ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਸਤੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜੇਲ੍ਹਾਂ ਵਿਚ ਬੰਦ ਸਿੰਘਾਂ ਦੀ ਰਿਹਾਈ ਲਈ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕਾਲੀਆਂ ਦਸਤਾਰਾਂ ਬੰਨ੍ਹ ਅਤੇ ਕਾਲੇ ਚੋਲੇ ਪਹਿਨ ਕੇ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਦੌਰਾਨ ਜੇਲ੍ਹਾਂ ’ਚ ਬੰਦ ਭਾਈ ਜਗਤਾਰ ਸਿੰਘ ਹਵਾਰਾ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਸਮੇਤ ਅਨੇਕਾਂ ਬੰਦੀ ਸਿੰਘਾਂ ਦੀਆਂ ਤਸਵੀਰਾਂ ਵਾਲੇ ਬੈਨਰ ਵੀ ਲਗਾਏ ਹੋਏ ਸਨ। ਧਰਨਾਕਾਰੀਆਂ ਨੇ ਕੇਂਦਰ ਸਰਕਾਰ ’ਤੇ ਸਿੱਖਾਂ ਨਾਲ ਵਿਤਕਰਾ ਕਰਨ ਦਾ ਦੋਸ਼ ਲਾਇਆ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਐਸਜੀਪੀਸੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਐਸਜੀਪੀਸੀ ਮੈਂਬਰ ਭੁਪਿੰਦਰ ਸਿੰਘ ਭਲਵਾਨ ਨੇ ਕਿਹਾ ਕਿ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਐਸਜੀਪੀਸੀ ਨੂੰ ਆਦੇਸ਼ ਦਿੱਤੇ ਸਨ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ਼ ਕੀਤੇ ਜਾਣ। ਇਨ੍ਹਾਂ ਆਦੇਸ਼ਾਂ ਤਹਿਤ ਹੀ ਐੱਸਜੀਪੀਸੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪਿਛਲੇ ਦਿਨੀਂ ਜ਼ਿਲ੍ਹਾ ਹੈਡਕੁਆਟਰਾਂ ’ਤੇ ਡਿਪਟੀ ਕਮਿਸ਼ਨਰਾਂ ਨੂੰ ਮੈਮੋਰੰਡਮ ਸੌਂਪੇ ਗਏ ਸਨ। ਇਸੇ ਕੜੀ ਦੇ ਤਹਿਤ ਅੱਜ ਰੋਸ ਧਰਨੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਬੰਦ ਹਨ ਜੋ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਅਤੇ ਮੁਸ਼ਕਲਾਂ ਭਰਿਆ ਜੀਵਨ ਬਤੀਤ ਕਰ ਰਹੇ ਹਨ ਪਰੰਤੂ ਸਮੇਂ ਦੀਆਂ ਸਰਕਾਰਾਂ ਨੇ ਰਿਹਾਅ ਨਹੀਂ ਕੀਤੇ। ਉਨ੍ਹਾਂ ਕਿਹਾ ਕਿ ਸਮੇਂ ਦੀ ਕਾਂਗਰਸ ਹਕੂਮਤ ਵਲੋਂ ਸ੍ਰੀ ਦਰਬਾਰ ਸਾਹਿਬ ਉਪਰ ਕੀਤੇ ਹਮਲੇ ਅਤੇ ਸਿੱਖਾਂ ਖ਼ਿਲਾਫ਼ ਵਾਪਰੀਆਂ ਘਟਨਾਵਾਂ ਤੋਂ ਰੋਹ ਵਿਚ ਸਿੱਖਾਂ ਨੇ ਜਜ਼ਬਾਤੀ ਹੋ ਕੇ ਕਾਰਵਾਈਆਂ ਕੀਤੀਆਂ ਸਨ ਜਿੰਨ੍ਹਾਂ ਉਪਰ ਕੇਸ ਦਰਜ ਕਰਕੇ ਜੇਲ੍ਹੀਂ ਬੰਦ ਕਰ ਦਿੱਤਾ ਗਿਆ। ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਰਿਹਾਅ ਨਹੀਂ ਕੀਤਾ ਜਾ ਰਿਹਾ ਜਦੋਂ ਕਿ ਰਾਜੀਵ ਗਾਂਧੀ ਦੇ ਕਾਤਲਾਂ ਅਤੇ ਬਿਲਕਿਸ ਬਾਨੋ ਦੇ ਜਬਰ ਜਨਾਹ ਦੇ ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਹੈ ਜਿਸ ਤੋਂ ਸਪੱਸ਼ਟ ਹੈ ਕਿ ਦੇਸ਼ ਵਿਚ ਸਿੱਖਾਂ ਲਈ ਹੋਰ ਕਾਨੂੰਨ ਹਨ ਜਿਸ ਤਹਿਤ ਸਿੱਖਾਂ ਨੂੰ ਬੇਇਨਸਾਫ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਸ ਧਰਨੇ ਨੂੰ ਤੇਜਾ ਸਿੰਘ ਕਮਾਲਪੁਰ, ਉਦੇ ਸਿੰਘ, ਗੁਰਲਾਲ ਸਿੰਘ ਫਤਹਿਗੜ੍ਹ ਆਦਿ ਆਗੂਆਂ ਨੇ ਵੀ ਸੰਬੋਧਨ ਕੀਤਾ।
