ਪੱਤਰ ਪ੍ਰੇਰਕ
ਮੂਨਕ, 5 ਜੁਲਾਈ
ਇੱਥੇ ਗਊਸ਼ਾਲਾ ਦੀ ਜ਼ਮੀਨ ਪ੍ਰਾਪਤੀ ਸਬੰਧੀ ਵੱਖ ਵੱਖ ਸਮਾਜ ਸੇਵੀਆਂ ਅਤੇ ਗਊ ਸੇਵਕਾਂ ਨੇ ਗਊਸ਼ਾਲਾ ਦੇ ਸਾਹਮਣੇ ਦੂਜੇ ਦਿਨ ਵੀ ਧਰਨਾ ਜਾਰੀ ਰੱਖਿਆ। ਉਨ੍ਹਾਂ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਆਗੂਆਂ ਨੇ ਕਿਹਾ ਕਿ ਇਨਸਾਫ਼ ਮਿਲਣ ਤਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗਊਸ਼ਾਲਾ ਦੀ ਜ਼ਮੀਨ ਦੀ ਬੋਲੀ ਕਰਨ ’ਤੇ ਬੀਡੀਪੀਓ ਲਹਿਰਾਗਾਗਾ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਵਿਜੇ ਮਾਰਵਾੜੀ ਨੇ ਕਿਹਾ ਕਿ ਸਰਕਾਰ ਗਊ ਸੈੱਸ ਦੇ ਨਾਂ ਕਰੋੜਾਂ ਰੁਪਏ ਇਕੱਠੇ ਕਰ ਰਹੀ ਹੈ ਪਰ ਗਊਆਂ ਦੇ ਰੱਖ ਰਖਾਵ ’ਤੇ ਇਸ ਦੀ ਵਰਤੋਂ ਨਹੀਂ ਕੀਤੀ ਜਾ ਰਹੀ।
ਇਸ ਧਰਨੇ ’ਤੇ ਉਦੋਂ ਨਵਾਂ ਮੋੜ ਆ ਗਿਆ ਜਦੋਂ ਵਿਧਾਇਕ ਵਰਿੰਦਰ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਨ ਤੋਂ ਬਾਅਦ ਧਰਨੇ ਵਾਲੀ ਜਗ੍ਹਾ ’ਤੇ ਪੁੱਜੇ। ਉਨ੍ਹਾਂ ਪਿੰਡ ਗੋਬਿੰਦਪੁਰਾ ਪਾਪੜਾ ਦੀ ਪੰਚਾਇਤ ਸਣੇ ਧਰਨਾਕਾਰੀਆਂ ਦੀ ਗੱਲਬਾਤ ਕਰਦਿਆਂ ਕਿਹਾ ਕਿ ਗਊਸ਼ਾਲਾ ਮੂਨਕ ਦੀ ਜ਼ਮੀਨ ’ਤੇ ਪਹਿਲਾਂ ਦੀ ਤਰ੍ਹਾਂ ਹੀ ਹਰਾ-ਚਾਰਾ ਬੀਜਿਆ ਜਾਵੇਗਾ। ਵਿਧਾਇਕ ਦੇ ਭਰੋਸੇ ਮਗਰੋਂ ਧਰਨਾਕਾਰੀਆਂ ਨੇ ਧਰਨਾ ਸਮਾਪਤ ਕਰ ਦਿੱਤਾ।