ਰਮੇਸ਼ ਭਾਰਦਵਾਜ
ਲਹਿਰਾਗਾਗਾ, 29 ਮਈ
ਵਿਧਾਨ ਸਭਾ ਹਲਕਾ ਲਹਿਰਾਗਾਗਾ ਵਿੱਚੋਂ ਲੰਘਦੀਆਂ ਸਾਰੀਆਂ ਡਰੇਨਾਂ ਤੇ ਘੱਗਰ ਦਰਿਆ ਦੀ ਸਫਾਈ ਦਾ ਕੰਮ ਬਰਸਾਤਾਂ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹਰ ਹੀਲੇ ਮੁਕੰਮਲ ਕਰ ਲਿਆ ਜਾਵੇਗਾ। ਇਹ ਐਲਾਨ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਪਿੰਡ ਅਲੀਸ਼ੇਰ ਨੇੜਿਓਂ ਲੰਘਦੀ ਲਹਿਰਾਗਾਗਾ ਲਿੰਕ ਡਰੇਨ ਦੀ ਸਫ਼ਾਈ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਕੀਤਾ। ਵਿਧਾਇਕ ਗੋਇਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਘੱਗਰ ਦਰਿਆ ਤੇ ਡਰੇਨਾਂ ਦੀ ਸਫ਼ਾਈ ਸਿਰਫ ਕਾਗਜ਼ਾਂ ਵਿੱਚ ਹੀ ਕੀਤੀ ਜਾਂਦੀ ਰਹੀ ਹੈ ਜਿਸ ਕਰਕੇ ਹਰ ਸਾਲ ਹਲਕਾ ਲਹਿਰਾ ਅੰਦਰ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਘੱਗਰ ਦਰਿਆ ਤੇ ਡਰੇਨਾਂ ਦੇ ਓਵਰਫਲੋਅ ਨਾਲ ਤਬਾਹ ਹੋ ਜਾਂਦੀ ਸੀ ਪਰ ਹੁਣ ਅਜਿਹਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਬੀਤੇ ਦਿਨ ਘੱਗਰ ਦਰਿਆ ਤੇ ਬੁੱਢਾ ਨਾਲਾ ਕਮੇਟੀ ਦੀ ਹੋਈ ਮੀਟਿੰਗ ਵਿੱਚ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ 10 ਜੂਨ ਤੋਂ ਪਹਿਲਾਂ ਹਰ ਹਾਲਤ ਵਿਚ ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕੀਤਾ ਜਾਵੇ।