ਹਰਦੀਪ ਸਿੰਘ ਸੋਢੀ
ਧੂਰੀ, 21 ਦਸੰਬਰ
ਖੇਤੀ ਕਾਨੂੰਨ ਰੱਦ ਕਰਵਾਉਣ ਲਈ ਧੂਰੀ ਦੇ ਲੱਡਾ ਟੌਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਸਪਾਲ ਸਿੰਘ ਪੇਧਨੀ ਅਤੇ ਮਾਲੇਰਕੋਟਲਾ ਬਲਾਕ ਦੇ ਪ੍ਰਧਾਨ ਚਮਕੌਰ ਸਿੰਘ ਕਰਨ ਦੀ ਅਗਵਾਈ ਵਿੱਚ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ 81ਵੇਂ ਦਿਨ ਵਿੱਚ ਸ਼ਾਮਲ ਹੋ ਗਿਆ।
ਇਸ ਮੌਕੇ ਰੋਜ਼ਾਨਾ ਵਾਂਗ ਮੋਦੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਗੁਰਜੀਤ ਸਿੰਘ ਲੱਡਾ, ਰਾਮ ਸਿੰਘ ਕੱਕੜਵਾਲ ਤੇ ਸਿਮਰਨਪ੍ਰੀਤ ਨੇ ਕਿਹਾ ਕਰੀਬ 30 ਹਜ਼ਾਰ ਕਿਸਾਨ ਤੇ ਨੌਜਵਾਨ ਅਗਲੇ ਕੁਝ ਦਿਨਾਂ ਵਿੱਚ ਦਿੱਲੀ ਜਾਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਵੱਖ-ਵੱਖ ਥਾਵਾਂ ਤੋਂ 15-15 ਹਜ਼ਾਰ ਦੇ ਕਾਫਲੇ ਦੇ ਰੂਪ ਕਿਸਾਨ ਦਿੱਲੀ ਜਾਣਗੇ। ਉਨ੍ਹਾਂ ਕਿਹਾ ਦਿੱਲੀ ਵਿੱਚ ਸ਼ੁਰੂ ਹੋਏ ਕਿਸਾਨਾਂ ਦੇ ਸੰਘਰਸ਼ ਵਿੱਚ ਸ਼ਹੀਦ ਹੋਏ ਕਿਸਾਨਾਂ ਦੀ ਸ਼ਹੀਦੀ ਵਿਅਰਥ ਨਹੀਂ ਜਾਣ ਦਿੱਤਾ ਜਾਵੇਗਾ। ਇਸ ਦੌਰਾਨ ਆਗੂਆਂ ਨੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੇ ਅਸਤੀਫ਼ੇ ਨੂੰ ਡਰਾਮਾ ਕਰਾਰ ਦਿੱਤਾ।
ਘਨੌਰ (ਗੁਰਪ੍ਰੀਤ ਸਿੰਘ): ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਵੱਲੋਂ ਰਾਜਪੁਰਾ-ਅੰਬਾਲਾ ਜੀ ਟੀ ਰੋਡ ’ਤੇ ਹਲਕਾ ਘਨੌਰ ਵਿੱਚ ਪੈਂਦੇ ਪਿੰਡ ਬਪਰੌਰ ਅਤੇ ਮਦਨਪੁਰ ਨੇੜਲੇ ਰਿਲਾਇੰਸ ਪੰਪਾਂ ’ਤੇ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਲਈ ਕਿਸਾਨ ਆਗੂਆਂ ਜਸਪਾਲ ਰਾਜਗੜ੍ਹ ਅਤੇ ਭਗਵਾਨ ਸਿੰਘ ਦੀ ਅਗਵਾਈ ਵਿੱਚ ਧਰਨਾ ਜਾਰੀ ਰਿਹਾ। ਇਸ ਮੌਕੇ ਕਿਸਾਨ ਆਗੂਆਂ ਨੇ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਆਖਿਆ ਕਿ ਜਦੋਂ ਤੱਕ ਮੋਦੀ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।
ਦਿੱਲੀ ਮੋਰਚੇ ’ਚ ਸ਼ਹੀਦ ਕਿਸਾਨਾਂ ਨੂੰ ਸ਼ਰਧਾਂਜਲੀਆਂ ਭੇਟ
