ਨਿੱਜੀ ਪੱਤਰ ਪ੍ਰੇਰਕ
ਮਾਲੇਰਕੋਟਲਾ 6 ਅਗਸਤ
ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਤੇ ਇਸ ਦੇ ਬਦਲ ਸਬੰਧੀ ਜਾਗਰੂਕਤਾ ਫੈਲਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ। ਡਿਪਟੀ ਕਮਿਸ਼ਨਰ ਸੰਯਮ ਅਗਰਵਾਲ ਨੇ ਕਿਹਾ ਕਿ ਮਨੁੱਖਤਾ ਦੀ ਬਿਹਤਰੀ ਅਤੇ ਸਾਫ਼ ਸੁਥਰੇ ਵਾਤਾਵਰਨ ਲਈ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਨੂੰ ਬੰਦ ਕਰਨਾ ਸਮੇਂ ਦੀ ਜ਼ਰੂਰਤ ਹੈ। ਵਿਧਾਇਕ ਡਾਕਟਰ ਜਮੀਲ-ਉਰ-ਰਹਿਮਾਨ ਦੀ ਪਤਨੀ ਫ਼ਰਿਆਲ ਰਹਿਮਾਨ ਨੇ ਕਿਹਾ ਕਿ ਕੋਈ ਵੀ ਲੋਕਪੱਖੀ ਕਾਰਜ ਲੋਕਾਂ ਦੇ ਸਹਿਯੋਗ ਤੋਂ ਬਿਨਾਂ ਮੁਕੰਮਲ ਨਹੀਂ ਹੋ ਸਕਦਾ। ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੀ ਵਰਤੋਂ ਤੋਂ ਗੁਰੇਜ਼ ਕਰਨ। ਉਨ੍ਹਾਂ ਮਹਿਲਾਵਾਂ ਨੂੰ ਕਿਹਾ ਕਿ ਘਰੋਂ ਬਾਜ਼ਾਰ ਜਾਣ ਸਮੇਂ ਕੱਪੜੇ ਦੇ ਬਣੇ ਝੋਲੇ ਨਾਲ ਲੈ ਕੇ ਜਾਣ ਨੂੰ ਤਰਜੀਹ ਦੇਣ। ਸਮਾਗਮ ਦੌਰਾਨ ਵੱਖ-ਵੱਖ ਵਿਭਾਗਾਂ ਦੇ ਸਹਿਯੋਗ ਨਾਲ ਇਕਹਿਰੀ ਵਰਤੋਂ ਵਾਲੇ ਪਲਾਸਟਿਕ ਦੇ ਬਦਲ ਲਈ ਜਾਗਰੂਕ ਕਰਨ ਲਈ ਪ੍ਰਦਰਸ਼ਨੀ ਵੀ ਲਾਈ ਗਈ ਅਤੇ ਸਰਕਾਰੀ ਕਾਲਜ ਮਾਲੇਰਕੋਟਲਾ ਦੀ ਵਿਦਿਆਰਥਣ ਬਲਪ੍ਰੀਤ ਕੌਰ ਵਲੋਂ ਵਾਤਾਵਰਨ ਸਬੰਧੀ ਕਵਿਤਾ ਪੇਸ਼ ਕੀਤੀ ਗਈ।