ਗੁਰਦੀਪ ਸਿੰਘ ਲਾਲੀ
ਸੰਗਰੂਰ, 16 ਜੂਨ
ਕਰੋਨਾ ਮਹਾਮਾਰੀ ਦੇ ਚਲਦੇ ਪਰਵਾਸੀ ਮਜ਼ਦੂਰਾਂ ਦੀ ਘਾਟ ਕਾਰਨ ਕਿਸਾਨਾਂ ਵੱਲੋਂ ਝੋਨੇ ਦੀ ਬਿਜਾਈ ਖੇਤ ’ਚ ਕੱਦੂ ਕਰਨ ਤੋਂ ਬਗੈਰ ਮਸ਼ੀਨਾਂ ਦੀ ਮਦਦ ਨਾਲ ਕੀਤੀ ਜਾ ਰਹੀ ਹੈ। ਸੰਗਰੂਰ ਜ਼ਿਲ੍ਹੇ ’ਚ ਲਗਭਗ 29,000 ਹੈਕਟੇਅਰ ਰਕਬੇ ’ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਕਿਸਾਨਾਂ ਦਾ ਝੋਨੇ ਦੀ ਸਿੱਧੀ ਬਿਜਾਈ ਵੱਲ ਉਤਸ਼ਾਹਿਤ ਹੋਣਾ ਪੰਜਾਬ ਦੀ ਖੇਤੀਬਾੜੀ ਲਈ ਚੰਗਾ ਸੰਕੇਤ ਹੈ। ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ’ਤੇ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ।
ਸ੍ਰੀ ਗਰੇਵਾਲ ਨੇ ਦੱਸਿਆ ਕਿ ਪੂਰੇ ਸੰਗਰੂਰ ਜ਼ਿਲ੍ਹੇ ’ਚੋਂ ਬਲਾਕ ਲਹਿਰਾ ’ਚ ਸਭ ਤੋਂ ਵੱਧ ਲਗਭਗ 8000 ਹੈਕਟੇਅਰ ਰਕਬੇ ’ਤੇ ਝੋਨੇ ਦੀ ਸਿੱਧੀ ਬਿਜਾਈ ਹੋਈ ਹੈ। ਲਹਿਰਾ ਬਲਾਕ ’ਚ ਵੀ ਹਰਿਆਊ ਪਿੰਡ ਮੋਹਰੀ ਬਣਿਆ ਹੋਇਆ ਹੈ ਜਿੱਥੇ 550 ਏਕੜ ਰਕਬੇ ਤੋਂ ਜ਼ਿਆਦਾ ’ਤੇ ਝੋਨੇ ਦੀ ਸਿੱਧੀ ਬਿਜਾਈ ਕੀਤੀ ਗਈ ਹੈ। ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱਲੋਂ ਲਗਾਤਾਰ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਵੱਲੋਂ ਵੀ ਝੋਨੇ ਦੀ ਸਿੱਧੀ ਬਿਜਾਈ ਪ੍ਰਤੀ ਸੰਤੁਸ਼ਟੀ ਜ਼ਾਹਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਹੋਰ ਵਧੇਰੇ ਰਕਬੇ ’ਤੇ ਝੋਨੇ ਦੀ ਸਿੱਧੀ ਬਿਜਾਈ ਹੋਣ ਦੀ ਸੰਭਾਵਨਾ ਹੈ ਜਿਸ ਨਾਲ ਵਾਤਾਵਰਨ ਦਾ ਵੱਡਮੁੱਲਾ ਅੰਗ ਪਾਣੀ ਵੱਡੇ ਪੱਧਰ ’ਤੇ ਬਚਾਇਆ ਜਾ ਸਕੇਗਾ। ਉਨ੍ਹਾਂ ਦੱਸਿਆ ਕਿ ਹਰਿਆਊ ਪਿੰਡ ’ਚ ਹੀ ਕਿਸਾਨ ਸੁਖਚੈਨ ਸਿੰਘ ਪੁੱਤਰ ਬਲਵੀਰ ਸਿੰਘ ਨੇ ਆਪਣੀ 5 ਏਕੜ ਰਕਬੇ ’ਚੋਂ 1 ਏਕੜ ਜ਼ਮੀਨ ’ਚ ਵੱਟਾਂ ’ਤੇ ਝੋਨਾ ਲਾਇਆ ਹੋਇਆ ਹੈ ਅਤੇ 1 ਏਕੜ ਰਕਬੇ ’ਤੇ ਬਿਨ੍ਹਾਂ ਕੱਦੂ ਕੀਤਿਆਂ ਜੀਰੀ ਦੀ ਬਿਜਾਈ ਕੀਤੀ ਹੋਈ ਹੈ ਜੋ ਕਿ ਬਹੁਤ ਵਧੀਆ ਹਾਲਤ ’ਚ ਖੜ੍ਹੀ ਹੈ।
ਇਸ ਮੌਕੇ ਡਾ. ਗੁਰਦੇਵ ਸਿੰਘ, ਖੇਤੀਬਾੜੀ ਅਫ਼ਸਰ ਲਹਿਰਾ, ਖੇਤੀਬਾੜੀ ਵਿਕਾਸ ਅਫ਼ਸਰ ਡਾ. ਨਰਿੰਦਰ ਸਿੰਘ, ਜੂਨੀਅਰ ਤਕਨੀਸ਼ੀਅਨ ਸੁਖਜਿੰਦਰ ਸਿੰਘ ਹਾਜ਼ਰ ਸਨ।