ਗੁਰਦੀਪ ਸਿੰਘ ਲਾਲੀ
ਸੰਗਰੂਰ, 30 ਅਕਤੂਬਰ
ਇਥੇ ਪ੍ਰੀ-ਪ੍ਰਾਇਮਰੀ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਈਜੀਐੱਸ/ਏਆਈਈ/ਐੱਸਟੀਆਰ ਅਧਿਆਪਕਾਂ ਵੱਲੋਂ ਇਥੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨਕਾਰੀ ਕੱਚੇ ਅਧਿਆਪਕ ਵਾਅਦੇ ਅਨੁਸਾਰ ਤਨਖਾਹ 36 ਹਜ਼ਾਰ ਰੁਪਏ ਕਰਨ ਅਤੇ ਰੈਗੂਲਰ ਕਰਨ ਦੀ ਪ੍ਰਕਿਰਿਆ 2/3 ਮਹੀਨਿਆਂ ਵਿੱਚ ਪੂਰੀ ਕਰਨ ਦੀ ਮੰਗ ਕਰ ਰਹੇ ਸਨ। ਪ੍ਰੀ-ਪ੍ਰਾਇਮਰੀ ਕੱਚੇ ਅਧਿਆਪਕ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਈਜੀਐੱਸ/ਏਆਈਈ/ਐੱਸਟੀਆਰ ਅਧਿਆਪਕ ਸ਼ਹਿਰ ਵਿੱਚ ਇਕੱਠੇ ਹੋਏ ਜਿਥੋਂ ਰੋਸ ਮਾਰਚ ਕਰਦੇ ਹੋਏ ਮੁੱਖ ਮੰਤਰੀ ਦੀ ਕੋਠੀ ਨੇੜੇ ਪੁੱਜੇ। ਉੱਥੇ ਤਾਇਨਾਤ ਪੁਲੀਸ ਵੱਲੋਂ ਉਨ੍ਹਾਂ ਨੂੰ ਅੱਗੇ ਨਹੀਂ ਵਧਣ ਦਿੱਤਾ ਗਿਆ। ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਸੜਕ ਉਪਰ ਹੀ ਰੋਸ ਧਰਨਾ ਦਿੱਤਾ ਗਿਆ ਅਤੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਯੂਨੀਅਨ ਦੇ ਸੂਬਾ ਕਨਵੀਨਰ ਸੁਖਚੈਨ ਸਿੰਘ ਗੁਰਨੇ ਨੇ ਕਿਹਾ ਕਿ ਈਜੀਐੱਸ/ ਏਆਈਈ/ਐੱਸਟੀਆਰ ਅਧਿਆਪਕ ਸਾਲ 2003 ਤੋਂ ਸਰਕਾਰੀ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ ਹਨ। ਪੰਜਾਬ ਸਰਕਾਰ ਨੇ ਪ੍ਰਾਇਮਰੀ ਸਕੂਲਾਂ ਵਿੱਚ 14 ਨਵੰਬਰ 2017 ਤੋਂ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਨੂੰ ਸਿਰਫ ਛੇ ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਮਿਲਦੀ ਹੈ, ਜਿਸ ਨਾਲ ਅੱਜ ਦੀ ਮਹਿੰਗਾਈ ਦੌਰਾਨ ਗੁਜ਼ਾਰਾ ਕਰਨਾ ਬੇਹੱਦ ਮੁਸ਼ਕਿਲ ਹੈ। ਘੱਟ ਤਨਖਾਹ ਹੋਣ ਕਾਰਨ ਉਨ੍ਹਾਂ ਦੇ ਪਰਿਵਾਰਾਂ ਨੂੰ ਭਾਰੀ ਆਰਥਿਕ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਅਧਿਆਪਕਾਂ ਦੀ ਤਨਖਾਹ 36 ਹਜ਼ਾਰ ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ ਅਤੇ ਰੈਗੂਲਰ ਕਰਨ ਦੀ ਪ੍ਰਕਿਰਿਆ ਨੂੰ 2/3 ਮਹੀਨਿਆਂ ਵਿਚ ਮੁਕੰਮਲ ਕੀਤਾ ਜਾਵੇ। ਇਸ ਮੌਕੇ ਕੱਚੇ ਅਧਿਆਪਕਾਂ ’ਚ ਕਿਰਤਪਾਲ ਕੌਰ, ਬਿੰਦਰਪਾਲ ਕੌਰ, ਜਸਪਾਲ ਕੌਰ, ਸਿੰਦਰਪਾਲ, ਬਲਦੀਪ ਕੌਰ, ਪਰਮਜੀਤ ਕੌਰ, ਪਵਨਦੀਪ ਕੌਰ, ਪ੍ਰਿਤਪਾਲ ਕੌਰ, ਵੀਰਪਾਲ ਕੌਰ ਆਦਿ ਮੌਜੂਦ ਸਨ। ਪ੍ਰਦਰਸ਼ਨਕਾਰੀ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਮੰਗ ਪੱਤਰ ਵੀ ਸੌਂਪਿਆ ਗਿਆ।