ਹਰਦੀਪ ਸਿੰਘ ਸੋਢੀ
ਧੂਰੀ, 7 ਅਕਤੂਬਰ
ਅੱਜ ਵੱਖ-ਵੱਖ ਵਿਭਾਗਾਂ ’ਚ ਕੰਮ ਕਰਦੇ ਆਊਟਸੋਰਸ, ਠੇਕਾ ਮੁਲਾਜ਼ਮਾਂ ਵੱਲੋਂ ਰੈਗੂਲਰ ਕਰਨ ਸਮੇਤ ਆਪਣੀਆਂ ਹੋਰ ਮੰਗਾਂ ਨੂੰ ਲੈ ਕੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਅਗਵਾਈ ਹੇਠ ਸਥਾਨਕ ਬੱਬਨਪੁਰ ਵਾਲੀ ਨਹਿਰ ਦੇ ਪੁਲ ’ਤੇ ਧਰਨਾ ਲਾ ਕੇ ਸੰਗਰੂਰ-ਲੁਧਿਆਣਾ ਮੁੱਖ ਮਾਰਗ ’ਤੇ ਆਵਾਜਾਈ ਠੱਪ ਕਰ ਦਿੱਤੀ ਗਈ। ਧਰਨੇ ਕਾਰਨ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਪੁਲੀਸ ਨੂੰ ਟਰੈਫਿਕ ਲਈ ਬਦਲਵੇਂ ਰਾਹ ਦਾ ਪ੍ਰਬੰਧ ਕਰਨਾ ਪਿਆ। ਪ੍ਰਦਰਸ਼ਨਕਾਰੀਆਂ ਵੱਲੋਂ ਆਪਣੇ ਪਰਿਵਾਰਾਂ ਸਮੇਤ ਧਰਨੇ ’ਤੇ ਬੈਠ ਕੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਧਰਨੇ ਦੀ ਅਗਵਾਈ ਕਰ ਰਹੇ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਸ਼ੇਰ ਸਿੰਘ ਖੰਨਾ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ, ਰਮਨਪ੍ਰੀਤ ਕੌਰ ਮਾਨ, ਸਿਮਰਨਜੀਤ ਸਿੰਘ ਨੀਲੋ, ਜਸਪ੍ਰੀਤ ਸਿੰਘ ਗਗਨ, ਸੁਰਿੰਦਰ ਕੁਮਾਰ ਤੇ ਪਵਨਦੀਪ ਸਿੰਘ ਨੇ ਕਿਹਾ ਕਿ ਆਪਣੀਆਂ ਮੰਗਾਂ ਨੂੰ ਲੈ ਕੇ ਉਹ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੇ ਆ ਰਹੇ ਹਨ ਅਤੇ ਪਿਛਲੇ ਕਾਫੀ ਸਮੇਂ ਤੋਂ ਮੁੱਖ ਮੰਤਰੀ ਪੰਜਾਬ ਨਾਲ ਮੀਟਿੰਗ ਦਾ ਸਮਾਂ ਤੈਅ ਕਰਨ ਦੀ ਮੰਗ ਕਰ ਰਹੇ ਹਨ ਪ੍ਰੰਤੂ ਹਾਲੇ ਤੱਕ ਮੀਟਿੰਗ ਲਈ ਸਮਾਂ ਨਹੀਂ ਦਿੱਤਾ ਗਿਆ, ਜਿਸ ਦੇ ਰੋਸ ਵੱਜੋਂ ਅੱਜ ਮੁੱਖ ਮੰਤਰੀ ਦੇ ਹਲਕਾ ਧੂਰੀ ’ਚ ਮੁੱਖ ਮਾਰਗ ਨੂੰ ਅਣਮਿੱਥੇ ਸਮੇਂ ਲਈ ਜਾਮ ਕੀਤਾ ਗਿਆ ਹੈ।