ਸਰਬਜੀਤ ਸਿੰਘ ਭੰਗੂ
ਪਟਿਆਲਾ, 4 ਜਨਵਰੀ
ਕੋਵਿਡ-19 ਦੇ ਵਧ ਰਹੇ ਖਤਰੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਸੰਦੀਪ ਹੰਸ ਨੇ 15 ਜਨਵਰੀ ਤੱਕ ਜ਼ਿਲ੍ਹੇ ਵਿੱਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜਿਸ ਤਹਿਤ ਜਨਤਕ ਤੇ ਕੰਮ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਧਾਰਾ 144 ਤਹਿਤ ਜਾਰੀ ਹੁਕਮਾਂ ਅਨੁਸਾਰ ਗੈਰ ਜ਼ਰੂਰੀ ਆਵਾਜਾਈ ’ਤੇ ਰਾਤ 10 ਤੋਂ ਸਵੇਰੇ 5 ਵਜੇ ਤੱਕ ਮਿਊਂਸਪਲ ਹੱਦ ਅੰਦਰ ਰੋਕ ਰਹੇਗੀ। ਜਦੋਂਕਿ ਜ਼ਰੂਰੀ ਗਤੀਵਿਧੀਆਂ, ਸਾਮਾਨ ਦੀ ਢੋਆ-ਢੁਆਈ, ਸਰਕਾਰੀ ਕੰਮਕਾਜ, ਇੰਡਸਟਰੀ, ਪ੍ਰਾਈਵੇਟ ਤੇ ਸਰਕਾਰੀ ਦਫ਼ਤਰਾਂ ਵਿੱਚ ਸ਼ਿਫਟਾਂ ’ਚ ਕੰਮ ਕਰਨ ਵਾਲੇ ਕਰਮਚਾਰੀਆਂ ਆਦਿ ਨੂੰ ਆਗਿਆ ਹੋਵੇਗੀ। ਬੱਸਾਂ, ਟਰੇਨਾਂ ਤੇ ਹਵਾਈ ਜਹਾਜ਼ ਤੋਂ ਉਤਰ ਕੇ ਆਪਣੇ ਘਰ ਜਾਣ ਦੀ ਆਗਿਆ ਵੀ ਇਸ ਸਮੇਂ ਦੌਰਾਨ ਹੋਵੇਗੀ, ਪਰ ਇਨ੍ਹਾਂ ਲਈ ਪੂਰੀ ਤਰ੍ਹਾਂ ਵੈਕਸੀਨੇਟਿਡ ਹੋਣਾ ਲਾਜ਼ਮੀ ਹੈ। ਕੋਵਿਡ ਤੋਂ ਰਿਕਵਰ ਜਾਂ ਪੰਜਾਬ ਤੋਂ ਬਾਹਰੋਂ ਆਉਣ ਵਾਲਿਆ ਨੂੰ ਵੀ 72 ਘੰਟੇ ਪਹਿਲਾਂ ਕਰਵਾਈ ਨੈਗੇਟਿਵ ਆਰ.ਟੀ.ਪੀ.ਸੀ.ਆਰ ਦੀ ਰਿਪੋਰਟ ਲਾਜ਼ਮੀ ਹੈ। ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੰਸਥਾਵਾਂ ਆਦਿ ਨੂੰ ਵੀ ਬੰਦ ਰੱਖਣ ਦੀ ਤਾਕੀਦ ਵੀ ਕੀਤੀ ਹੈ ਜਦੋਂਕਿ ਆਨਲਾਈਨ ਤਰੀਕੇ ਨਾਲ ਪੜ੍ਹਾਈ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਮੈਡੀਕਲ ਤੇ ਨਰਸਿੰਗ ਕਾਲਜ ਪਹਿਲਾਂ ਦੀ ਤਰ੍ਹਾਂ ਆਮ ਵਾਂਗ ਕੰਮ ਕਰਨਗੇ। ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਆਪਣੀ ਸੰਸਥਾ ‘ਚ ਕੰਮ ਕਰਨ ਜਾਵੇਗਾ, ਪਰ ਉਨ੍ਹਾਂ ਨੂੰ ਟੀਕਾਕਰਨ ਕਰਨ ਦੀ ਹਦਾਇਤ ਕੀਤੀ ਹੈ। ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਮਿਊਜ਼ਿਅਮ, ਚਿੜੀਆਘਰ ਨੂੰ 50 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹਣ ਦੀ ਆਗਿਆ ਹੋਵੇਗੀ ਬਸ਼ਰਤੇ ਸਾਰੇ ਸਟਾਫ਼ ਦੀ ਪੂਰੀ ਤਰ੍ਹਾਂ ਨਾਲ ਵੈਕਸੀਨੇਸ਼ਨ ਹੋਈ ਹੋਵੇ। ਰਾਸ਼ਟਰੀ, ਅੰਤਰ ਰਾਸ਼ਟਰੀ ਖੇਡ ਮੁਕਾਬਲਿਆਂ ਦੀ ਤਿਆਰੀ ਕਰ ਰਹੇ ਖਿਡਾਰੀਆਂ ਤੋਂ ਇਲਾਵਾ ਹੋਰ ਸਾਰਿਆਂ ਲਈ ਸਪੋਰਟਸ ਕੰਪਲੈਕਸ, ਸਟੇਡੀਅਮ, ਸਵੀਮਿੰਗ ਪੂਲ, ਜਿੰਮ ਵੀ ਬੰਦ ਰਹਿਣਗੇ ਤੇ ਦਰਸ਼ਕਾਂ ‘ਤੇ ਵੀ ਰੋਕ ਰਹੇਗੀ। ਏਸੀ ਬੱਸਾਂ 50 ਪ੍ਰਤੀਸ਼ਤ ਸਮਰੱਥਾਂ ਨਾਲ ਹੀ ਚੱਲ ਸਕਣਗੀਆਂ, ਸਰਕਾਰੀ-ਪ੍ਰਾਈਵੇਟ ਦਫ਼ਤਰਾਂ, ਉਦਯੋਗਾਂ, ਕੰਮਕਾਜ ਵਾਲੇ ਸਥਾਨਾਂ ‘ਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਸਟਾਫ਼ ਨੂੰ ਹੀ ਆਉਣ ਦੀ ਆਗਿਆ ਦਿੱਤੀ ਜਾਵੇਗੀ। ਸਰਕਾਰੀ ਦਫ਼ਤਰਾਂ ਦਾ ਅਮਲਾ 15 ਦਿਨਾਂ ’ਚ ਜ਼ਰੂਰ ਵੈਕਸੀਨੇਸ਼ਨ ਕਰਵਾਏ, ਨਹੀਂ ਵਿਭਾਗੀ ਕਾਰਵਾਈ ਕੀਤੀ ਜਾਵੇਗੀ।
ਸੰਗਰੂਰ (ਗੁਰਦੀਪ ਸਿੰਘ ਲਾਲੀ) ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਰੌਸ਼ਨੀ ਵਿੱਚ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਰਾਮਵੀਰ ਵੱਲੋਂ ਜ਼ਿਲ੍ਹਾ ਸੰਗਰੂਰ ਵਿੱਚ 15 ਜਨਵਰੀ ਤੱਕ ਕੋਵਿਡ-19 ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਹੁਣ ਸਾਰੇ ਜਨਤਕ ਸਥਾਨਾਂ ਤੇ ਕੰਮਕਾਰ ਦੇ ਸਥਾਨਾਂ ਆਦਿ ਉੱਤੇ ਹਰੇਕ ਨਾਗਰਿਕ ਦੁਆਰਾ ਮਾਸਕ ਪਾਉਣਾ ਲਾਜ਼ਮੀ ਕਰ ਦਿੱਤਾ ਗਿਆ ਹੈ ਤੇ ਹਰ ਗਤੀਵਿਧੀ ਦੌਰਾਨ ਘੱਟੋ ਘੱਟ ਛੇ ਫੁੱਟ (ਦੋ ਗਜ਼ ਦੀ ਦੂਰੀ) ਦੇ ਸਮਾਜਿਕ ਦੂਰੀ ਨਿਯਮ ਦੀ ਪਾਲਣਾ ਕਰਨ ਦੀ ਹਦਾਇਤ ਕੀਤੀ ਗਈ ਹੈ। ਰਾਤ ਦਾ ਕਰਫਿਊ ਵੀ ਲਾਗੂ ਕੀਤਾ ਗਿਆ ਹੈ ਜਿਸ ਤਹਿਤ ਸਾਰੇ ਮਿਊਂਸੀਪਲ ਸ਼ਹਿਰਾਂ ਤੇ ਟਾਊਨ ਅੰਦਰ ਸਾਰੀਆਂ ਗੈਰ ਜ਼ਰੂਰੀ ਗਤੀਵਿਧੀਆਂ ’ਤੇ ਰਾਤ 10 ਵਜੇ ਤੋਂ ਅਗਲੀ ਸਵੇਰ 5 ਵਜੇ ਤੱਕ ਪਾਬੰਦੀ ਲਗਾਈ ਗਈ ਹੈ। ਜਦੋਂਕਿ ਸਾਰੀਆਂ ਲਾਜ਼ਮੀ ਗਤੀਵਿਧੀਆਂ ਜਿਨ੍ਹਾਂ ਵਿੱਚ ਵੱਖ ਵੱਖ ਸ਼ਿਫਟਾਂ ਵਿੱਚ ਚੱਲਣ ਵਾਲੇ ਉਦਯੋਗ ਤੇ ਦਫ਼ਤਰ ਆਦਿ ਸ਼ਾਮਲ ਹਨ (ਸਰਕਾਰੀ ਤੇ ਪ੍ਰਾਈਵੇਟ ਦੋਵੇਂ), ਨੈਸ਼ਨਲ ਤੇ ਸਟੇਟ ਹਾਈਵੇਅ ’ਤੇ ਨਾਗਰਿਕਾਂ ਤੇ ਵਸਤਾਂ ਦੀ ਆਵਾਜਾਈ ਤੇ ਸਾਮਾਨ ਦੀ ਅਣਲੋਡਿੰਗ ਤੇ ਬੱਸਾਂ, ਰੇਲ ਗੱਡੀਆਂ ਤੇ ਹਵਾਈ ਜਹਾਜ਼ਾਂ ਰਾਹੀਂ ਯਾਤਰਾ ਕਰਨ ਵਾਲੇ ਲੋਕਾਂ ਨੂੰ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਣ ਦੀ ਛੋਟ ਰਹੇਗੀ
50 ਫ਼ੀਸਦੀ ਸਮਰੱਥਾ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ: ਮਾਧਵੀ ਕਟਾਰੀਆ
ਮਾਲੇਰਕੋਟਲਾ (ਹੁਸ਼ਿਆਰ ਸਿੰਘ ਰਾਣੂ) ਡਿਪਟੀ ਕਮਿਸ਼ਨਰ ਮਾਧਵੀ ਕਟਾਰੀਆ ਨੇ ਦੇਸ਼ ਦੇ 73ਵੇਂ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ, ਮਲੇਰਕੋਟਲਾ ਵਿੱਚ ਕਰਵਾਏ ਜਾਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਡੀ) ਰਜਿੰਦਰ ਬੱਤਰਾ, ਸਹਾਇਕ ਕਮਿਸਨਰ ਗੁਰਮੀਤ ਕੁਮਾਰ ਤੋਂ ਇਲਾਵਾ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਸ਼ਾਮਲ ਹੋਏ। ਡੀਸੀ ਨੇ ਦੱਸਿਆ ਕਿ ਕਰੋਨਾ ਮਹਾਮਾਰੀ ਦੀ ਸੰਭਾਵੀ ਲਹਿਰ ਤੇ ਓਮੀਕ੍ਰੋਨ ਜੋ ਅਜੇ ਵੀ ਚਿੰਤਾ ਦਾ ਕਾਰਨ ਹੈ, ਦੇ ਚੱਲਦਿਆਂ ਕੌਮੀ ਮਹੱਤਤਾ ਵਾਲੇ ਇਸ ਦਿਹਾੜੇ ਮੌਕੇ ਦਰਸ਼ਕਾਂ ਦੀ ਹਾਜ਼ਰੀ ਆਮ ਨਾਲੋਂ 50 ਫ਼ੀਸਦੀ ਜਾਂ ਉਸ ਸਮੇਂ ਦੀਆਂ ਕੋਵਿਡ ਗਾਈਡਲਾਈਨਜ਼ ਅਨੁਸਾਰ ਘੱਟ ਰੱਖੀ ਜਾਵੇਗੀ। ਡੀਸੀ ਨੇ ਸਮਾਗਮ ਸਬੰਧੀ ਕਰਵਾਏ ਜਾਣ ਵਾਲੇ ਕਾਰਜਾਂ ਲਈ ਵੱਖ-ਵੱਖ ਵਿਭਾਗੀ ਕਮੇਟੀਆਂ ਦਾ ਵੀ ਗਠਨ ਕੀਤਾ।