ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 24 ਫਰਵਰੀ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ 32ਵੀਂ ਵਜ਼ੀਫ਼ਾ ਪ੍ਰੀਖਿਆ 27 ਫਰਵਰੀ ਨੂੰ ਜ਼ਿਲ੍ਹਾ ਸੰਗਰੂਰ ਦੇ 12 ਪ੍ਰੀਖਿਆ ਕੇਂਦਰਾਂ ’ਤੇ ਕਰਵਾਈ ਜਾ ਰਹੀ ਹੈ ਜੋ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਹੋਵੇਗੀ। ਫਰੰਟ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ, ਸਕੱਤਰ ਹਰਭਗਵਾਨ ਗੁਰਨੇ ਤੇ ਮਾਸਟਰ ਪਰਮ ਵੇਦ ਨੇ ਦੱਸਿਆ ਕਿ ਇਹ ਪ੍ਰੀਖਿਆ 27 ਫਰਵਰੀ ਨੂੰ ਸਵੇਰੇ 10 ਵਜੇ ਤੋਂ ਹੋਵੇਗੀ। ਸੰਗਰੂਰ ਸ਼ਹਿਰ ਦਾ ਪ੍ਰੀਖਿਆ ਕੇਂਦਰ ਆਦਰਸ਼ (ਮਾਡਲ) ਸੀਨੀਅਰ ਸੈਕੰਡਰੀ ਸਕੂਲ ਸੰਗਰੂਰ ਹੈ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦਾ ਮੁੱਖ ਉਦੇਸ਼ ਪ੍ਰਤਿਭਾ ਦੀ ਸਹੀ ਪਰਖ ਕਰਨਾ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰ ਕੇ ਪੜ੍ਹਾਈ ਪ੍ਰਤੀ ਉਤਸ਼ਾਹਿਤ ਕਰਨਾ ਹੈ। ਇਸ ਪ੍ਰੀਖਿਆ ਵਿੱਚ 100 ਬਹੁ-ਚੋਣਾਵੀ ਪ੍ਰਸ਼ਨਾਂ ਵਾਲਾ ਪ੍ਰਸ਼ਨ ਪੱਤਰ ਪੰਜਾਬੀ ਤੇ ਅੰਗਰੇਜ਼ੀ ਮਾਧਿਅਮਾਂ ਵਿੱਚ ਹੋਵੇਗਾ। ਹਰ ਕੈਟਾਗਰੀ ਅਤੇ ਹਰ ਪੱਧਰ ਵਿੱਚ ਪਹਿਲੇ ਤਿੰਨ ਸਥਾਨਾਂ ’ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਤੇ ਅਗਲੇ ਦਸ ਸਥਾਨਾਂ ਵਾਲੇ ਵਿਦਿਆਰਥੀਆਂ ਨੂੰ ਹੌਂਸਲਾ ਵਧਾਊ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਪ੍ਰੀਖਿਆ ਲਈ ਫ਼ਾਰਮ ਸਾਰੇ ਡੀਟੀਐੱਫ ਕਾਰਕੁਨਾਂ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਤੇ 25 ਫਰਵਰੀ ਤੱਕ ਜਮ੍ਹਾਂ ਕਰਵਾਏ ਜਾ ਸਕਦੇ ਹਨ।