ਡੀ ਟੀ ਐੱਫ ਵੱਲੋਂ ਜ਼ਿਲ੍ਹਾ ਖਜ਼ਾਨਾ ਦਫ਼ਤਰ ਅੱਗੇ ਪ੍ਰਦਰਸ਼ਨ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਜ਼ਿਲ੍ਹਾ ਪ੍ਰਧਾਨ ਦਾਤਾ ਸਿੰਘ ਨਮੋਲ ਨੇ ਕਿਹਾ ਕਿ ਖ਼ਜ਼ਾਨਾ ਅਫ਼ਸਰ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ 1 ਦਸੰਬਰ ਤੱਕ ਖ਼ਜ਼ਾਨਾ ਦਫ਼ਤਰਾਂ ਵਿੱਚ ਪ੍ਰਾਪਤ ਹੋਏ ਤਨਖਾਹ ਦੇ ਬਿੱਲਾਂ ਦਾ ਭੁਗਤਾਨ ਕਰ ਦਿੱਤਾ ਗਿਆ ਹੈ, ਜਦਕਿ ਇਸ ਤੋਂ ਬਾਅਦ ਪ੍ਰਾਪਤ ਹੋਏ ਬਿੱਲਾਂ ਦੇ ਭੁਗਤਾਨ ਦੀ ਆਗਿਆ ਹਾਲੇ ਸਰਕਾਰ ਵੱਲੋਂ ਨਹੀਂ ਮਿਲੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਅਜਿਹੀ ਕਾਰਵਾਈ ਮੁਲਾਜ਼ਮ ਵਿਰੋਧੀ ਹੈ। ਵੱਡੀਆਂ-ਵੱਡੀਆਂ ਗੱਲਾਂ ਕਰਨ ਵਾਲੀ ਸਰਕਾਰ ਮੁਲਾਜ਼ਮਾਂ ਦੀਆਂ ਮਹੀਨਾਵਾਰ ਤਨਖ਼ਾਹਾਂ ਵੀ ਸਮੇਂ ਸਿਰ ਦੇਣ ਤੋਂ ਭੱਜ ਰਹੀ ਹੈ, ਇਸ ਕਾਰਨ ਮੁਲਾਜ਼ਮਾਂ ਨੂੰ ਬਹੁਤ ਵਿੱਤੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਨੀਤੀ ਖ਼ਿਲਾਫ਼ ਲਗਾਤਾਰ ਸੰਘਰਸ਼ ਵਿੱਢਿਆ ਜਾਵੇਗਾ ਅਤੇ ਜੇਕਰ ਸੋਮਵਾਰ ਤੱਕ ਸਾਰੇ ਬਿੱਲਾਂ ਦਾ ਭੁਗਤਾਨ ਨਹੀਂ ਕੀਤਾ ਜਾਂਦਾ ਤਾਂ ਜਥੇਬੰਦੀ ਵੱਲੋਂ ਜਲਦੀ ਹੀ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਸੰਗਰੂਰ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਮੁਲਾਜ਼ਮਾਂ ਨੂੰ ਵੀ ਸਰਕਾਰ ਦੀ ਇਸ ਨੀਤੀ ਖ਼ਿਲਾਫ਼ ਜਾਗਰੂਕ ਹੋਣ ਦਾ ਸੁਨੇਹਾ ਦਿੱਤਾ। ਵਫ਼ਦ ਵਿੱਚ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ, ਪ੍ਰੈੱਸ ਸਕੱਤਰ ਜਸਬੀਰ ਨਮੋਲ ਅਤੇ ਬਲਾਕਾਂ ਦੇ ਆਗੂ ਅਤੇ ਕਾਰਕੁਨ ਚੰਦਰ ਸ਼ੇਖਰ, ਜਗਤਾਰ ਲੌਂਗੋਵਾਲ, ਗਗਨਦੀਪ ਭੰਗੂ, ਰਜਿੰਦਰ ਝਾੜੋਂ, ਸੰਜੀਵ ਬਾਂਸਲ ਅਤੇ ਅਮਰਦੀਪ ਸਿੰਘ ਹਾਜ਼ਰ ਸਨ।
