ਕਾਕੜਾ ’ਚ ਦੂਸ਼ਿਤ ਪਾਣੀ ਦੀ ਨਿਕਾਸੀ ਯਕੀਨੀ ਬਣਾਈ ਜਾਵੇਗੀ: ਭਰਾਜ
ਭਵਾਨੀਗੜ੍ਹ, 13 ਜੂਨ
ਪਿਛਲੇ ਲੰਬੇ ਸਮੇਂ ਤੋਂ ਦੂਸ਼ਿਤ ਪਾਣੀ ਦੀ ਨਿਕਾਸੀ ਨਾਲ ਜੂਝ ਰਹੇ ਪਿੰਡ ਕਾਕੜਾ ਵਾਸੀਆਂ ਦੀ ਮੁਸ਼ਕਲ ਹੱਲ ਕਰਨ ਲਈ ਪਿੰਡ ਵਿੱਚ ਕਰੀਬ 21 ਲੱਖ ਰੁਪਏ ਦੀ ਲਾਗਤ ਨਾਲ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪ ਲਾਈਨ ਪਾਈ ਜਾ ਰਹੀ ਹੈ ਤੇ ਨਾਲ ਹੀ ਨਵੇਂ ਟੋਭੇ ਦੀ ਪੁਟਾਈ ਕਰਵਾਈ ਜਾਵੇਗੀ। ਇਹ ਜਾਣਕਾਰੀ ਹਲਕਾ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਿੰਡ ਕਾਕੜਾ ਵਿੱਚ ਇਸ ਪ੍ਰਾਜੈਕਟ ਦਾ ਜਾਇਜ਼ਾ ਲੈਣ ਮੌਕੇ ਸਾਂਝੀ ਕੀਤੀ।
ਉਨ੍ਹਾਂ ਦੱਸਿਆ ਕਿ ਸੀਚੇਵਾਲ ਮਾਡਲ ਪ੍ਰਾਜੈਕਟ ਤਹਿਤ ਸਾਫ਼ ਹੋਣ ਵਾਲਾ ਪਾਣੀ ਪਾਈਪ ਲਾਈਨ ਰਾਹੀਂ ਨਵੇਂ ਟੋਭੇ ਤੱਕ ਪੁੱਜਦਾ ਕੀਤਾ ਜਾਵੇਗਾ ਤੇ ਇਸ ਪ੍ਰੋਜੈਕਟ ਦੇ ਅਗਲੇ ਪੜਾਅ ਤਹਿਤ ਉੱਥੇ ਸੋਲਰ ਮੋਟਰ ਲਾ ਕੇ ਉਹ ਪਾਣੀ ਖੇਤਾਂ ਵਿੱਚ ਸਿੰਜਾਈ ਲਈ ਵਰਤਿਆ ਜਾਵੇਗਾ, ਜਿਸ ਨਾਲ ਖੇਤੀ ਲਈ ਵਰਤੇ ਜਾਣ ਵਾਲੇ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ। ਇਹ ਪ੍ਰਾਜੈਕਟ ਪੂਰਾ ਹੋਣ ਨਾਲ ਪਿੰਡ ਵਾਸੀਆਂ ਦੀ ਚਿਰਕੋਣੀ ਮੰਗ ਪੂਰੀ ਹੋਵੇਗੀ।
ਹਲਕਾ ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਪਿੰਡਾਂ ਵਿੱਚ ਖੇਡ ਸਟੇਡੀਅਮ, ਕਮਿਊਨਿਟੀ ਹਾਲ, ਲਾਇਬਰੇਰੀਆਂ, ਸਟਰੀਟ ਲਾਈਟਾਂ, ਗਲੀਆਂ, ਸਮੇਤ ਵੱਖ-ਵੱਖ ਸਹੂਲਤਾਂ ਬਹੁਤ ਹੀ ਪਾਰਦਰਸ਼ੀ ਢੰਗ ਨਾਲ ਦੇਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਪੰਚਾਇਤ ਸਕੱਤਰ ਬਲਜੀਤ ਸਿੰਘ, ਮੇਜਰ ਸਿੰਘ ਚੱਠਾ ਸਰਪੰਚ, ਭੁਪਿੰਦਰ ਸਿੰਘ ਕਾਕੜਾ, ਤੇਜਵਿੰਦਰ ਸਿੰਘ, ਰਮਨਦੀਪ ਸਿੰਘ, ਹਰਵਿੰਦਰ ਸਿੰਘ ਅਤੇ ਤਨਵੀਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਪਿੰਡ ਵਾਸੀ ਹਾਜ਼ਰ ਸਨ।
ਵਿਧਾਇਕਾ ਨੇ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਨਾਲ ਮਸਲੇ ਵਿਚਾਰੇ
ਭਵਾਨੀਗੜ੍ਹ: ਇੱਥੇ ਅੱਜ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਕਰਕੇ ਮਸਲੇ ਵਿਚਾਰੇ ਗਏ। ਐਸੋਸੀਏਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ, ਜਨਰਲ ਸਕੱਤਰ ਬਲਕਾਰ ਸਿੰਘ, ਮੁੱਖ ਸਰਪ੍ਰਸਤ ਚਰਨ ਸਿੰਘ ਚੋਪੜਾ ਅਤੇ ਜ਼ਿਲ੍ਹਾ ਸਕੱਤਰ ਜਨਰਲ ਸੁਖਦੇਵ ਸਿੰਘ ਭਵਾਨੀਗੜ੍ਹ ਨੇ ਦੱਸਿਆ ਕਿ ਵਫ਼ਦ ਵੱਲੋਂ ਹਲਕਾ ਵਿਧਾਇਕ ਭਰਾਜ ਨਾਲ ਪੈਨਸ਼ਨਰਾਂ ਦੀਆਂ ਹੱਕੀ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਵਿਧਾਇਕਾ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਸਰਕਾਰ ਪਾਸੋਂ ਹੱਲ ਕਰਵਾਉਣ ਲਈ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਵਿਧਾਇਕ ਭਰਾਜ 19 ਜੂਨ ਨੂੰ ਪੈਨਸ਼ਨਰਜ਼ ਐਸੋਸ਼ੀਏਸ਼ਨ ਦੇ ਭਵਾਨੀਗੜ੍ਹ ਦਫਤਰ ਵਿੱਚ ਖ਼ੁਦ ਪਹੁੰਚ ਕੇ ਸਾਰੇ ਪੈਨਸ਼ਨਰਾਂ ਨਾਲ ਰੂਬਰੂ ਹੋ ਕੇ ਵਿਚਾਰ ਚਰਚਾ ਕਰਨਗੇ।