ਪੱਤਰ ਪ੍ਰੇਰਕ
ਅਮਰਗੜ੍ਹ, 3 ਨਵੰਬਰ
ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਨੇ ਦਾਣਾ ਮੰਡੀ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਦੇ ਨਾਲ ਸੀਨੀਅਰ ਕਾਂਗਰਸੀ ਆਗੂ ਸਮਿਤ ਸਿੰਘ, ਸਰਬਜੀਤ ਸਿੰਘ ਗੋਗੀ, ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪਰਦੀਪ ਜੱਗੀ, ਮਾਰਕੀਟ ਕਮੇਟੀ ਦੇ ਸਕੱਤਰ ਗੁਰਦੀਪ ਸਿੰਘ ਤੇ ਮੈਨੇਜਰ ਰਣਧੀਰ ਸਿੰਘ ਆਦਿ ਮੌਜੂਦ ਸਨ। ਇਸ ਮੌਕੇ ਉਨ੍ਹਾਂ ਮਜਦੂਰਾਂ, ਕਿਸਾਨਾਂ ਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ। ਕਿਸਾਨ ਆਗੂ ਸਰਬਜੀਤ ਸਿੰਘ ਗੋਗੀ ਤੇ ਹੋਰ ਕਿਸਾਨਾਂ ਨੇ ਝੋਨੇ ਦਾ ਝਾੜ ਘੱਟ ਨਿਕਲਣ ਬਾਰੇ ਜਾਣਕਾਰੀ ਦਿੰਦਿਆਂ ਮੰਗ ਕੀਤੀ ਕਿ ਸਰਕਾਰ ਬਾਸਮਤੀ ਦੀਆਂ 1121, 1509 ਤੇ ਹੋਰ ਬਾਸਪਤੀ ਕਿਸਮਾਂ ਦੀ ਖਰੀਦ ਦਾ ਵੀ ਪ੍ਰਬੰਧ ਕਰੇ। ਕਿਸਾਨਾਂ ਨੇ ਦੱਸਿਆ ਕਿ ਇਸ ਵਾਰ ਬੇਮੌਸਮੀ ਬਰਸਾਤ ਨੇ ਝਾੜ ਵਿਚ ਭਾਰੀ ਗਿਰਾਵਟ ਲਿਆਂਦੀ ਹੈ। ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਖਰੀਦ ਪ੍ਰਬੰਧਾਂ ਬਾਰੇ ਤਸੱਲੀ ਪਰਗਟਾਈ।
ਭਰਾਜ ਵੱਲੋਂ ਮੰਡੀਆਂ ਦਾ ਦੌਰਾ
ਭਵਾਨੀਗੜ (ਪੱਤਰ ਪ੍ਰੇਰਕ): ਹਲਕਾ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਅਨਾਜ ਮੰਡੀ ਭਵਾਨੀਗੜ੍ਹ ਅਤੇ ਖਰੀਦ ਕੇਂਦਰ ਨਦਾਮਪੁਰ ਦਾ ਦੌਰਾ ਕਰਕੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਨਾਲ ਐੱਸਡੀਐੱਮ ਭਵਾਨੀਗੜ੍ਹ ਡਾ. ਵਨੀਤ ਕੁਮਾਰ, ਮਾਰਕੀਟ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਅਤੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਕੁਮਾਰ ਮਿੱਤਲ ਵੀ ਮੌਜੂਦ ਸਨ। ਇਸ ਮੌਕੇ ਵਿਧਾਇਕ ਭਰਾਜ ਨੇ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਝੋਨੇ ਦੀ ਖਰੀਦ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਝੋਨੇ ਦੀ ਖਰੀਦ ਸਬੰਧੀ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।