ਗੁਰਦੀਪ ਸਿੰਘ ਲਾਲੀ
ਸੰਗਰੂਰ, 21 ਸਤੰਬਰ
ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਅਤੇ ਮਲੇਰਕੋਟਲਾ ਦੇ ਸਮੂਹ ਵੈਟਰਨਰੀ ਇੰਸਪੈਕਟਰਾਂ ਵੱਲੋਂ ਇਥੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਦੇ ਦਫ਼ਤਰ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਡਾਇਰੈਕਟਰ ਵੱਲੋਂ ਜਾਰੀ ਪੱਤਰ ਦੀਆਂ ਕਾਪੀਆਂ ਫ਼ੂਕਦਿਆਂ ਰੋਸ ਪ੍ਰਦਰਸ਼ਨ ਕੀਤਾ। ਧਰਨਾਕਾਰੀ ਮੰਗ ਕਰ ਰਹੇ ਸਨ ਕਿ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਤੋਂ ਪਸ਼ੂ ਪਾਲਣ ਵਿਭਾਗ ਵਿਚ ਤਬਦੀਲ ਹੋ ਕੇ ਆਏ 582 ਪਸ਼ੂ ਹਸਪਤਾਲਾਂ ਵਿਚ ਵੈਟਰਨਰੀ ਇੰਸਪੈਕਟਰਾਂ ਦੀਆਂ ਅਸਾਮੀਆਂ ਬਹਾਲ ਕੀਤੀਆਂ ਜਾਣ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਅਤੇ ਜ਼ਿਲ੍ਹਾ ਮਲੇਰਕੋਟਲਾ ਦੇ ਪ੍ਰਧਾਨ ਮਨਜੀਤ ਸਿੰਘ ਨੇ ਕਿਹਾ ਕਿ ਸਾਲ 2006 ਵਿੱਚ ਵਿਭਾਗ ਦੇ 582 ਪਸ਼ੂ ਹਸਪਤਾਲਾਂ ਵਿਚ ਠੇਕੇ ’ਤੇ ਭਰਤੀ ਕੀਤੀ ਗਈ ਸੀ ਜਿਸ ਵਿਚ ਅੱਜ ਵੀ ਸਰਵਿਸ ਪ੍ਰੋਵਾਈਡਰ ਕੰਮ ਕਰ ਰਹੇ ਹਨ ਪਰ ਉਨ੍ਹਾਂ ਵੱਲੋਂ ਵੈਕਸੀਨੇਸ਼ਨ ਆਦਿ ਦੇ ਕੰਮਾਂ ਦਾ ਬਾਈਕਾਟ ਕੀਤਾ ਹੋਇਆ ਹੈ। ਉਨ੍ਹਾਂ ਕਿਹਾ ਕਿ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਵੱਲੋਂ ਸਰਵਿਸ ਪ੍ਰੋਵਾਈਡਰਾਂ ਖ਼ਿਲਾਫ਼ ਕਿਸੇ ਕਿਸਮ ਦੀ ਕਾਰਵਾਈ ਨਹੀਂ ਕੀਤੀ ਗਈ ਹੈ ਜਦੋਂਕਿ ਉਲਟਾ ਇਨ੍ਹਾਂ ਪਸ਼ੂ ਹਸਪਤਾਲਾਂ ਦੀ ਮਿਆਦ ਪੁੱਗਣ ਜਾ ਰਹੀ ਵੈਕਸੀਨ ਲਗਾਉਣ ਦੀ ਜ਼ਿੰਮੇਵਾਰੀ ਵੀ ਵੈਟਰਨਰੀ ਇੰਸਪੈਕਟਰ ਕੇਡਰ ਉਪਰ ਥੋਪੀ ਜਾ ਰਹੀ ਹੈ ਜੋ ਕਿ ਸਰਕਾਰ ਦੀ ਧੱਕੇਸ਼ਾਹੀ ਹੈ ਕਿਉਕਿ ਇਨ੍ਹਾਂ ਪਸ਼ੂ ਹਸਪਤਾਲਾਂ ਵਿੱਚ ਵੈਟਰਨਰੀ ਇੰਸਪੈਕਟਰਜ਼ ਦੀ ਕੋਈ ਵੀ ਮਨਜ਼ੂਸ਼ੁਦਾ ਅਸਾਮੀ ਨਹੀਂ ਹੈ। ਧਰਨਾਕਾਰੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ 582 ਪਸ਼ੂ ਹਸਪਤਾਲਾਂ ਵਿੱਚ ਵੈਟਨਰੀ ਇੰਸਪੈਕਟਰਜ਼ ਕੇਡਰ ਦੀਆਂ ਅਸਾਮੀਆਂ ਬਹਾਲ ਕੀਤੀਆਂ ਜਾਣ ਤਾਂ ਜੋ ਪਸ਼ੂ ਪਾਲਕਾਂ ਨੂੰ ਚੰਗੀਆਂ ਸੇਵਾਵਾਂ ਮਿਲ ਸਕਣ। ਬੁਲਾਰਿਆਂ ਨੇ ਮੰਗ ਕੀਤੀ ਕਿ ਪਸ਼ੂ ਪਾਲਣ ਵਿਭਾਗ ਦਾ ਡਾਇਰੈਕਟਰ ਕਿਸੇ ਆਈਏਐੱਸ ਅਧਿਕਾਰੀ ਨੂੰ ਲਗਾਇਆ ਜਾਵੇ ਤਾਂ ਜੋ ਡਾਇਰੈਕਟੋਰੇਟ ਪੱਧਰ ’ਤੇ ਵੈਟਨਰੀ ਇੰਸਪੈਕਟਰਜ਼ ਕੇਡਰ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਹੱਕੀ ਤੇ ਜਾਇਜ਼ ਮੰਗਾਂ ਦਾ ਨਿਪਟਾਰਾ ਹੋ ਸਕੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਵਿਭਾਗ ਨੇ ਜਲਦੀ ਕਾਰਵਾਈ ਨਾ ਕੀਤੀ ਤਾਂ ਗੁਪਤ ਐਕਸ਼ਨਾਂ ਰਾਹੀਂ ਪਸੂ ਪਾਲਣ ਵਿਭਾਗ ਦੇ ਡਾਇਰੈਕਟਰ ਤੇ ਕੈਬਨਿਟ ਮੰਤਰੀ ਦਾ ਘਿਰਾਓ ਕੀਤਾ ਜਾਵੇਗਾ।
ਰੋਸ ਧਰਨੇ ਨੂੰ ਸੂਬਾ ਆਗੂ ਰਾਜਿੰਦਰ ਸਿੰਘ ਗਿੱਲ, ਦਲਜੀਤ ਸਿੰਘ, ਗੁਰਮੁਖ ਸਿੰਘ ਪੇਧਨੀ, ਇਕਬਾਲ ਮੁਹੰਮਦ, ਜਗਜੀਤ ਸਿੰਘ, ਜਸਵੀਰ ਸਿੰਘ, ਗੁਰਮੀਤ ਸਿੰਘ, ਕੁਲਵਿੰਦਰ ਸਿੰਘ, ਕਰਮਜੀਤ ਸਿੰਘ, ਸੁਖਰਾਜਪ੍ਰੀਤ ਸਿੰਘ, ਕੇਵਲ ਸਿੰਘ ਆਦਿ ਨੇ ਵੀ ਸੰਬੋਧਨ ਕੀਤਾ।