ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 3 ਜੂਨ
ਪੰਜਾਬ ਸਟੂਡੈਂਟਸ ਯੂਨੀਅਨ ਲਲਕਾਰ ਵਲੋਂ ਐਸ.ਸੀ. ਵਿਦਿਆਰਥੀਆਂ ਦਾ ਡਾ. ਅੰਬੇਦਕਰ ਸਕਾਲਰਸ਼ਿਪ ਸਕੀਮ ਤਹਿਤ ਵਜ਼ੀਫਾ ਨਾ ਆਉਣ ’ਤੇ ਜ਼ਿਲ੍ਹਾ ਭਲਾਈ ਅਫ਼ਸਰ ਦੇ ਨਾਂ ਮੰਗ ਪੱਤਰ ਸੌਂਪਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਜਲਦ ਤੋਂ ਜਲਦ ਵਜ਼ੀਫ਼ਾ ਰਾਸ਼ੀ ਜਾਰੀ ਕੀਤੀ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਫੀਸ ਦੀ ਅਦਾਇਗੀ ਕਰਨ ਵਿਚ ਕੋਈ ਮੁਸ਼ਕਲ ਨਾ ਆਵੇ। ਜਥੇਬੰਦੀ ਦੇ ਸੂਬਾ ਕਮੇਟੀ ਮੈਂਬਰ ਗੁਰਪ੍ਰੀਤ ਜੱਸਲ ਅਤੇ ਕਾਲਜ ਕਮੇਟੀ ਮੈਂਬਰ ਅਮਨ ਸੰਗਰੂਰ ਨੇ ਦੱਸਿਆ ਕਿ ਜਿਨ੍ਹਾਂ ਐਸ.ਸੀ. ਵਿਦਿਆਰਥੀਆਂ ਨੇ ਡਾ. ਅੰਬੇਦਕਰ ਸਕਾਲਰਸ਼ਿਪ ਸਕੀਮ ਤਹਿਤ ਵਜ਼ੀਫ਼ਾ ਅਪਲਾਈ ਕੀਤਾ ਸੀ, ਉਨ੍ਹਾਂ ਦਾ ਦੋ ਕਿਸ਼ਤਾਂ ਵਿਚ ਵਜ਼ੀਫ਼ਾ ਆਉਣਾ ਸੀ ਜਿਸ ਵਿਚ 60 ਫੀਸਦੀ ਕੇਂਦਰ ਸਰਕਾਰ ਅਤੇ 40 ਫੀਸਦੀ ਹਿੱਸਾ ਸੂਬਾ ਸਰਕਾਰ ਦਾ ਹੁੰਦਾ ਹੈ। ਹਰ ਸਾਲ ਵਜ਼ੀਫ਼ੇ ਦੀਆਂ ਦੋਵੇਂ ਕਿਸ਼ਤਾਂ ਆਉਣ ਵਿਚ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਰਣਬੀਰ ਕਾਲਜ ਦੇ ਕਾਫ਼ੀ ਵਿਦਿਆਰਥੀਆਂ ਦੀ ਪਹਿਲੀ ਜਾਂ ਦੂਜੀ ਕਿਸ਼ਤ ਨਹੀਂ ਆਈ ਪਰੰਤੂ ਕਾਲਜ ਵਲੋਂ ਬਣਦੀ ਫੀਸ ਭਰਵਾਈ ਜਾ ਰਹੀ ਹੈ ਜਿਨ੍ਹਾਂ ਵਿਦਿਆਰਥੀਆਂ ਨੂੰ ਵਜ਼ੀਫ਼ਾ ਰਾਸ਼ੀ ਨਹੀਂ ਮਿਲੀ ਉਹ ਫੀਸ ਭਰਨ ਤੋਂ ਅਸਮਰੱਥ ਹਨ।