ਪੱਤਰ ਪ੍ਰੇਰਕ
ਲੌਂਗੋਵਾਲ, 28 ਦਸੰਬਰ
ਕਾਂਗਰਸ ਸਰਕਾਰ ਦੀ ਵਾਅਦਾਖ਼ਿਲਾਫ਼ੀ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਡਿਪੂ ਹੋਲਡਰਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਜਾਣ ਦਾ ਐਲਾਨ ਕੀਤਾ ਗਿਆ ਹੈ। ਰਾਸ਼ਨ ਡਿਪੂ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਤੇ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਸੁਰਜੀਤ ਸਿੰਘ ਮੰਗੀ ਨੇ ਅੱਜ ਇੱਥੇ ਬਲਾਕ ਲੌਂਗੋਵਾਲ ਦੇ ਡਿਪੂ ਹੋਲਡਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਕਾਂਗਰਸ ਸਰਕਾਰ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਦਰਜ ਵਾਅਦਿਆਂ ’ਚੋਂ ਡਿਪੂ ਹੋਲਡਰਾਂ ਦੀ ਇੱਕ ਵੀ ਮੰਗ ਨੂੰ ਪੂਰਾ ਨਹੀਂ ਕੀਤਾ ਗਿਆ। ਚੋਣਾਂ ਤੋਂ ਪਹਿਲਾਂ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਬੀਬੀ ਰਾਜਿੰਦਰ ਕੌਰ ਭੱਠਲ ਨੇ ਡਿਪੂ ਹੋਲਡਰਾਂ ਦੀਆਂ ਮੰਗਾਂ ਨੂੰ ਜਾਇਜ਼ ਠਹਿਰਾਇਆ ਸੀ ਅਤੇ ਸਰਕਾਰ ਬਣਨ ’ਤੇ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਸੀ ਪਰ ਕਾਂਗਰਸ ਸੱਤਾ ’ਤੇ ਕਾਬਜ਼ ਹੁੰਦਿਆਂ ਹੀ ਅੱਖਾਂ ਫੇਰ ਗਈ। ਜਿਸ ਕਾਰਨ ਡਿਪੂ ਹੋਲਡਰਾਂ ਨੇ ਇਹ ਐਲਾਨ ਕੀਤਾ ਹੈ ਕਿ ਜਦੋਂ ਤੱਕ ਸਰਕਾਰ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਕਣਕ ਨਹੀਂ ਵੰਡੀ ਜਾਵੇਗੀ ਅਤੇ ਕਾਂਗਰਸੀ ਉਮੀਦਵਾਰਾਂ ਦਾ ਡਟਵਾਂ ਵਿਰੋਧ ਕੀਤਾ ਜਾਵੇਗਾ। ਇਸ ਤੋਂ ਇਲਾਵਾ ਡਿਪੂ ਹੋਲਡਰਾਂ ਦੀ ਬਾਂਹ ਫੜਨ ਵਾਲੀ ਰਾਜਨੀਤਕ ਪਾਰਟੀ ਦਾ ਸੂਬੇ ਦੇ 18 ਹਜ਼ਾਰ ਡਿਪੂ ਹੋਲਡਰ ਪੂਰਾ ਸਮਰਥਨ ਕਰਨਗੇ। ਇਸ ਮੌਕੇ ਗੁਰਮੇਲ ਸਿੰਘ ਚੋਟੀਆਂ, ਰਾਜ ਸਿੰਘ ਸਰਪੰਚ, ਮਹਿਲ ਸਿੰਘ ਢੱਡਰੀਆਂ, ਕਰਨੈਲ ਸਿੰਘ ਫ਼ੌਜੀ, ਬਬਲੀ ਰਾਮ, ਗੁਰਜੰਟ ਸਿੰਘ ਸ਼ੇਰੋਂ, ਕੁਲਵਿੰਦਰ ਸਿੰਘ, ਇਕਬਾਲ ਸਿੰਘ, ਜਸਵੀਰ ਸਿੰਘ ਆਦਿ ਹਾਜ਼ਰ ਸਨ।