ਪਟਿਆਲਾ (ਖੇਤਰੀ ਪ੍ਰਤੀਨਿਧ): ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮ ਤਹਿਤ ਅੱਜ ਇਥੇ ਕਾਲੇ ਚੋਲੇ ਪਾ ਕੇ ਪ੍ਰਦਰਸ਼ਨ ਕੀਤਾ ਗਿਆ। ਹਕੂਮਤਾਂ ਨੂੰ ਹਲੂਣਾ ਦੇਣ ਲਈ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਤੋਂ ਰੋਸ ਮਾਰਚ ਕਰਦਿਆਂ, ਇਹ ਕਾਫਲਾ ਡਿਪਟੀ ਕਮਿਸ਼ਨਰ ਦਫਤਰ ਅੱਪੜਿਆ ਅਤੇ ਇਥੇ ਧਰਨਾ ਦੇ ਕੇ ਤਕਰੀਰਾਂ ਵੀ ਕੀਤੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਅੰਮ੍ਰਿਤਸਰ ਸਥਿਤ ਮੁੱਖ ਦਫਤਰ ਤੋਂ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਪੁੱਜੇ ਹੋਏ ਸਨ। ਧਰਨੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸ਼੍ਰੋਮਣੀ ਕਮੇਟੀ ਮੈਂਬਰਾਨ, ਸਤਵਿੰਦਰ ਟੌਹੜਾ, ਜਸਮੇਰ ਲਾਛੜੂ, ਨਿਰਮਲ ਹਰਿਆਊ, ਜਰਨੈਲ ਕਰਤਾਰਪੁਰ ਤੇ ਸ਼ਿਵੰਦਰ ਸੱਭਰਵਾਲ ਸਮੇਤ ਮੈਨੇਜਰ ਜਰਨੈਲ ਸਿੰਘ ਮੁਕਤਸਰੀ, ਕਰਨੈਲ ਵਿਰਕ ਤੇ ਇੰਦਰਜੀਤ ਗਿੱਲ ਆਦਿ ਨੇ ਕੀਤੀ। ਬਹੁਤਿਆਂ ਦੇ ਕਾਲ਼ੇ ਚੋਲ਼ੇ ਤੇ ਕਾਲ਼ੀਆਂ ਪੱਗਾਂ ਬੰਨ੍ਹੀਆਂ ਸਨ। ਰੋਸ ਧਰਨੇ ’ਚ ਸ਼੍ਰੋਮਣੀ ਕਮੇਟੀ ਦੇ ਗੁਰਦੁਆਰਿਆਂ ਤੇ ਕਾਲਜਾਂ ਦਾ ਸਟਾਫ਼ ਵੀ ਵੱਡੀ ਗਿਣਤੀ ’ਚ ਸ਼ਾਮਲ ਸੀ। ਸੰਤ ਮਹਾਪੁਰਸ਼ਾਂ ਬਾਬਾ ਮਨਮੋਹਨ ਸਿੰਘ ਬਾਰਨਵਾਲੇ, ਸਾਬਕਾ ਚੇਅਰਮੈਨ ਸੁਰਜੀਤ ਅਬਲੋਵਾਲ, ਜਸਪਾਲ ਕਲਿਆਣ ਤੇ ਸੁੁਖਬੀਰ ਅਬਲੋਵਾਲ ਆਦਿ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਕਈ ਸ਼ਖਸੀਅਤਾਂ ਨੇ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਬੰਦੀ ਸਿੰਘਾਂ ਨੂੰ ਰਿਹਾਅ ਨਾ ਕਰਨ ਦੇ ਤਰਕ ਤਹਿਤ ਹਕੂਮਤਾਂ ’ਤੇ ਸਿੱਖਾਂ ਨਾਲ ਧਰੋਹ ਅਤੇ ਵਿਤਕਰਾ ਕਮਾਉਣ ਦੇ ਇਲਜ਼ਾਮ ਵੀ ਲਾਏ। ਅਖੀਰ ’ਚ ਬੰਦੀ ਸਿੰਘਾਂ ਦੀ ਰਿਹਾਈ ਲਈ ਹੀ ਸਰਕਾਰ ਦੇ ਨਾਮ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਇਸ ਮੌਕੇ ਹਰਬੰਸ ਲੰਗ, ਰਵਿੰਦਰਪਾਲ ਵਿੰਦਾ, ਪਲਵਿੰਦਰਪਾਲ ਰਿੰਕੂ, ਅਵਤਾਰ ਹੈਪੀ, ਮਨਪ੍ਰੀਤ ਚੱਢਾ, ਸੁਖਵਿੰਦਰਪਾਲ ਮਿੰਟਾ, ਜੰਗ ਇਟਲੀ, ਜਸਵੀਰ ਕੌਰ ਚੰਦੀ, ਜਸਪਾਲ ਕੌਰ ਬਾਰਨ,ਕੰਵਰ ਬੇਦੀ, ਜੇਪੀਅਸ ਬੇਦੀ, ਸਮੇਤ ਅਨੇਕਾਂ ਹੋਰ ਵੀ ਮੌਜੂਦ ਸਨ।