ਗੁਰਦੀਪ ਸਿੰਘ ਲਾਲੀ
ਸੰਗਰੂਰ, 14 ਅਪਰੈਲ
ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਡਾ. ਭੀਮ ਰਾਓ ਅੰਬੇਦਕਰ ਦਾ 130ਵਾਂ ਜਨਮ ਦਿਹਾੜਾ ਪੂਰੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਰਾਜਿੰਦਰ ਸਿੰਘ ਰਾਜਾ ਬੀਰਕਲਾਂ ਵਲੋਂ ਡੀਸੀ ਕੰਪਲੈਕਸ ਵਿਚ ਸਥਿਤ ਡਾ. ਭੀਮ ਰਾਓ ਅੰਬੇਦਕਰ ਦੀ ਪ੍ਰਤਿਮਾ ਤੇ ਸ਼ਰਧਾ ਦੇ ਫੁੱਲ੍ਹ ਭੇਂਟ ਕੀਤੇ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਕਿਹਾ ਕਿ ਅੱਜ ਦੇ ਸਮੇਂ ਵੀ ਸਾਨੂੰ ਬਾਬਾ ਸਾਹਿਬ ਵੱਲੋਂ ਪਾਏ ਗਏ ਪੂਰਨਿਆਂ ’ਤੇ ਚੱਲਣ ਦੀ ਲੋੜ ਹੈ ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਦੇ ਚੇਅਰਮੈਨ ਅਨਿਲ ਕੁਮਾਰ ਘੀਚਾ, ਵਾਈਸ ਚੇਅਰਮੈਨ ਇੰਨਫੋਟੈਕ ਪੰਜਾਬ ਸਤੀਸ਼ ਕਾਂਸਲ, ਅਜੈਬ ਸਿੰਘ ਰਟੌਲਾ ਸੀਨੀਅਰ ਕਾਂਗਰਸੀ ਆਗੂ, ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਜ਼ਿਲ੍ਰਾ ਭਲਾਈ ਅਫ਼ਸਰ ਗੁਰਿੰਦਰਜੀਤ ਸਿੰਘ ਧਾਲੀਵਾਲ ਸਮੇਤ ਹੋਰ ਆਗੂ ਅਤੇ ਅਧਿਕਾਰੀ ਹਾਜ਼ਰ ਸਨ।
ਪਟਿਆਲਾ(ਰਵੇਲ ਸਿੰਘ ਭਿੰਡਰ): ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 130 ਵੇਂ ਜਨਮ ਦਿਹਾੜੇ ਮੌਕੇ ਆਖਿਲ ਭਾਰਤੀ ਵਾਲਮੀਕਿ ਮਹਾਸਭਾ ਭਾਰਤ ਵੱਲੋਂ ਕੌਮੀ ਪ੍ਰਧਾਨ ਹੈਪੀ ਲੋਹਟ ਵਾਲਮੀਕਿ ਦੀ ਅਗਵਾਈ ਹੇਠ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਸ਼੍ਰੋਮਣੀ ਅਕਾਲੀ ਦਲ ਪਟਿਆਲਾ (ਸ਼ਹਿਰੀ) ਦੇ ਪ੍ਰਧਾਨ ਹਰਪਾਲ ਜੁਨੇਜਾ ਵੀ ਪਹੁੰਚੇ। ਇਸ ਮੌਕੇ ਅਕਾਲੀ ਦਲ ਦੇ ਐਸ.ਸੀ. ਵਿੰਗ ਦੇ ਕੌਮੀ ਪ੍ਰਚਾਰ ਸਕੱਤਰ ਹੈਪੀ ਭੀਲ, ਪਵਨ ਭੂਮਕ, ਵਿਕਰਮਜੀਤ ਨਾਹਰ, ਵਿਜੈ ਚੌਹਾਨ, ਸ਼ਾਮ ਲਾਲ ਖੱਤਰੀ, ਪ੍ਰਕਾਸ਼ ਸਹੋਤਾ ਵੀ ਹਾਜ਼ਰ ਸਨ।
ਸੰਗਰੂਰ(ਨਿੱਜੀ ਪੱਤਰ ਪ੍ਰੇਰਕ): ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਦੀ ਅਗਵਾਈ ਹੇਠ ‘ ਆਈ.ਸੀ.ਡੀ.ਐੱਸ. ਸਕੀਮ ਬਚਾਓ- ਬਚਪਨ ਬਚਾਓ ’ ਲਈ ਇਥੇ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਚੱਲ ਰਹੇ ਪੱਕੇ ਮੋਰਚੇ ਦੇ 29ਵੇਂ ਦਿਨ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਡਾ. ਭੀਮ ਰਾਓ ਅੰਬੇਡਕਰ ਦਾ ਜਨਮ ਦਿਨ ਨੂੰ ਅਧਿਕਾਰ ਦਿਵਸ ਵਜੋਂ ਮਨਾਇਆ ਗਿਆ। ਪ੍ਰਦਰਸ਼ਨਕਾਰੀ ਵਰਕਰਾਂ ਵਲੋਂ ਜਿੱਥੇ ਡਾ. ਭੀਮ ਰਾਓ ਅੰਬੇਡਕਰ ਦੀਆਂ ਦੇਸ਼ ਅਤੇ ਸਮਾਜ ਲਈ ਨਿਭਾਈਆਂ ਸੇਵਾਵਾਂ ਨੂੰ ਸਿਜਦਾ ਕੀਤਾ ਗਿਆ ਉਥੇ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਅੱਜ ਪੱਕੇ ਮੋਰਚੇ ਵਿਚ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਗੁਰਮੇਲ ਕੌਰ, ਸ਼ਿੰਦਰ ਕੌਰ ਬੜੀ, ਜੁਆਇੰਟ ਖਜ਼ਾਨਚੀ ਖੁਸ਼ਦੀਪ ਸ਼ਰਮਾ ਜ਼ਿਲ੍ਹਾ ਪਟਿਆਲਾ, ਸਰਬਜੀਤ ਕੌਰ ਆਦਿ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਵਲੋਂ ਦੇਸ਼ ਲਈ ਨਿਭਾਈਆਂ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅੱਜ ਅੰਬੇਡਕਰ ਦੇ ਜਨਮ ਦਿਨ ਨੂੰ ਅਧਿਕਾਰ ਦਿਵਸ ਦੇ ਰੂਪ ਵਿਚ ਮਨਾਉਂਦੇ ਹੋਏ ਆਪਣੇ ਅਧਿਕਾਰਾਂ ਦੀ ਰਾਖੀ ਅਤੇ ਆਂਗਣਵਾੜੀ ਕੇਂਦਰਾਂ ਵਿਚ ਬੱਚਿਆਂ ਦੀਆਂ ਰੌਣਕਾਂ ਵਾਪਸ ਲਿਆਉਣ ਲਈ ਸੰਘਰਸ਼ ਜਾਰੀ ਰੱਖਣ ਦਾ ਅਹਿਮ ਲਿਆ ਗਿਆ।