ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 7 ਅਕਤੂਬਰ
ਝੋਨੇ ਦੇ ਨਾੜ ਨੂੰ ਬਿਨਾਂ ਅੱਗ ਲਗਾਏ ਪਰਾਲੀ ਦੇ ਯੋਗ ਪ੍ਰਬੰਧਨ ਨੂੰ ਲੈ ਕੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਹਰੇਕ ਪਿੰਡ ਪੱਧਰ ’ਤੇ ਪ੍ਰੇਰਿਤ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਡਿਪਟੀ ਕਮਿਸ਼ਨਰ ਰਾਮਵੀਰ ਨੇ 6 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਸ੍ਰੀਮਤੀ ਦੀਪਤੀ ਗੋਇਲ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੰਗਰੂਰ ਵੱਲੋ ਕੌਮੀ ਗ੍ਰੀਨ ਟ੍ਰਿਬਿਊਨਲ ਨਵੀਂ ਦਿੱਲੀ ਵੱਲੋ ਜਾਰੀ ਕੀਤੇ ਹੁਕਮਾਂ ਦੀ ਪਾਲਣਾ ਹਿੱਤ ਫਸਲਾਂ ਦੇ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਤੋ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਪ੍ਰਦੂਸ਼ਣ ਪ੍ਰਤੀ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਸਾਨਾਂ ਦੇ ਨਾਲ ਨਾਲ ਸਮੂਹ ਲੋਕਾ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਪ੍ਰਦੂਸ਼ਣ ਪ੍ਰਤੀ ਵੱਧ ਤੋ ਵੱਧ ਜਾਗਰੂਕਤਾ ਫੈਲਾਉਣ ਅਤੇ ਆਪਣੇ ਬੱਚਿਆਂ ਨੂੰ ਸਾਫ ਸੁਥਰਾ ਵਾਤਾਵਰਨ ਮੁਹੱਈਆ ਕਰਵਾਉਣ। ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਪ੍ਰਚਾਰ ਵੈਨਾਂ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ 6 ਅਕਤੂਬਰ ਤੋਂ 25 ਅਕਤੂਬਰ ਤੱਕ ਲਗਾਤਾਰ ਕਿਸਾਨਾਂ ਭਰਾਵਾਂ ਨੂੰ ਜਾਗਰੂਕ ਕਰਨਗੀਆਂ।