ਹਰਦੀਪ ਸਿੰਘ ਸੋਢੀ
ਧੂਰੀ, 15 ਸਤੰਬਰ
ਪੰਜਾਬ ਸਰਕਾਰ ਵੱਲੋਂ ਸੱਤਵੇਂ ਸੂਬਾ ਪੱਧਰੀ ਮੈਗਾ ਰੁਜ਼ਗਾਰ ਮੇਲੇ ਦੀ ਲੜੀ ਤਹਿਤ ਅੱਜ ਸਥਾਨਕ ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਰੁਜ਼ਗਾਰ ਮੇਲਾ ਲਗਾਇਆ ਗਿਆ। ਇਸ ਵਿਚ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਅਤੇ ਐਸਡੀਐਮ ਧੂਰੀ ਇਸ਼ਮਿਤ ਵਿਜੇ ਸਿੰਘ ਨੇ ਸ਼ਿਰਕਤ ਕੀਤੀ। ਵਿਧਾਇਕ ਗੋਲਡੀ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਦੌਰਾਨ ਕਰੀਬ 22 ਨਿੱਜੀ ਉਦਯੋਗਿਕ ਇਕਾਈਆਂ ਦੇ ਅਧਿਕਾਰੀਆਂ ਵੱਲੋਂ ਕਰੀਬ 2 ਹਜ਼ਾਰ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ’ਤੇ ਰੁਜ਼ਗਾਰ ਮੁਹੱਈਆ ਕਰਵਾਇਆ ਗਿਆ ਹੈ। ਇਸ ਮੌਕੇ ਵਿਧਾਇਕ ਗੋਲਡੀ ਤੇ ਐੱਸਡੀਐੱਮ ਧੂਰੀ ਵੱਲੋਂ ਇਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਸੌਂਪੇ ਗਏ।
ਦੂਜੇ ਪਾਸੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪਿਛਲੇ ਕਾਫੀ ਸਮੇਂ ਤੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰ ਰਹੇ ਬੀਐੱਡ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਦੇ ਆਗੂਆਂ ਵੱਲੋਂ ਇਸ ਰੁਜ਼ਗਾਰ ਮੇਲੇ ਨੂੰ ਮਹਿਜ਼ ਡਰਾਮਾ ਕਰਾਰ ਦਿੰਦੇ ਹੋਏ ਰੁਜ਼ਗਾਰ ਮੇਲੇ ਦੇ ਬਾਹਰ ਰੋਸ ਜ਼ਾਹਿਰ ਕਰਦਿਆਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਹੁਣ ਤਕ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ ਦੀ ਬਜਾਏ ਸਿਰਫ ਡਾਂਗਾਂ ਹੀ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਪੰਜਾਬ ਕਾਂਗਰਸ ਵੱਲੋਂ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਗਿਆ ਸੀ, ਪ੍ਰੰਤੂ ਹੁਣ ਜਦੋਂ ਚੋਣਾਂ ’ਚ ਮਹਿਜ਼ 4-5 ਮਹੀਨੇ ਰਹਿ ਗਏ ਹਨ ਤਾਂ ਸਰਕਾਰ ਅਜਿਹੇ ਰੁਜ਼ਗਾਰ ਮੇਲੇ ਲਗਾ ਕੇ ਨੌਜਵਾਨਾਂ ਨੂੰ ਨਿੱਜੀ ਕੰਪਨੀਆਂ ਵਿਚ ਨਿਗੁੂਣੀਆਂ ਤਨਖਾਹਾਂ ਉਪਰ ਨੌਕਰੀਆਂ ਲਗਵਾ ਕੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਪੰਜਾਬ ਸਰਕਾਰ ਵੱਲੋਂ ਲਗਾਏ ਜਾਣ ਵਾਲੇ ਰੁਜ਼ਗਾਰ ਮੇਲਿਆਂ ਵਿਚ ਲੋਕਾਂ ਨੂੰ ਪੰਜਾਬ ਸਰਕਾਰ ਦੇ ਮਨਸੂਬਿਆਂ ਤੋਂ ਜਾਣੂ ਕਰਵਾਇਆ ਜਾਵੇਗਾ।