ਗੁਰਦੀਪ ਸਿੰਘ ਲਾਲੀ
ਸੰਗਰੂਰ, 13 ਅਗਸਤ
ਪੰਜਾਬ ਸਰਕਾਰ ਦੀ ਕੈਬਨਿਟ ਸਬ ਕਮੇਟੀ ਨਾਲ ਮੀਟਿੰਗਾਂ ਬੇਸਿੱਟਾ ਰਹਿਣ ਤੋਂ ਖਫ਼ਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਲੋਂ ਇਥੇ ਡੀਸੀ ਕੰਪਲੈਕਸ ਅੱਗੇ ਰੋਸ ਧਰਨਾ ਦਿੱਤਾ ਗਿਆ ਅਤੇ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਧਰਨਾਕਾਰੀਆਂ ਨੇ 20 ਅਗਸਤ ਨੂੰ ਪੰਜਾਬ ਸਰਕਾਰ ਦੇ ਮੰਤਰੀਆਂ, ਵਿਧਾਇਕਾਂ ਅਤੇ ਪ੍ਰਮੁੱਖ ਆਗੂਆਂ ਦੇ ਘਰਾਂ ਵੱਲ ਜ਼ਿਲ੍ਹਾ ਪੱਧਰੀ ਰੋਸ ਮਾਰਚ ਕਰਨ ਦਾ ਐਲਾਨ ਕੀਤਾ। ਕਨਵੀਨਰ ਮਾਲਵਿੰਦਰ ਸੰਧੂ, ਸੀਤਾ ਰਾਮ ਸ਼ਰਮਾ, ਮੇਲਾ ਸਿੰਘ ਪੁੰਨਾਵਾਲ, ਸਰਬਜੀਤ ਪੁੰਨਾਵਾਲ, ਜਗਦੀਸ਼ ਸ਼ਰਮਾ, ਪ੍ਰੀਤਮ ਸਿੰਘ ਧੁਰਾ, ਰਾਜ ਕੁਮਾਰ ਅਰੋੜਾ ਅਤੇ ਸ੍ਰੀ ਨਿਵਾਸ ਸਰਮਾਂ ਤੇ ਆਧਾਰਤ ਪ੍ਰਧਾਨਗੀ ਮੰਡਲ ਨੇ ਰੋਸ ਧਰਨੇ ਦੌਰਾਨ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਕੈਪਟਨ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਆਜ਼ਾਦੀ ਉਪਰੰਤ ਇਹ ਪਹਿਲੀ ਸਰਕਾਰ ਹੈ ਜੋ ਮੁਲਾਜ਼ਮਾਂ ਨੂੰ ਪ੍ਰਾਪਤ ਵੱਖ ਵੱਖ ਭੱਤਿਆਂ ਅਤੇ ਤਨਖਾਹਾਂ ਵਿੱਚ ਕੱਟ ਲਾ ਰਹੀ ਹੈ। ਬੁਲਾਰਿਆਂ ਨੇ ਮੰਗ ਕੀਤੀ ਕਿ ਤਨਖਾਹ ਕਮਿਸ਼ਨ ਦੀ ਰਿਪੋਰਟ ਸੋਧੀ ਜਾਵੇ, ਕੱਚੇ ਮੁਲਾਜ਼ਮ ਪੱਕੇ ਕੀਤੇ ਜਾਣ ਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ।
ਪਟਿਆਲਾ (ਸਰਬਜੀਤ ਸਿੰਘ ਭੰਗੂ): ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਮੁਤਾਬਿਕ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਦੇ ਖ਼ਿਲਾਫ਼ ਅੱਜ ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਵਿੱਚ ਪਟਿਆਲਾ ਤਹਿਸੀਲ ਦੇ ਸੈਂਕੜੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਇਥੇ ਮਿਨੀ ਸਕੱਤਰੇਤ ਵਿੱਚ ਰੋਸ ਰੈਲੀ ਕੀਤੀ ਗਈ। ਇਸ ਮਗਰੋਂ ਰੋਸ ਮਾਰਚ ਕਰਦਾ ਹੋਇਆ ਮੁਲਾਜ਼ਮਾਂ ਦਾ ਇਹ ਕਾਫਲਾ ਸਕੱਤਰੇਤ ਦੇ ਮੁੱਖ ਗੇਟ ਅੱਗੇ ਪਹੁੰਚਿਆ ਤੇ ਇਥੇ ਉਨ੍ਹਾਂ ਨੇ ਰੋਹ ਭਰਪੂਰ ਰੋਸ ਮੁਜ਼ਾਹਰਾ ਕੀਤਾ। ਮੁਜ਼ਾਹਰੇ ਨੂੰ ਦਰਸ਼ਨ ਸਿੰਘ ਲੁਬਾਣਾ, ਜਸਬੀਰ ਸਿੰਘ ਖੋਖਰ, ਵਿਕਰਮ ਦੇਵ ਸਿੰਘ, ਗਗਨਦੀਪ ਕੌਰ ਅਤੇ ਸੁਰਿੰਦਰ ਸਿੰਘ ਖ਼ਾਲਸਾ ਆਦਿ ਮੁਲਾਜ਼ਮ ਆਗੂਆਂ ਨੇ ਸੰਬੋਧਨ ਕੀਤਾ।
ਮਾਲੇਰਕੋਟਲਾ (ਨਿੱਜੀ ਪੱਤਰ ਪ੍ਰੇਰਕ): ਪੰਜਾਬ, ਯੂ ਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੇ ਸੱਦੇ ‘ਤੇ ਕੈਪਟਨ ਸਰਕਾਰ ਦੀਆਂ ਵਾਅਦੇ ਖ਼ਿਲਾਫ਼ਆਂ ਵਿਰੁੱਧ ਐਸ.ਡੀ.ਐਮ ਦਫ਼ਤਰ ਅੱਗੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਰੋਸ ਰੈਲੀ ਕੀਤੀ। ਇਸ ਮੌਕੇ ਜਸਵੰਤ ਸਿੰਘ ਬਨਭੌਰੀ, ਰਣਜੀਤ ਸਿੰਘ ਰਾਣਵਾਂ ਤੇ ਨਿਰਮਲ ਸਿੰਘ ਫਲੌਂਡ ਨੇ ਸੰਬੋਧਨ ਕੀਤਾ।
ਰਾਜਪੁਰਾ (ਬਹਾਦਰ ਸਿੰਘ ਮਰਦਾਂਪੁਰ): ਪੰਜਾਬ ਯੂ.ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਦਿੱਤੇ ਗਏ ਸੱਦੇ ’ਤੇ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਫਰੰਟ ਦੇ ਆਗੂਆਂ ਗੁਰਮੁੱਖ ਸਿੰਘ, ਸੰਦੀਪ ਕੁਮਾਰ, ਸੁਰਿੰਦਰ ਸਿੰਘ ਫਰੀਦਪੁਰ, ਵਿਕਰਮ ਸਿੰਘ ਅਲੂਣਾ, ਬਲਵੀਰ ਸਿੰਘ ਮੰਡੌਲੀ ਅਤੇ ਲਖਵਿੰਦਰ ਸਿੰਘ ਦੀ ਅਗਵਾਈ ਵਿੱਚ ਸੈਂਕੜੇ ਮੁਲਾਜ਼ਮਾਂ ਵੱਲੋਂ ਮਿਨੀ ਸਕੱਤਰੇਤ ਵਿੱਚ ਰੋਸ ਮੁਜ਼ਾਹਰਾ ਕਰਕੇ ਧਰਨਾ ਦਿੱਤਾ ਗਿਆ।
ਪਾਤੜਾਂ (ਗੁਰਨਾਮ ਸਿੰਘ ਚੌਹਾਨ): ਪੰਜਾਬ-ਯੂਟੀ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਦੀ ਅਗਵਾਈ ਵਿੱਚ ਐੱਸਡੀਐੱਮ ਦਫ਼ਤਰ ਪਾਤੜਾਂ ਵਿੱਚ ਰੋਸ ਪ੍ਰਦਰਸ਼ਨ ਕਰਨ ਉਪਰੰਤ ਮੁਲਾਜ਼ਮ ਮੰਗਾਂ ਸਬੰਧੀ ਐੱਸਡੀਐੱਮ ਰਾਹੀਂ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਸੌਂਪਿਆ ਗਿਆ। ਮੁਲਾਜ਼ਮ ਆਗੂਆਂ ਦਰਸ਼ਨ ਸਿੰਘ ਰੋਗਲਾ ਤੇ ਲਖਵਿੰਦਰ ਕਕਰਾਲਾ ਨੇ ਸਰਕਾਰ ’ਤੇ ਵਾਅਦਾਖਿਲਾਫ਼ੀ ਦਾ ਦੋਸ਼ ਲਾਇਆ।