Punjabi University contract teachers protest: ਧਰਮਵੀਰ ਗਾਂਧੀ ਨੇ ਠੇਕਾ ਅਧਿਆਪਕਾਂ ਦੀ ਬਾਂਹ ਫੜੀ
ਮਸਲਾ ਸੰਸਦ ਵਿੱਚ ਉਠਉਣ ਦਾ ਭਰੋਸਾ ਦਿੱਤਾ
ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ ਠੇਕਾ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਦੇ ਹੱਕ ਵਿੱਚ ਆਰੰਭਿਆ ਦਿਨ-ਰਾਤ ਦਾ ਪੱਕਾ ਸੰਘਰਸ਼ ਅੱਜ 42ਵੇਂ ਦਿਨ ਵੀ ਪੂਰੇ ਜੋਸ਼ ਨਾਲ ਜਾਰੀ ਰਿਹਾ। ਵਾਈਸ ਚਾਂਸਲਰ ਦਫ਼ਤਰ ਅੱਗੇ ਲਗਾਏ ਗਏ ਇਸ ਮੋਰਚੇ ਦੌਰਾਨ ਅਧਿਆਪਕਾਂ ਨੇ ਸਰਕਾਰ ਅਤੇ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਸੰਘਰਸ਼ ਨੂੰ ਉਸ ਸਮੇਂ ਮਜ਼ਬੂਤ ਹੁਲਾਰਾ ਮਿਲਿਆ ਜਦੋਂ ਕਾਂਗਰਸ ਆਗੂ ਅਤੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਮੀਰਾਂਪੁਰ ਕਾਲਜ ਦੌਰੇ ਦੌਰਾਨ ਅਧਿਆਪਕਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਨੁਮਾਇੰਦਿਆਂ ਨੇ ਕੰਟਰੈਕਟ ਅਧਿਆਪਕਾਂ ਨੂੰ ਦਰਪੇਸ਼ ਸਮੱਸਿਆਵਾਂ, ਤਨਖ਼ਾਹੀ ਪਾੜਾ ਅਤੇ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਬਾਰੇ ਵਿਸਤਾਰ ਨਾਲ ਜਾਣੂ ਕਰਵਾਇਆ ਤੇ ਮੰਗ ਪੱਤਰ ਵੀ ਦਿੱਤਾ। ਕੰਟਰੈਕਟ ਅਧਿਆਪਕ ਐਸੋਸੀਏਸ਼ਨ ਦੇ ਆਗੂ ਰਮਨ ਤੂਰ ਦੀ ਅਗਵਾਈ ਹੇਠ ਮਿਲੇ ਵਫ਼ਦ ਨੂੰ ਭਰੋਸਾ ਦਿੰਦਿਆਂ ਡਾ. ਗਾਂਧੀ ਨੇ ਕਿਹਾ ਕਿ ਜੇ ਪੰਜਾਬ ਸਰਕਾਰ ਨੇ ਇਹ ਮਸਲਾ ਜਲਦੀ ਹੱਲ ਨਾ ਕੀਤਾ ਤਾਂ ਉਹ ਅਧਿਆਪਕਾਂ ਦੀਆਂ ਮੰਗਾਂ ਦਾ ਖਰੜਾ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਜ਼ਰੂਰ ਰੱਖਣਗੇ। ਆਗੂਆਂ ਨੇ ਮੰਗ ਪੱਤਰ ਸੌਂਪਦਿਆਂ ਮੰਗ ਕੀਤੀ ਕਿ ਯੂ ਜੀ ਸੀ ਰੈਗੂਲੇਸ਼ਨ 2018 ਦੀ ਧਾਰਾ 13 ਤਹਿਤ ਕੰਟਰੈਕਟ ਅਧਿਆਪਕਾਂ ਨੂੰ ਨਿਯਮਤ ਸਹਾਇਕ ਪ੍ਰੋਫੈਸਰਾਂ ਦੇ ਬਰਾਬਰ ਤਨਖ਼ਾਹੀ ਲਾਭ ਦਿੱਤੇ ਜਾਣ ਅਤੇ ਹਾਈ ਕੋਰਟ ਦੇ ਹੁਕਮਾਂ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ। ਧਰਨੇ ਵਿੱਚ ਨਰਿੰਦਰ ਸਿੰਘ, ਦਲਬੀਰ ਸਿੰਘ, ਗੁਰਜੀਤ ਕੌਰ, ਅਮਰਪ੍ਰੀਤ ਕੌਰ ਆਦਿ ਅਧਿਆਪਕ ਹਾਜ਼ਰ ਸਨ।

