ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 11 ਅਕਤੂਬਰ
ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ ਹੇਠ ਟੌਲ ਪਲਾਜ਼ਾ ਕਾਲਾਝਾੜ ਅਤੇ ਪੈਟਰੋਲ ਪੰਪ ਬਾਲਦ ਕਲਾਂ ’ਤੇ ਧਰਨੇ ਜਾਰੀ ਰੱਖੇ ਗਏ। ਇਸ ਮੌਕੇ ਯੂਨੀਅਨ ਦੇ ਟੋਲ ਪਲਾਜਾ ਕਾਲਾਝਾੜ ਅਤੇ ਰਲਾਇੰਸ ਪੰਪ ਬਾਲਦ ਕਲਾ ਵਿੱਚ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਮੋਰਚਿਆਂ ਦੌਰਾਨ ਬਲਾਕ ਪ੍ਰਧਾਨ ਅਜੈਬ ਸਿੰਘ ਲਖੇਆਲ ਅਤੇ ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾ ਚੌਕ ਤੋਂ ਇਲਾਵਾ ਸੂਬਾ ਪ੍ਰਚਾਰਕ ਸਕੱਤਰ ਜਗਤਾਰ ਸਿੰਘ ਕਾਲਾਝਾੜ, ਬਲਾਕ ਪ੍ਰਧਾਨ ਅਜੈਬ ਸਿੰਘ ਲੱਖੇਵਾਲ, ਮੀਤ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਯੂਪੀ ਵਿੱਚ ਸਰਕਾਰ ਨੇ ਕਿਸਾਨਾਂ ਦੇ ਕਤਲ ਕਰ ਕੇ ਲੋਕ ਘੋਲਾਂ ਦੀ ਆਵਾਜ਼ ਨੂੰ ਦੱਬਣ ਦੀ ਕੋਸ਼ਿਸ਼ ਕੀਤੀ ਸੀ ਪਰ ਲੋਕਾਂ ਦਾ ਰੋਹ ਹੋਰ ਮਜ਼ਬੂਤ ਬਣ ਕੇ ਸੰਘਰਸ਼ੀ ਖੇਤਰ ਵਿੱਚ ਕੁੱਦਿਆ ਹੈ। ਉਨ੍ਹਾਂ ਕਿਹਾ ਕਿ ਖੇਤੀ ਬਿਜਲੀ ਸਪਲਾਈ ਦੇ ਵੱਡੇ ਕੱਟ ਲੱਗ ਰਹੇ ਹਨ। ਇਸ ਸਬੰਧੀ ਜਥੇਬੰਦੀ ਵੱਲੋਂ ਪ੍ਰਸ਼ਾਸਨ ਨੂੰ ਨੋਟਿਸ ਦਿੱਤਾ ਗਿਆ ਹੈ। ਇਸ ਮੌਕੇ ਬਲਾਕ ਆਗੂ ਜਗਤਾਰ ਸਿੰਘ ਲੱਡੀ, ਗੁਰਚੇਤ ਭੱਟੀਵਾਲ, ਗੁਰਦੇਵ ਸਿੰਘ ਆਲੋਾਰਖ, ਸੁਖਵਿੰਦਰ ਸਿੰਘ ਬਲਿਆਲ ਅਤੇ ਕਸ਼ਮੀਰ ਸਿੰਘ ਆਲੋਅਰਖ ਸਮੇਤ ਕਿਸਾਨ ਮਜ਼ਦੂਰ ਅਤੇ ਔਰਤਾਂ ਹਾਜ਼ਰ ਸਨ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੀ ਅਗਵਾਈ ਹੇਠ ਟੌਲ ਪਲਾਜ਼ਾ ਮਾਝੀ ਵਿਖੇ ਧਰਨਾ ਜਾਰੀ ਰੱਖਿਆ ਗਿਆ।
ਭਾਜਪਾ ਆਗੂਆਂ ਵਿੱਚ ਫੁੱਟ ਪੈਣੀ ਸ਼ੁਰੂ: ਪੇਧਨੀ
ਧੂਰੀ(ਹਰਦੀਪ ਸਿੰਘ ਸੋਢੀ): ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਧੂਰੀ ਦੇ ਨੇੜਲੇ ਪਿੰਡ ਲੱਡਾ ਟੋਲ ਪਲਾਜ਼ਾ ਕੋਲ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਲਾਇਆ ਪੱਕਾ ਧਰਨਾ ਹਰਪਾਲ ਸਿੰਘ ਪੇਧਨੀ ਦੀ ਅਗਵਾਈ ਹੇਠ 374ਵੇਂ ਦਿਨ ਵੀ ਜਾਰੀ ਰਿਹਾ। ਆਗੂਆਂ ਨੇ ਕਿਹਾ ਭਾਜਪਾ ਆਗੂ ਵਰੁਣ ਗਾਂਧੀ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਬਿਆਨ ਦੇਣ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੇ ਉੱਚ ਅਹੁਦਿਆਂ ਤੋਂ ਹਟਾਉਣਾ ਇਹ ਸਾਬਿਤ ਕਰਦਾ ਹੈ ਕਿ ਪਾਰਟੀ ਅੰਦਰ ਖੇਤੀ ਕਾਨੂੰਨਾਂ ਰੱਦ ਕਰਨ ਨੂੰ ਲੈ ਕੇ ਆਪਸੀ ਫੁੱਟ ਵੱਧ ਰਹੀ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਲਿਖਤੀ ਸੰਦੇਸ਼ ਦਿੱਤਾ ਕਿ ਜਿੰਨੇ ਚਿਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਉਨ੍ਹਾਂ ਸਮਾ ਧਰਨੇ ਜਾਰੀ ਰਹਿਣਗੇ।