ਰਮੇਸ਼ ਭਾਰਦਵਾਜ
ਲਹਿਰਾਗਾਗਾ, 26 ਜੂਨ
ਵੱਧ ਰਹੀ ਮਹਿੰਗਾਈ ਅਤੇ ਪੈ ਰਹੀ ਅਤਿ ਦੀ ਗਰਮੀ ਦੇ ਨਾਲ ਨਾਲ ਖੇਤ ਮਜ਼ਦੂਰ ਆਪਣੀ ਰੋਜ਼ੀ-ਰੋਟੀ ਕਮਾਉਣ ਲਈ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਨਾਲ ਜੂਝ ਰਹੇ ਹਨ। ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਮੁਆਵਜ਼ਾ ਤਾਂ ਦਿੱਤਾ ਜਾ ਰਿਹਾ ਹੈ, ਪਰ ਕੰਮ ਦੇ ਇਨ੍ਹਾਂ ਦਿਨਾਂ ਵਿੱਚ ਵਿਹਲੇ ਰਹਿ ਗਏ ਮਜ਼ਦੂਰਾਂ ਨੂੰ ਕੋਈ ਭੱਤਾ ਵੀ ਨਹੀਂ ਦਿੱਤਾ ਜਾ ਰਿਹਾ। ਪੇਂਡੂ ਮਜ਼ਦੂਰ ਯੂਨੀਅਨ ਆਜ਼ਾਦ ਦੇ ਸੂਬਾ ਕਨਵੀਨਰ ਬਲਵਿੰਦਰ ਸਿੰਘ ਜਲੂਰ ਅਤੇ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਮੀਤ ਪ੍ਰਧਾਨ ਗੋਬਿੰਦ ਸਿੰਘ ਨੇ ਦੱਸਿਆ ਕਿ ਜਿਨ੍ਹਾਂ ਖੇਤ ਮਜ਼ਦੂਰਾਂ ਨੇ ਝੋਨਾ ਲਾ ਕੇ ਪਰਿਵਾਰ ਦਾ ਗੁਜ਼ਾਰਾ ਕਰਨਾ ਸੀ, ਸਿੱਧੀ ਬਿਜਾਈ ਹੋਣ ਨਾਲ ਉਨ੍ਹਾਂ ਦਾ ਕੰਮ ਘੱਟ ਹੋ ਗਿਆ ਹੈ।
ਉਨ੍ਹਾਂ ਸੂਬਾ ਸਰਕਾਰ ਤੋ ਮੰਗ ਕੀਤੀ ਕਿ ਦਲਿਤ ਖੇਤ ਮਜ਼ਦੂਰਾਂ ਨੂੰ ਵੀ ਛੇ ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ ਅਤੇ ਦਿਹਾੜੀ ਮਹਿੰਗਾਈ ਮੁਤਾਬਕ 700 ਰੁਪਏ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਲੈ ਕੇ ਮਜ਼ਦੂਰ ਜਥੇਬੰਦੀਆਂ ਵੱਲੋਂ 5 ਜੁਲਾਈ ਨੂੰ ਮੁੱਖ ਮੰਤਰੀ ਨਾਲ ਮੀਟਿੰਗ ਕੀਤੀ ਜਾਣੀ ਹੈ, ਜਿਸ ਵਿੱਚ ਇਹ ਮੁੱਦਾ ਉਭਾਰਿਆ ਜਾਵੇਗਾ।