ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 7 ਸਤੰਬਰ
ਇੱਥੇ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ’ਤੇ ਸਥਿਤ ਬਾਲਦ ਕੈਂਚੀਆਂ ਵਿੱਚ ਦੂਸ਼ਿਤ ਪਾਣੀ ਦੇ ਨਿਕਾਸ ਦਾ ਪ੍ਰਬੰਧ ਨਾ ਹੋਣ ਤੋਂ ਪ੍ਰੇਸ਼ਾਨ ਦੁਕਾਨਦਾਰਾਂ ਵੱਲੋਂ ਅੱਜ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਦੁਕਾਨਦਾਰ ਤੇਜਾ ਸਿੰਘ, ਸੁਖਦੇਵ ਸਿੰਘ, ਨੂਰ ਖਾਂ, ਸੁਰਜੀਤ ਸਿੰਘ, ਰਾਜੇਸ਼ ਕੁਮਾਰ, ਬਲਦੇਵ ਸਿੰਘ, ਜਗਦੇਵ ਸਿੰਘ, ਗੁਰਧਿਆਨ ਸਿੰਘ, ਕਰਮਜੀਤ ਸਿੰਘ ਵੈਦ ਅਤੇ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮੁਹੱਲੇ ਦੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਪਿਛਲੇ ਕਾਫੀ ਸਮੇਂ ਤੋਂ ਗੰਦਾ ਪਾਣੀ ਮੁੱਖ ਮਾਰਗ ’ਤੇ ਖੜ੍ਹਾ ਹੈ। ਇਸ ਗੰਦੇ ਪਾਣੀ ਕਾਰਨ ਦੁਕਾਨਦਾਰਾਂ ਅਤੇ ਗਾਹਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਕੋਈ ਵਹੀਕਲ ਇਸ ਗੰਦੇ ਪਾਣੀ ਵਿੱਚੋਂ ਲੰਘਦਾ ਹੈ ਤਾਂ ਗੰਦੇ ਪਾਣੀ ਦੀਆਂ ਬੁਛਾੜਾਂ ਦੁਕਾਨਾਂ ਵਿੱਚ ਪਈਆਂ ਵਸਤਾਂ ਨੂੰ ਖਰਾਬ ਕਰ ਦਿੰਦੀਆਂ ਹਨ। ਦੁਕਾਨਦਾਰਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਮਾਮਲਾ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਦੇ ਬਾਵਜੂਦ ਠੋਸ ਕਾਰਵਾਈ ਨਾ ਹੋਣ ਕਾਰਨ ਮਸਲਾ ਹੱਲ ਨਹੀਂ ਹੋ ਰਿਹਾ। ਉਨ੍ਹਾਂ ਕਿਹਾ ਕਿ ਸੜਕ ’ਤੇ ਭਰੇ ਗੰਦੇ ਪਾਣੀ ਕਾਰਨ ਗਾਹਕਾਂ ਦਾ ਮਾਰਕੀਟ ਵਿੱਚ ਆਉਣਾ ਵੀ ਘੱਟ ਗਿਆ ਹੈ ਜਿਸ ਕਾਰਨ ਉਨ੍ਹਾਂ ਦਾ ਆਰਥਿਕ ਨੁਕਸਾਨ ਹੋ ਰਿਹਾ ਹੈ।
ਹਲਕਾ ਵਿਧਾਇਕ ਵੱਲੋਂ ਕਾਰਵਾਈ ਦਾ ਭਰੋਸਾ
ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਫੋਨ ’ਤੇ ਦੱਸਿਆ ਕਿ ਉਹ ਬਾਹਰ ਹਨ ਤੇ ਸ਼ੁੱਕਰਵਾਰ ਨੂੰ ਪ੍ਰਭਾਵਿਤ ਥਾਂ ’ਤੇ ਪਹੁੰਚ ਕੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਨੂੰ ਦਿੱਕਤਾਂ ਪੇਸ਼ ਨਹੀਂ ਆਉਣ ਦਿੱਤੀਆਂ ਜਾਣਗੀਆਂ।