ਲਹਿਰਾਗਾਗਾ (ਪੱਤਰ ਪ੍ਰੇਰਕ): ਇੱਥੇ ਡਾ. ਦੇਵ ਰਾਜ ਡੀ.ਏ.ਵੀ. ਪਬਲਿਕ ਸਕੂਲ ’ਚ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਸਬੰਧੀ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋਏ ਸਾਥੀਆਂ ਦੀ ਯਾਦ ਵਿੱਚ ਇੱਕ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਇਸ ਸਮੇਂ ਸਕੂਲ ਦੇ ਉਪ ਪ੍ਰਧਾਨ ਲੱਕੀ ਖੋਖਰ ਤੇ ਮੈਨੇਜਿੰਗ ਡਾਇਰੈਕਟਰ ਪ੍ਰਵੀਨ ਖੋਖਰ ਨੇ ਕਿਹਾ ਕਿ ਸਕੂਲ ਪਰਿਵਾਰ ਇਨ੍ਹਾਂ ਸ਼ਹੀਦ ਸਾਥੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਾ ਹੋਇਆ ਕੇਂਦਰ ਸਰਕਾਰ ਤੋਂ ਮੰਗ ਕਰਦਾ ਹੈ ਕਿ ਇਹ ਖੇਤੀ ਵਿਰੋਧੀ ਕਾਨੂੰਨ ਤੁਰੰਤ ਵਾਪਸ ਲਏ ਜਾਣ।
ਧੂਰੀ (ਖੇਤਰੀ ਪ੍ਰਤੀਨਿਧ): ਦਿੱਲੀ ਮੋਰਚੇ ਦੌਰਾਨ ਆਪਣੀ ਜਾਨ ਗੁਆ ਚੁੱਕੇ ਕਿਸਾਨਾਂ ਦੀ ਯਾਦ ਵਿੱਚ ਪਿੰਡ ਰਾਜੋਮਾਜਰਾ ਵਿੱਚ ਕਿਸਾਨ ਮੁਕਤੀ ਮੋਰਚਾ ਦੀ ਅਗਵਾਈ ਹੇਠ ਇੱਕ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ ਜਿੱਥੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲੱਗੇ ਧਰਨਿਆਂ ਵਿੱਚ ਆਪਣੀ ਜਾਨ ਗੁਆ ਚੁੱਕੇ ਵਿਅਕਤੀਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ ਤੇ ਗੁਰੂ ਘਰ ਵਿੱਚ ਅਰਦਾਸ ਕਰਵਾਈ ਗਈ। ਇਸ ਮੌਕੇ ਪ੍ਰਧਾਨ ਕਿਰਪਾਲ ਸਿੰਘ ਰਾਜੋਮਾਜਰਾ ਤੇ ਹੋਰ ਪਤਵੰਤੇ ਹਾਜ਼ਰ ਸਨ।
ਨਾਭਾ ਪਾਵਰ ਥਰਮਲ ਪਲਾਂਟ ਅੱਗੇ ਧਰਨਾ ਜਾਰੀ
ਰਾਜਪੁਰਾ (ਬਹਾਦਰ ਸਿੰਘ ਮਰਦਾਂਪੁਰ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨ ਜਥੇਬੰਦੀਆਂ ਵੱਲੋਂ ਵਿੱਢੇ ਗਏ ਸੰਘਰਸ਼ ਤਹਿਤ ਨਾਭਾ ਪਾਵਰ ਥਰਮਲ ਪਲਾਂਟ ਰਾਜਪੁਰਾ ਦੇ ਗੇਟ ਸਾਹਮਣੇ ਕਿਸਾਨਾਂ ਵੱਲੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਧਰਨਾ ਅੱਜ ਵੀ ਜਾਰੀ ਰਿਹਾ। ਇਸ ਮੌਕੇ ਕਿਸਾਨ, ਮਜ਼ਦੂਰ ਆਗੂਆਂ ਸੁਖਮੰਦਰ ਸਿੰਘ ਅਤੇ ਜਸਪਾਲ ਸਿੰਘ ਸੂਰਲ ਕਲਾਂ ਸਮੇਤ ਹੋਰਨਾਂ ਨੇ ਆਖਿਆ ਕਿ ਮੋਦੀ ਸਰਕਾਰ ਖੇਤੀ ਕਾਨੁੂੰਨ ਰੱਦ ਕਰਨ ਦੀ ਬਜਾਇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਸਹੀ ਦਰਸਾਉਣ ਅਤੇ ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਦੀ ਕੋਸ਼ਿਸ਼ਾਂ ਵਿੱਚ ਜੁਟੀ ਹੋਈ ਹੈ ਪਰ ਕਿਸਾਨ ਸੰਘਰਸ਼ ਨੂੰ ਸਮਾਜ ਦੇ ਹਰ ਵਰਗ ਦਾ ਸਮਰਥਨ ਮਿਲਣ ਨਾਲ ਸੰਘਰਸ਼ ਹੋਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਖੇਤੀ ਕਾਨੂੰਨ ਰੱਦ ਕਰੇ।