ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 1 ਅਗਸਤ
ਡੈਮੋਕਰੇਟਿਕ ਟੀਚਰਜ਼ ਫਰੰਟ ਵੱਲੋਂ ਬੇਰੁਜ਼ਗਾਰ 646 ਪੀਟੀਆਈ ਅਧਿਆਪਕਾਂ ਦੀ ਸੁਨਾਮ ਵਿੱਚ ਧੂਹ ਘੜੀਸ ਕਰਦਿਆਂ ਗ੍ਰਿਫ਼ਤਾਰ ਕਰ ਕੇ ਵੱਖ-ਵੱਖ ਥਾਣਿਆਂ ਵਿਚ ਡੱਕਣ ਅਤੇ ਸੰਗਰੂਰ ਵਿੱਚ ਮੁੱਖ ਮੰਤਰੀ ਨਿਵਾਸ ਅੱਗੇ ਪ੍ਰਦਰਸ਼ਨ ਕਰਨ ਵਾਲੇ ਈਟੀਟੀ ਬੇਰੁਜ਼ਗਾਰ ਅਧਿਆਪਕਾਂ ਦੀ ਖਿੱਚ ਧੂਹ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ। ਡੀਟੀਐੱਫ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ 11 ਸਾਲਾਂ ਤੋਂ ਇਨਸਾਫ਼ ਲੈਣ ਲਈ ਜੱਦੋ -ਜਹਿਦ ਕਰ ਰਹੇ 646 ਪੀ.ਟੀ.ਆਈ. ਅਧਿਆਪਕਾਂ ਅਤੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀਆਂ ਮੰਗਾਂ ਦਾ ਹੱਲ ਕਰਨ ਦੀ ਬਜਾਇ ਪੰਜਾਬ ਸਰਕਾਰ ਤਾਨਾਸ਼ਾਹੀ ’ਤੇ ਜ਼ਾਲਮਾਨਾ ਤਰੀਕੇ ਨਾਲ ਹੱਕ ਮੰਗਦੇ ਬੇਰੁਜ਼ਗਾਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਬੇਰੁਜ਼ਗਾਰ ਪੀਟੀਆਈ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਤਹਿਤ ਜਲਦ ਨਿਯੁਕਤੀ ਪੱਤਰ ਜਾਰੀ ਕਰਨ, 6635 ਈਟੀਟੀ ਅਧਿਆਪਕਾਂ ਦੀ ਦੂਜੀ ਲਿਸਟ ਜਾਰੀ ਕਰਨ, 5994 ਈਟੀਟੀ ਅਧਿਆਪਕਾਂ ਦੀ ਭਰਤੀ ਦਾ ਆਨਲਾਈਨ ਪੋਰਟਲ ਖੋਲ੍ਹ ਕੇ ਭਰਤੀ ਪ੍ਰਕਿਰਿਆ ਅੱਗੇ ਵਧਾਉਣ ਦੀ ਮੰਗ ਕੀਤੀ ਹੈ।