
ਮੁੱਖ ਮੰਤਰੀ ਦੀ ਕੋਠੀ ਅੱਗੇ ਨਾਅਰੇਬਾਜ਼ੀ ਕਰਦੇ ਹੋਏ ਹੋਏ ਲੋਕ। -ਫੋਟੋ: ਲਾਲੀ
ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 25 ਨਵੰਬਰ
ਪਿੰਡ ਬਾਲਦ ਕਲਾਂ ਦੇ ਵਾਸੀ ਦਲਿਤ ਵਿਅਕਤੀਆਂ ਖ਼ਿਲਾਫ਼ ਜ਼ਮੀਨੀ ਸੰਘਰਸ਼ ਦੌਰਾਨ ਸੰਨ 2014 ਅਤੇ ਸੰਨ 2016 ਵਿਚ ਦਰਜ ਹੋਏ ਪੁਲੀਸ ਕੇਸ ਰੱਦ ਕਰਾਉਣ ਲਈ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੀ ਅਗਵਾਈ ਲੋਕਾਂ ਵੱਲੋਂ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੇ ਐਲਾਨ ਕੀਤਾ ਕਿ ਜੇ ਇਹ ਪੁਰਾਣੇ ਪੁਲੀਸ ਕੇਸ ਰੱਦ ਨਾ ਕੀਤੇ ਤਾਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਰੋਸ ਧਰਨਾ ਲਗਾਉਣ ਲਈ ਮਜਬੂਰ ਹੋਣਾ ਪਵੇਗਾ। ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਆਗੂ ਬਿੱਕਰ ਸਿੰਘ ਹਥੋਆ ਅਤੇ ਚਰਨਾ ਸਿੰਘ ਬਾਲਦ ਕਲਾਂ ਨੇ ਦੱਸਿਆ ਕਿ ਸੰਨ 2014 ਵਿਚ ਪਿੰਡ ਬਾਲਦ ਕਲਾਂ ਤੋਂ ਪੰਚਾਇਤੀ ਜ਼ਮੀਨਾਂ ’ਚੋ ਤੀਜਾ ਹਿੱਸਾ ਰਾਖਵੇਂ ਕੋਟੇ ਦੀ ਜ਼ਮੀਨ ਦਾ ਹੱਕ ਲੈਣ ਲਈ ਸੰਘਰਸ਼ ਸ਼ੁਰੂ ਹੋਇਆ ਸੀ। ਸੰਘਰਸ਼ ਦੌਰਾਨ ਪੁਲੀਸ ਵਲੋਂ ਬਾਲਦ ਕਲਾਂ ਦੇ 41 ਦਲਿਤ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਮਗਰੋਂ ਸੰਨ 2016 ਵਿਚ 53 ਜਣਿਆਂ ਖ਼ਿਲਾਫ਼ ਕੇਸ ਦਰਜ ਹੋਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੇ ਰਾਹ ਤੁਰ ਪਈ ਹੈ। ਉਨ੍ਹਾਂ ਮੰਗ ਕੀਤੀ ਕਿ ਇਨ੍ਹਾਂ ਪੁਰਾਣੇ ਪੁਲੀਸ ਕੇਸਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਤਰਫ਼ੋ ਪੁੱਜੇ ਡਿਊਟੀ ਮੈਜਿਸਟ੍ਰੇਟ ਵਲੋਂ ਭਰੋਸਾ ਦਿਵਾਇਆ ਗਿਆ ਕਿ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪੁਲੀਸ ਕੇਸ ਰੱਦ ਕਰਨ ਸਬੰਧੀ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ । ਇਸ ਭਰੋਸੇ ਮਗਰੋਂ ਰੋਸ ਧਰਨਾ ਸਮਾਪਤ ਕੀਤਾ ਗਿਆ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