦੇ ਵਿੱਤ ਮੰਤਰੀ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ ਦੇ ਰਹੇ ਹਨ। ਕਾਂਗਰਸ ਸਰਕਾਰ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਬਜਾਏ ਉਨ੍ਹਾਂ ਦਾ ਸੋਸ਼ਣ ਕਰ ਰਹੀ ਹੈ, ਜਿਸ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਪੇਅ ਕਮਿਸ਼ਨ ਦੀ ਰਿਪੋਰਟ ਸੋਧ ਕੇ ਜਾਰੀ ਕਰਨ ਤੋਂ ਇਲਾਵਾ ਬਾਕੀ ਮੰਗਾਂ ਮੰਨੀਆਂ ਪੂਰੀਆਂ ਕਰਨ ਦੀ ਮੰਗ ਕੀਤੀ। ਰੈਲੀ ’ਚ ਖਜ਼ਾਨਾ ਦਫ਼ਤਰ, ਡੀਸੀ ਦਫ਼ਤਰ, ਹੈਲਥ ਵਿਭਾਗ, ਪੰਚਾਇਤੀ ਰਾਜ, ਸਹਿਕਾਰਤਾ ਵਿਭਾਗ, ਆਯੂਰਵੈਦਿਕ ਵਿਭਾਗ, ਤਹਿਸੀਲ ਦਫਤਰ, ਆਂਕੜਾ ਵਿਭਾਗ, ਬਾਗਬਾਨੀ, ਫੂਡ ਸਪਲਾਈ ਵਿਭਾਗ, ਡਰੇਨੇਜ ਵਿਭਾਗ, ਸਿੱਖਿਆ ਵਿਭਾਗ, ਜਲ ਸਪਲਾਈ ਸੈਨੀਟੇਸ਼ਨ ਵਿਭਾਗ, ਮੰਡੀ ਬੋਰਡ, ਪਸ਼ੂ ਪਾਲਣ ਵਿਭਾਗ, ਮੱਛੀ ਪਾਲਣ, ਜ਼ਿਲਾ ਯੋਜਨਾਕਾਰ, ਬੀਡੀਪੀਓ ਦਫਤਰ, ਇਲੈਕਸ਼ਨ ਦਫਤਰ, ਐਕਸਾਈਜ ਵਿਭਾਗ, ਬਲਾਕ ਸਮਿਤੀ ਵਿਭਾਗ, ਭੂਮੀ ਰੱਖਿਆ ਵਿਭਾਗ, ਇਰੀਗੇਸ਼ਨ ਵਿਭਾਗ ਆਦਿ ਵਿਭਾਗਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰ ਸ਼ਾਮਲ ਹੋਏ।
ਕਲਮਛੋੜ ਹੜਤਾਲ ਜਾਰੀ
ਰਾਜਪੁਰਾ (ਪੱਤਰ ਪ੍ਰੇਰਕ): ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਸੱਦੇ ’ਤੇ ਮਨਿਸਟੀਰੀਅਲ ਮੁਲਾਜ਼ਮਾਂ ਵੱਲੋਂ ਸਥਾਨਕ ਮਿੰਨੀ ਸਕੱਤਰੇਤ ਵਿੱਚ ਅੱਜ ਦਸਵੇਂ ਦਿਨ ਵੀ ਕਲਮ ਛੋੜ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਮੁਜ਼ਾਹਰੇ ਦੀ ਅਗਵਾਈ ਮੁਲਾਜ਼ਮ ਆਗੂ ਗੁਰਮੁੱਖ ਸਿੰਘ, ਮੈਡਮ ਮੀਨੂ ਖੰਨਾ ਨੇ ਕੀਤੀ। ਆਗੂਆਂ ਨੇ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਦੀ ਨਿਖੇਧੀ ਕਰਦਿਆਂ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਹੈ।