ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਅਕਤੂਬਰ
ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਦੀ ਅਗਵਾਈ ਹੇਠ ਦਫ਼ਤਰੀ ਮੁਲਾਜ਼ਮਾਂ ਦੀ ਚੱਲ ਰਹੀ ਕਲਮ ਛੋੜ ਅਤੇ ਕੰਪਿਊਟਰ ਬੰਦ ਹੜਤਾਲ ਦੇ 9ਵੇਂ ਦਿਨ ਵੀ ਵੱਖ-ਵੱਖ ਵਿਭਾਗਾਂ ’ਚ ਦਫ਼ਤਰੀ ਕੰਮਕਾਜ ਬੰਦ ਰਿਹਾ। ਹੜਤਾਲੀ ਮੁਲਾਜ਼ਮਾਂ ਵਲੋਂ ਜ਼ਿਲ੍ਹਾ ਖਜ਼ਾਨਾ ਦਫ਼ਤਰ ਅੱਗੇ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਅਤੇ ਚੋਣਾਂ ਮੌਕੇ ਕੀਤੇ ਵਾਅਦੇ ਪੂਰੇ ਕਰਨ ਦੀ ਮੰਗ ਕੀਤੀ ਗਈ।
ਅੱਜ ਹੜਤਾਲ ਦੇ 9ਵੇਂ ਦਿਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਸ਼ਰਮਾ, ਜਨਰਲ ਸਕੱਤਰ ਰਾਜਵੀਰ ਬਡਰੁੱਖਾਂ ਅਤੇ ਪ੍ਰੈਸ ਸਕੱਤਰ ਅਨੁਜ ਸ਼ਰਮਾ ਦੀ ਅਗਵਾਈ ਹੇਠ ਵੱਖ-ਵੱਖ ਵਿਭਾਗਾਂ ਦੇ ਦਫ਼ਤਰੀ ਮੁਲਾਜ਼ਮ ਜ਼ਿਲ੍ਹਾ ਖਜ਼ਾਨਾ ਦਫ਼ਤਰ ਅੱਗੇ ਇਕੱਠੇ ਹੋਏ ਅਤੇ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਚੇਅਰਮੈਨ ਬਲਵਿੰਦਰ ਅੱਤਰੀ, ਡੀਸੀ ਦਫ਼ਤਰ ਆਗੂ ਸੁਖਦੀਪ ਸਿੰਘ ਅਤੇ ਸਰਪ੍ਰਸਤ ਬਲਵਿੰਦਰ ਸੋਹੀ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਮੁਲਾਜ਼ਮ ਮੰਗਾਂ ਦੀ ਲਗਾਤਾਰ ਅਣਦੇਖੀ ਕਰ ਰਹੀ ਹੈ। ਦੀਵਾਲੀ ਮੌਕੇ ਮੁਲਾਜ਼ਮਾਂ ਨੂੰ ਪ੍ਰਦਰਸ਼ਨਾਂ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ‘ਆਪ’ ਨੇ ਮੁਲਾਜ਼ਮ ਵਰਗ ਨਾਲ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਣੇ ਹੋਰ ਅਹਿਮ ਮੰਗਾਂ ਪੂਰੀਆਂ ਕਰਨ ਦਾ ਵਾਅਦਾ ਕੀਤਾ ਸੀ ਜੋ ਸੱਤਾ ਵਿੱਚ ਆ ਕੇ ਪੂਰਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਭਲਕੇ 19 ਅਕਤੂਬਰ ਤੱਕ ਹੜਤਾਲ ਜਾਰੀ ਰਹੇਗੀ ਅਤੇ ਸਮੁੱਚਾ ਦਫ਼ਤਰੀ ਕੰਮਕਾਜ ਬੰਦ ਰਹੇਗਾ। ਉਨ੍ਹਾਂ ਐਲਾਨ ਕੀਤਾ ਕਿ ਜੇ ਸਰਕਾਰ ਨੇ ਅੜੀਅਲ ਵਤੀਰਾ ਨਾ ਛੱਡਿਆ ਤਾਂ ਪੰਜਾਬ ਭਰ ’ਚ ਕੈਬਨਿਟ ਮੰਤਰੀਆਂ ਤੇ ਵਿਧਾਇਕਾਂ ਦਾ ਦਫ਼ਤਰਾਂ ਅਤੇ ਘਰਾਂ ’ਚ ਘਿਰਾਓ ਕੀਤਾ ਜਾਵੇਗਾ ਅਤੇ ਰੋਸ ਰੈਲੀਆਂ ਜਾਰੀ ਰਹਿਣਗੀਆਂ।