ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਅਕਤੂਬਰ
ਕਿਸਾਨਾਂ ਨੂੰ ਫਸਲਾਂ ਅਤੇ ਖੇਤੀਬਾੜੀ ਬਾਰੇ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਅਨਾਜ ਮੰਡੀ ਵਿੱਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦਾ ਉਦਘਾਟਨ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕੀਤਾ। ਇਸ ਮੌਕੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਘਰਾਚੋਂ ਹਾਜ਼ਰ ਸਨ। ਡੀਸੀ ਨੇ ਕਿਸਾਨਾਂ ਨੂੰ ਖੇਤੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਦੀ ਅਪੀਲ ਕੀਤੀ। ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ-ਸੀਟੂ ਸਕੀਮ ਅਧੀਨ ਜਿਨ੍ਹਾਂ ਕਿਸਾਨਾਂ ਨੇ ਖੇਤੀ ਮਸ਼ੀਨਰੀ ਲਈ ਅਰਜ਼ੀਆਂ ਦਿੱਤੀਆਂ ਸੀ, ਉਹ ਖੇਤੀ ਮਸ਼ੀਨਰੀ ਖਰੀਦ ਕੇ ਜਲਦੀ ਮਸ਼ੀਨਰੀ ਦੀ ਵੈਰੀਫਿਕੇਸ਼ਨ ਕਰਵਾਉਣ। ਇਸ ਮੌਕੇ ਟੀਮ ਦੇ ਇੰਚਾਰਜ ਡਾ. ਮਨਦੀਪ ਸਿੰਘ, ਡਿਪਟੀ ਡਾਇਰੈਕਟਰ ਕੇਵੀਕੇ ਖੇੜੀ, ਡਾ. ਗੁਰਵੀਰ ਕੌਰ ਸਹਾਇਕ ਪ੍ਰੋਫੈਸਰ, ਡਾ. ਸੁਨੀਲ ਕੁਮਾਰ ਅਤੇ ਡਾ. ਅਸ਼ੋਕ ਕੁਮਾਰ ਨੇ ਸੰਬੋਧਨ ਕੀਤਾ। ਇਸ ਮੌਕੇ ਜ਼ਿਲ੍ਹੇ ਦੇ ਵੱਖ ਸੈਲਫ ਹੈਲਪ ਗਰੁੱਪਾਂ ਵਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ। ਕੈਂਪ ਦੌਰਾਨ ਨਾੜ ਸਾੜੇ ਬਿਨਾਂ ਕਣਕ ਦੀ ਬਿਜਾਈ ਕਰਨ ਵਾਲੇ ਅਗਾਂਹਵਧੂ ਕਿਸਾਨਾਂ ਨੂੰ ਸਨਮਾਨਿਆ ਗਿਆ।